ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਨਹੀਂ ਮਿਲੀ ਰਾਹਤ, ਜੇਲ੍ਹ 'ਚ ਹੀ ਮਨਾਉਣਗੇ ਦੀਵਾਲੀ

11/06/2023 7:37:01 PM

ਚੰਡੀਗੜ੍ਹ : ਕਪੂਰਥਲਾ ਦੇ ਭੁਲੱਥ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਵੀ ਅਦਾਲਤ ਤੋਂ ਰਾਹਤ ਨਹੀਂ ਮਿਲੀ। ਸੁਖਪਾਲ ਖਹਿਰਾ ਇਸ ਵਾਰ ਜੇਲ੍ਹ ਵਿੱਚ ਹੀ ਦੀਵਾਲੀ ਮਨਾਉਣਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਖਪਾਲ ਖਹਿਰਾ ਦੀ ਜ਼ਮਾਨਤ ਮਾਮਲੇ 'ਚ ਫ਼ੈਸਲਾ 14 ਨਵੰਬਰ ਤੱਕ ਟਾਲ ਦਿੱਤਾ ਹੈ।

ਦੱਸ ਦਈਏ ਕਿ ਪਿਛਲੀ ਤਰੀਕ ਨੂੰ ਸਰਕਾਰੀ ਵਕੀਲ ਨੇ ਅਹਿਮ ਤੇ ਜ਼ਰੂਰੀ ਦਸਤਾਵੇਜ਼ ਮਿਲਣ ਦੀ ਗੱਲ ਕਹਿ ਕੇ ਸਮਾਂ ਮੰਗਿਆ ਸੀ ਤੇ ਅਦਾਲਤ ਨੇ 6 ਨਵੰਬਰ ਨੂੰ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਸੁਖਪਾਲ ਖਹਿਰਾ ਦੇ ਕਰੀਬੀ ਜਸਮੀਤ ਸਿੰਘ ਨੇ ਦੱਸਿਆ ਕਿ ਏਜੀ ਅੱਜ ਪੇਸ਼ ਨਹੀਂ ਹੋਏ, ਇਸ ਲਈ ਅਦਾਲਤ ਨੇ ਅਗਲੀ ਸੁਣਵਾਈ 14 ਨਵੰਬਰ ਨੂੰ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ : ਪਟਿਆਲਾ 'ਚ ਕੰਬਾਈਨ-ਬਾਈਕ ਦੀ ਟੱਕਰ 'ਚ ਜਲੰਧਰ 'ਚ ਤਾਇਨਾਤ ਫ਼ੌਜੀ ਦੀ ਮੌਤ
 
ਖਹਿਰਾ ਨੇ ਇਸ ਮਾਮਲੇ 'ਚ ਹਾਈ ਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਅਜੇ ਤੱਕ ਕੋਈ ਰਾਹਤ ਨਹੀਂ ਮਿਲੀ। ਇਸ ਦੇ ਨਾਲ ਹੀ ਖਹਿਰਾ ਨੇ ਹਾਈ ਕੋਰਟ 'ਚ ਇਕ ਹੋਰ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਸਰਕਾਰ ਉਨ੍ਹਾਂ ਖ਼ਿਲਾਫ਼ ਕੋਈ ਨਵਾਂ ਮਾਮਲਾ ਦਰਜ ਕਰ ਸਕਦੀ ਹੈ। ਇਸ ਲਈ ਉਨ੍ਹਾਂ ਨੇ ਇਸ ਪਟੀਸ਼ਨ ਵਿੱਚ ਮੰਗ ਕੀਤੀ ਹੈ ਕਿ ਜੇਕਰ ਉਨ੍ਹਾਂ ਖ਼ਿਲਾਫ਼ ਕੋਈ ਨਵਾਂ ਕੇਸ ਦਰਜ ਹੁੰਦਾ ਹੈ ਤਾਂ ਉਨ੍ਹਾਂ ’ਤੇ ਕੋਈ ਕਾਰਵਾਈ ਨਾ ਕੀਤੀ ਜਾਵੇ।

ਇਹ ਵੀ ਪੜ੍ਹੋ : ਪਤਾ ਪੁੱਛਣ ਬਹਾਨੇ ਆਏ ਬਾਈਕ ਸਵਾਰ ਹਮਲਾਵਰ ਕਿਸਾਨ ਨੂੰ ਗੋਲ਼ੀਆਂ ਮਾਰ ਹੋਏ ਫਰਾਰ

ਜ਼ਿਕਰਯੋਗ ਹੈ ਕਿ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ 2015 ਦੇ ਇਕ ਪੁਰਾਣੇ ਐੱਨਡੀਪੀਐੱਸ ਮਾਮਲੇ ਵਿੱਚ ਜਲਾਲਾਬਾਦ ਪੁਲਸ ਨੇ 28 ਸਤੰਬਰ ਨੂੰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਖਹਿਰਾ ਨੇ ਇਸ ਗ੍ਰਿਫ਼ਤਾਰੀ ਨੂੰ ਬਦਲਾਖੋਰੀ ਦੱਸਿਆ ਸੀ। ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੇ ਜ਼ਮਾਨਤ ਲਈ ਮਾਣਯੋਗ ਅਦਾਲਤ 'ਚ ਅਰਜ਼ੀ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਕਰਦਿਆਂ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀ ਬਹਿਸ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖਦਿਆਂ 2 ਨਵੰਬਰ ਤੇ ਫਿਰ 6 ਨਵੰਬਰ ਦੀ ਤਰੀਕ ਦਿੱਤੀ ਸੀ ਪਰ ਖਹਿਰਾ ਨੂੰ ਅੱਜ ਵੀ ਰਾਹਤ ਨਹੀਂ ਮਿਲ ਸਕੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News