ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤਾ ਜਾਵੇ ਤਲਬ: ਖਹਿਰਾ
Sunday, Jan 11, 2026 - 11:16 AM (IST)
ਚੰਡੀਗੜ੍ਹ (ਵੈੱਬ ਡੈਸਕ): ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਕ ਅਹਿਮ ਅਪੀਲ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤਲਬ ਕਰਨ ਦੀ ਮੰਗ ਕੀਤੀ ਹੈ। ਖਹਿਰਾ ਨੇ ਦੋਸ਼ ਲਾਇਆ ਹੈ ਕਿ ਸਪੀਕਰ ਸੰਧਵਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਇਹ ਝੂਠੀ ਸਹੁੰ ਖਾਧੀ ਸੀ ਕਿ ਉਹ ਇਕ-ਡੇਢ ਮਹੀਨੇ ਦੇ ਅੰਦਰ ਬੇਅਦਬੀ ਦੇ ਮਾਮਲਿਆਂ ਅਤੇ ਬਹਿਬਲ ਕਲਾਂ ਗੋਲੀਕਾਂਡ ਵਿਚ ਇਨਸਾਫ਼ ਯਕੀਨੀ ਬਣਾਉਣਗੇ।
ਖਹਿਰਾ ਨੇ ਇਸ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਨਿਸ਼ਾਨੇ 'ਤੇ ਲਿਆ ਹੈ। ਖਹਿਰਾ ਨੇ ਸਵਾਲ ਕੀਤਾ ਕਿ ਡੇਰਾ ਸੱਚਾ ਸੌਦਾ ਦੇ ਪੈਰੋਕਾਰ ਪ੍ਰਦੀਪ ਕਲੇਰ ਵੱਲੋਂ ਅਦਾਲਤ ਵਿਚ ਬੇਅਦਬੀ ਦੀਆਂ ਘਟਨਾਵਾਂ ਡੇਰਾ ਮੁਖੀ ਰਾਮ ਰਹੀਮ ਦੇ ਇਸ਼ਾਰੇ 'ਤੇ ਹੋਣ ਦੀ ਗੱਲ ਕਬੂਲਣ ਦੇ ਬਾਵਜੂਦ, ਭਗਵੰਤ ਮਾਨ ਸਰਕਾਰ ਨੇ ਹਾਲੇ ਤੱਕ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਦੀ ਹਿੰਮਤ ਕਿਉਂ ਨਹੀਂ ਦਿਖਾਈ।
ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ 2022 ਦੀਆਂ ਚੋਣਾਂ ਤੋਂ ਪਹਿਲਾਂ ਕੀਤੇ ਉਸ ਵਾਅਦੇ ਬਾਰੇ ਸਪਸ਼ਟੀਕਰਨ ਦੇਣ ਲਈ ਕਿਹਾ ਹੈ, ਜਿਸ ਵਿਚ ਉਨ੍ਹਾਂ ਨੇ ਬੇਅਦਬੀ ਮਾਮਲਿਆਂ ਵਿਚ 24 ਘੰਟਿਆਂ ਦੇ ਅੰਦਰ ਇਨਸਾਫ਼ ਦੇਣ ਦੀ ਗੱਲ ਕਹੀ ਸੀ। ਖਹਿਰਾ ਨੇ 2017 ਦੇ ਮੌੜ ਬੰਬ ਧਮਾਕੇ ਦੇ ਪੀੜਤਾਂ ਲਈ ਵੀ ਇਨਸਾਫ਼ ਦੀ ਮੰਗ ਦੁਹਰਾਈ ਹੈ, ਜਿਸ ਦਾ ਵਾਅਦਾ 'ਆਪ' ਆਗੂਆਂ ਵੱਲੋਂ ਵਾਰ-ਵਾਰ ਕੀਤਾ ਗਿਆ ਸੀ।
ਖਹਿਰਾ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਦਾ ਵਿਹਾਰ ਦੁਨੀਆ ਭਰ ਦੇ ਸਿੱਖਾਂ ਨੂੰ ਗੁੰਮਰਾਹ ਕਰਨ ਵਾਲਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਇਕ ਵੱਡਾ ਵਿਸ਼ਵਾਸਘਾਤ ਕਰਨ ਦੇ ਬਰਾਬਰ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਸਿੱਧੀ ਚੁਣੌਤੀ ਦੇ ਰਹੇ ਹਨ।
