ਬੇਅਦਬੀ ਮਾਮਲੇ : ਸੁਖਪਾਲ ਖਹਿਰਾ ਨੇ ਸਰਕਾਰ ''ਤੇ ਚੁੱਕੇ ਸਵਾਲ

Friday, Apr 10, 2026 - 11:06 AM (IST)

ਬੇਅਦਬੀ ਮਾਮਲੇ : ਸੁਖਪਾਲ ਖਹਿਰਾ ਨੇ ਸਰਕਾਰ ''ਤੇ ਚੁੱਕੇ ਸਵਾਲ

ਚੰਡੀਗੜ੍ਹ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਬੇਅਦਬੀ ਦੇ ਪੰਜਵੇਂ ਮਾਮਲੇ ਨੂੰ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਇਸ ਨੂੰ ਸਰਕਾਰ ਦੀ "ਪੂਰੀ ਅਸਫਲਤਾ" ਕਰਾਰ ਦਿੱਤਾ ਹੈ। ਖਹਿਰਾ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਜਾਣਕਾਰੀ ਵਿਚ ਦੱਸਿਆ ਕਿ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਬਾਰੀ ਦੀਆਂ ਘਟਨਾਵਾਂ ਨੂੰ 11 ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਇਤਰਾਜ਼ ਜਤਾਇਆ ਕਿ ਇੰਨੇ ਲੰਬੇ ਸਮੇਂ ਬਾਅਦ ਵੀ ਇਨ੍ਹਾਂ ਪੰਜ ਮਾਮਲਿਆਂ ਵਿਚੋਂ ਕਿਸੇ ਵਿਚ ਵੀ ਦੋਸ਼ ਤੈਅ ਨਹੀਂ ਕੀਤੇ ਗਏ ਹਨ।

ਉਨ੍ਹਾਂ ਮੁੱਖ ਮੰਤਰੀ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਸਵਾਲ ਕੀਤਾ ਕਿ ਬਤੌਰ ਗ੍ਰਹਿ ਮੰਤਰੀ ਉਨ੍ਹਾਂ ਨੇ ਡੇਰਾ ਸੱਚਾ ਸੌਦਾ ਮੁਖੀ ਵਿਰੁੱਧ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਵਾਲੀ ਫਾਈਲ ਨੂੰ 3 ਸਾਲਾਂ ਤੋਂ ਵੱਧ ਸਮੇਂ ਤੱਕ ਕਿਉਂ ਰੋਕ ਕੇ ਰੱਖਿਆ? ਵਿਧਾਨ ਸਭਾ ਦੇ ਆਗਾਮੀ ਵਿਸ਼ੇਸ਼ ਸੈਸ਼ਨ ਬਾਰੇ ਟਿੱਪਣੀ ਕਰਦਿਆਂ ਖਹਿਰਾ ਨੇ ਕਿਹਾ ਕਿ 13 ਅਪ੍ਰੈਲ ਨੂੰ ਨਵੇਂ ਕਾਨੂੰਨ ਬਣਾਉਣ ਲਈ ਸੈਸ਼ਨ ਬੁਲਾਉਣ ਦਾ ਕੋਈ ਮਤਲਬ ਨਹੀਂ ਹੈ ਜੇਕਰ ਸਰਕਾਰ ਪੁਰਾਣੇ ਕੇਸਾਂ ਵਿਚ ਇਨਸਾਫ਼ ਨਹੀਂ ਦਿਵਾ ਸਕਦੀ। ਉਨ੍ਹਾਂ ਕਿਹਾ ਕਿ ਕੋਈ ਵੀ ਫੌਜਦਾਰੀ ਕਾਨੂੰਨ ਪਿਛਲੀ ਤਰੀਕ ਤੋਂ ਲਾਗੂ ਨਹੀਂ ਕੀਤਾ ਜਾ ਸਕਦਾ, ਇਸ ਲਈ ਇਹ ਸੈਸ਼ਨ ਮਹਿਜ਼ ਇਕ "PR ਅਭਿਆਸ" ਸਾਬਤ ਹੋਵੇਗਾ। ਖਹਿਰਾ ਨੇ ਮੰਗ ਕੀਤੀ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਇਨਸਾਫ਼ ਦਿਵਾਉਣ ਦੇ ਨਾਮ 'ਤੇ ਪੰਜਾਬ ਦੇ ਲੋਕਾਂ ਨਾਲ ਕਥਿਤ ਤੌਰ 'ਤੇ ਝੂਠ ਬੋਲਣ ਲਈ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਜਨਤਕ ਤੌਰ 'ਤੇ ਮੁਆਫੀ ਮੰਗਣ।


author

Gurminder Singh

Content Editor

Related News