ਸੁਖਪਾਲ ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ, 14 ਦਿਨਾਂ ਦੀ ਨਿਆਇਕ ਹਿਰਾਸਤ ''ਚ ਭੇਜਿਆ

Saturday, Sep 30, 2023 - 07:10 PM (IST)

ਫਾਜ਼ਿਲਕਾ/ਜਲਾਲਾਬਾਦ- ਭੁਲੱਥ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਜਲਾਲਾਬਾਦ ਪੁਲਸ ਨੇ ਅੱਜ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਖਹਿਰਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਖਹਿਰਾ ਦੇ ਸਮਰਥਨ 'ਚ ਅਦਾਲਤ ਦੇ ਬਾਹਰ ਪਹੁੰਚੀ। ਇਸ ਦੇ ਨਾਲ ਹੀ ਐੱਸ. ਆਈ. ਟੀ. ਨੂੰ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਸਬੂਤ ਮਿਲੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੁਲਸ ਦੀ ਗੱਡੀ 'ਤੇ ਬੈਠ ਰੀਲ ਬਣਾਉਣ ਵਾਲੀ 'ਸ਼ੇਰ ਦੀ ਸ਼ੇਰਨੀ' ਆਈ ਕੈਮਰੇ ਸਾਹਮਣੇ, ਲੋਕਾਂ 'ਤੇ ਕੱਢੀ ਭੜਾਸ

ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਐੱਸ. ਆਈ. ਟੀ. ਨੂੰ ਸਬੂਤ ਮਿਲੇ ਹਨ, ਜੋ ਸੁਖਪਾਲ ਸਿੰਘ ਖਹਿਰਾ ਅਤੇ ਸਮੱਗਲਰ ਗੁਰਦੇਵ ਸਿੰਘ ਵਿਚਕਾਰ ਸੰਬੰਧਾਂ ਦਾ ਪਰਦਾਫਾਸ਼ ਕਰਦੇ ਹਨ। ਖਹਿਰਾ ਨੇ ਗੁਰਦੇਵ ਸਿੰਘ ਦੀ ਮਦਦ ਲਈ ਫਰੀਦਕੋਟ ਦੇ ਆਈਜੀ ਅਤੇ ਫਿਰੋਜ਼ਪੁਰ ਦੇ ਡੀ. ਆਈ. ਜੀ. ਨੂੰ ਫੋਨ ਕੀਤੇ ਸਨ। ਇਹੀ ਕਾਰਨ ਹੈ ਕਿ ਪੁਲਸ ਖਹਿਰਾ ਦਾ ਫੋਨ ਬਰਾਮਦ ਕਰਨਾ ਚਾਹੁੰਦੀ ਹੈ ਅਤੇ ਪੁਲਸ ਨੇ ਪਿਛਲੀ ਪੇਸ਼ੀ 'ਚ ਇਸ ਦੇ ਆਧਾਰ 'ਤੇ ਰਿਮਾਂਡ ਵੀ ਹਾਸਲ ਕੀਤਾ ਸੀ।
ਸੁਖਪਾਲ ਸਿੰਘ ਖਹਿਰਾ ਅਤੇ ਗੁਰਦੇਵ ਸਿੰਘ ਵਿਚਕਾਰ ਫੋਨ 'ਤੇ ਗੱਲਬਾਤ ਹੁੰਦੀ ਰਹਿੰਦੀ ਸੀ। ਸੁਖਪਾਲ ਸਿੰਘ ਖਹਿਰਾ ਦੇ ਕੁੱਲ 3 ਫੋਨ ਸਨ। ਪੁਲਸ ਇਨ੍ਹਾਂ ਮੋਬਾਈਲਾਂ ਨੂੰ ਬਰਾਮਦ ਕਰਨਾ ਚਾਹੁੰਦੀ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਕੱਪਲ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪੋਸਟ, ਪਤੀ ਨੇ ਦੱਸੀ ਅਸਲ ਸੱਚਾਈ

ਜ਼ਿਕਰਯੋਗ ਹੈ ਕਿ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 28 ਸਤੰਬਰ ਨੂੰ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਹ ਗ੍ਰਿਫ਼ਤਾਰੀ ਚੰਡੀਗੜ੍ਹ ਪੁਲਸ ਨੇ ਨਹੀਂ, ਸਗੋਂ ਜਲਾਲਾਬਾਦ ਪੁਲਸ ਵੱਲੋਂ ਕੀਤੀ ਗਈ। ਪੁਲਸ ਅਨੁਸਾਰ ਇਹ ਕਾਰਵਾਈ ਖਹਿਰਾ ਖ਼ਿਲਾਫ 2015 ਦੇ ਐੱਨ. ਡੀ. ਪੀ. ਐੱਸ. ਮਾਮਲੇ 'ਚ ਕੀਤੀ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਸੁਖਪਾਲ ਖਹਿਰਾ ਖ਼ਿਲਾਫ਼ ਨਸ਼ਾ ਤਸਕਰੀ (ਐੱਨ. ਡੀ. ਪੀ. ਐੱਸ. ਐਕਟ) ਦਾ ਪੁਰਾਣਾ ਮਾਮਲਾ ਸੀ, ਜਿਸ 'ਤੇ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਬਾਅਦ ਖਹਿਰਾ ਦਾ ਮੈਡੀਕਲ ਕਰਵਾਉਣ ਉਪਰੰਤ ਉਨ੍ਹਾਂ ਨੂੰ ਜਲਾਲਾਬਾਦ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ 2 ਦਿਨ ਦਾ ਰਿਮਾਂਡ ਦਿੱਤਾ ਗਿਆ ਅਤੇ ਅੱਜ ਮੁੜ ਅਦਾਲਤ ਵਿਚ ਪੇਸ਼ ਕਰਕੇ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। 
ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਖ਼ਿਲਾਫ਼ 2015 ਦੇ ਇਕ ਪੁਰਾਣੇ ਡਰੱਗ ਮਾਮਲੇ 'ਚ ਜਾਂਚ ਚੱਲ ਰਹੀ ਸੀ। ਹੁਣ ਉਸ ਨੂੰ ਡੀ. ਆਈ. ਜੀ. ਦੀ ਅਗਵਾਈ ਵਾਲੀ ਐੱਸ. ਆਈ. ਟੀ. ਦੀ ਰਿਪੋਰਟ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐੱਸ. ਆਈ. ਟੀ. ਵਿੱਚ ਦੋ ਐੱਸ. ਐੱਸ. ਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ:  ਵਿਜੀਲੈਂਸ ਦੀ ਵੱਡੀ ਕਾਰਵਾਈ, ਹਿਰਾਸਤ 'ਚ ਲਿਆ ਸੀਨੀਅਰ ਅਕਾਲੀ ਆਗੂ

ਜਾਣੋ ਕੀ ਹੈ ਮਾਮਲਾ?
ਸਾਲ 2015 ਵਿੱਚ ਜਲਾਲਾਬਾਦ ਪੁਲਸ ਨੇ ਮਾਰਕੀਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ 'ਚੋਂ 1 ਕਿਲੋ ਤੋਂ ਵਧੇਰੇ ਹੈਰੋਇਨ, ਸੋਨੇ ਦੇ ਬਿਸਕੁਟ, ਇੱਕ ਦੇਸੀ .315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਹੈ। ਇਸ ਮਾਮਲੇ ਵਿੱਚ ਖਹਿਰਾ ਦਾ ਨਾਂ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ। ਖਹਿਰਾ ਦੇ ਨਾਲ-ਨਾਲ ਨਿੱਜੀ ਸੁਰੱਖਿਆ ਅਧਿਕਾਰੀ, ਨਿੱਜੀ ਸਹਾਇਕ , ਯੂਕੇ ਨਿਵਾਸੀ ਚਰਨਜੀਤ ਕੌਰ ਅਤੇ ਮੇਜਰ ਸਿੰਘ ਬਾਜਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 31 ਅਕਤੂਬਰ 2017 ਨੂੰ ਫਾਜ਼ਿਲਕਾ ਅਦਾਲਤ ਨੇ ਨੌਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਸੀ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ।

ਮੁੜ ਕਾਰਵਾਈ ਕਿਉਂ ?
ਹਾਲਾਂਕਿ 2015 'ਚ ਖਹਿਰਾ ਨੂੰ ਸੁਪਰੀਮ ਕੋਰਟ ਨੇ ਰਾਹਤ ਦੇ ਦਿੱਤੀ ਸੀ। ਸੁਪਰੀਮ ਕੋਰਟ ਨੇ 2015 ਦੇ ਡਰੱਗਜ਼ ਜ਼ਬਤੀ ਕੇਸ ਵਿੱਚ ਫਾਜ਼ਿਲਕਾ ਦੀ ਇੱਕ ਅਦਾਲਤ ਵੱਲੋਂ ਖਹਿਰਾ ਵਿਰੁੱਧ ਸੰਮਨ ਜਾਰੀ ਕਰਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ ਪਰ ਜਲਾਲਾਬਾਦ ਪੁਲਸ ਮੁਤਾਬਕ ਉਨ੍ਹਾਂ ਨੂੰ ਖਹਿਰਾ ਖ਼ਿਲਾਫ਼ ਸਬੂਤ ਮਿਲ ਗਏ ਹਨ, ਜਿਸ ਕਾਰਨ ਹੁਣ ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇਗੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News