ਪੰਜਾਬ ਵਿਧਾਨ ਸਭਾ ਸਪੀਕਰ ਵਲੋਂ ਖਹਿਰਾ ਨੂੰ 15 ਦਿਨਾਂ ਦਾ ਨੋਟਿਸ ਜਾਰੀ

Monday, Jan 21, 2019 - 03:59 PM (IST)

ਪੰਜਾਬ ਵਿਧਾਨ ਸਭਾ ਸਪੀਕਰ ਵਲੋਂ ਖਹਿਰਾ ਨੂੰ 15 ਦਿਨਾਂ ਦਾ ਨੋਟਿਸ ਜਾਰੀ

ਚੰਡੀਗੜ੍ਹ (ਰਮਨਜੀਤ, ਵਰੁਣ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਨ ਸਭਾ ਮੈਂਬਰੀ ਰੱਦ ਕਰਨ ਸਬੰਧੀ 15 ਦਿਨਾਂ ਦਾ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਭਾਰਤ ਦੇ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਹਰਸਿਮਰਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਮੇਤਲਾ, ਭੁਲੱਥ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ 10 ਜਨਵਰੀ ਅਤੇ 16 ਜਨਵਰੀ, 2019 ਨੂੰ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਖਹਿਰਾ ਦੀ ਵਿਧਾਇਕੀ ਰੱਦ ਕਰਨ ਸਬੰਧੀ ਸਪੀਕਰ ਕੋਲ ਪਟੀਸ਼ਨ ਦਾਇਰ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਹਦਾਇਤ ਮੁਤਾਬਕ ਖਹਿਰਾ ਨੂੰ ਜਵਾਬ ਦੇਣ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਅਤੇ ਪੁੱਛਿਆ ਗਿਆ ਹੈ ਕਿ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਉਸ ਵਿਰੁੱਧ ਕਾਰਵਾਈ ਕਿਉਂ ਨਾ ਆਰੰਭੀ ਜਾਵੇ। ਬੁਲਾਰੇ ਨੇ ਦੱਸਿਆ ਕਿ ਜੇਕਰ ਦਿੱਤੇ ਗਏ ਸਮੇਂ 'ਚ ਖਹਿਰਾ ਵਲੋਂ ਕੋਈ ਜਵਾਬ ਨਾ ਆਇਆ ਤਾਂ ਇਹ ਸਮਝਿਆ ਜਾਵੇਗਾ ਕਿ ਉਹ ਇਸ ਮਾਮਲੇ 'ਚ ਕੁਝ ਨਹੀਂ ਕਹਿਣਾ ਚਾਹੁੰਦੇ। 
 


author

Babita

Content Editor

Related News