ਰੇਤ ਮਾਫੀਆ ਦੀ ਗੁੰਡਾਗਰਦੀ 'ਤੇ ਖਹਿਰਾ ਦਾ ਕੈਪਟਨ 'ਤੇ ਵਾਰ (ਵੀਡੀਓ)

06/22/2018 4:28:14 PM

ਚੰਡੀਗੜ੍ਹ (ਮੀਤ) : ਰੇਤ ਮਾਫੀਆ ਵਲੋਂ ਬੀਤੇ ਦਿਨ 'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਹਮਲਾ ਕਰਨ ਦੇ ਮਾਮਲੇ ਸਬੰਧੀ ਆਮ ਆਦਮੀ ਪਾਰਟੀ ਦੇ ਇਕ ਵਫਦ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਹ ਵਫਦ ਵਿਰੋਧੀ ਧਿਰ ਦੇ ਆਗੂ ਅਤੇ 'ਆਪ' ਦੇ ਸੀਨੀਅਰ ਨੇਤਾ ਸੁਖਪਾਲ ਖਹਿਰਾ ਦੀ ਅਗਵਾਈ 'ਚ ਰਾਜਪਾਲ ਨੂੰ ਮਿਲਿਆ ਅਤੇ ਇਨਸਾਫ ਦਿਵਾਉਣ ਦੀ ਮੰਗ ਕੀਤੀ। 
ਇਸ ਮੌਕੇ ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਦੇ ਵਿਧਾਇਕ 'ਤੇ ਕਾਤਲਾਨਾ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਜੰਗਲ ਰਾਜ ਚੱਲ ਰਿਹਾ ਹੈ, ਜਿਸ ਦੀ ਉਹ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਲਗਾਤਾਰ ਗੈਰ ਕਾਨੂੰਨੀ ਮਾਇਨਿੰਗ ਜਾਰੀ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਇਸ ਮਾਇਨਿੰਗ ਨੂੰ ਤਾਕਤਵਰ ਬਣਾ ਰਹੇ ਹਨ। ਉਨ੍ਹਾਂ ਨੇ ਰਾਜਪਾਲ ਨੂੰ ਉਨ੍ਹਾਂ ਦੇ ਜ਼ਖਮੀ ਹੋਏ ਵਿਧਾਇਕ ਨੂੰ ਇਨਸਾਫ ਦਿਵਾਉਣ ਦੀ ਗੱਲ ਕੀਤੀ ਅਤੇ ਨਾਲ ਹੀ ਇਹ ਵੀ ਕਿਹਾ ਕਿ ਅੱਜ ਪਾਰਟੀ ਵਲੋਂ ਥਾਂ-ਥਾਂ 'ਤੇ ਧਰਨੇ ਲਾਏ ਜਾਣਗੇ। ਜ਼ਿਕਰਯੋਗ ਹੈ ਕਿ ਰਾਜਪਾਲ ਨੇ ਫੋਨ 'ਤੇ ਜ਼ਖਮੀਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਦਾ ਹਾਲ-ਚਾਲ ਵੀ ਪੁੱਛਿਆ।