ਨਸ਼ਿਆਂ ਦੇ ਮੁੱਦੇ ''ਤੇ ਕੈਪਟਨ ਆਪਣਾ ਵਾਅਦਾ ਭੁੱਲ ਗਏ : ''ਆਪ''

Tuesday, Jul 03, 2018 - 07:02 AM (IST)

ਨਸ਼ਿਆਂ ਦੇ ਮੁੱਦੇ ''ਤੇ ਕੈਪਟਨ ਆਪਣਾ ਵਾਅਦਾ ਭੁੱਲ ਗਏ : ''ਆਪ''

ਚੰਡੀਗੜ੍ਹ(ਰਮਨਜੀਤ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨੇ ਅੱਜ ਸੂਬੇ ਵਿਚ ਨਸ਼ਿਆਂ ਦੇ ਪ੍ਰਕੋਪ ਨੂੰ ਲੈ ਕੇ ਰਾਜਧਾਨੀ ਚੰਡੀਗੜ੍ਹ 'ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਰੁੱਧ ਰੋਸ ਧਰਨਾ ਦਿੱਤਾ। ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਭਗਵੰਤ ਮਾਨ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ, ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਅਤੇ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਦੀ ਅਗਵਾਈ ਹੇਠ 'ਆਪ' ਲੀਡਰਸ਼ਿਪ ਨੇ ਜਿਵੇਂ ਹੀ ਐੱਮ. ਐੱਲ. ਏ. ਹੋਸਟਲ ਤੋਂ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਵੱਲ ਰੋਸ ਮਾਰਚ ਸ਼ੁਰੂ ਕੀਤਾ ਤਾਂ ਭਾਰੀ ਗਿਣਤੀ 'ਚ ਮੌਜੂਦ ਪੁਲਸ ਫੋਰਸ ਨੇ 'ਆਪ' ਆਗੂਆਂ ਨੂੰ ਐੱਮ. ਐੱਲ. ਏ. ਹੋਸਟਲ ਦੇ ਗੇਟ 'ਤੇ ਹੀ ਘੇਰ ਲਿਆ ਅਤੇ 'ਆਪ' ਲੀਡਰਸ਼ਿਪ ਉੱਥੇ ਹੀ ਰੋਸ ਧਰਨੇ ਉੱਪਰ ਬੈਠ ਗਈ। ਇਸ ਮੌਕੇ 'ਆਪ' ਲੀਡਰਸ਼ਿਪ ਨੇ ਨਸ਼ਿਆਂ ਦੇ ਮੁੱਦੇ ਉਤੇ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ (ਕੈਪਟਨ) ਵਲੋਂ ਸ੍ਰੀ ਗੁਟਕਾ ਸਾਹਿਬ ਹੱਥ ਵਿਚ ਫੜਕੇ ਚੁੱਕੀ ਸਹੁੰ ਨੂੰ ਯਾਦ ਕਰਾਉਂਦੇ ਹੋਏ ਦੋਸ਼ ਲਾਇਆ ਕਿ ਬਾਦਲਾਂ ਨਾਲ ਸਿਆਸੀ ਸਾਂਝ ਨਿਭਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਗਏ। ਆਮ ਆਦਮੀ ਪਾਰਟੀ ਨੇ ਇਸ ਬੇਹੱਦ ਗੰਭੀਰ ਸਥਿਤੀ 'ਤੇ ਕਾਬੂ ਪਾਉਣ ਲਈ ਮਾਣਯੋਗ ਹਾਈਕੋਰਟ ਦੀ ਨਿਗਰਾਨੀ ਹੇਠ ਸੀ. ਬੀ. ਆਈ. ਦੀ ਨਿਰਪੱਖ ਜਾਂਚ ਮੰਗੀ। ਇਸ ਮੌਕੇ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਨਸ਼ਿਆਂ ਦੀ ਦਲਦਲ 'ਚ ਇਸ ਕਦਰ ਧੱਕਣ ਲਈ ਸਾਬਕਾ ਅਕਾਲੀ ਮੰਤਰੀ ਅਤੇ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਨੂੰ ਮੁੱਖ ਸਰਗਣਾ ਕਰਾਰ ਦਿੱਤਾ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਨਸ਼ਿਆਂ ਨੂੰ ਰੋਕਣ ਲਈ ਬੁਰੀ ਤਰ੍ਹਾਂ ਫ਼ੇਲ ਹੋਏ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਕਿਹਾ ਕਿ ਮੋਗਾ ਦੇ ਐੱਸ. ਐੱਸ. ਪੀ. ਰਾਜਜੀਤ ਸਿੰਘ ਸਮੇਤ ਡੀ. ਜੀ. ਪੀ. ਦਿਨਕਰ ਗੁਪਤਾ ਅਤੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੂੰ ਬਿਨਾਂ ਦੇਰੀ ਉੱਚ ਅਹੁਦਿਆਂ ਤੋਂ ਹਟਾਇਆ ਜਾਵੇ। ਧਰਨੇ 'ਤੇ ਸੰਬੋਧਨ ਦੌਰਾਨ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਸੰਦੀਪ ਸੰਧੂ ਪਹੁੰਚੇ ਅਤੇ ਉਨ੍ਹਾਂ ਆਮ ਆਦਮੀ ਪਾਰਟੀ ਦਾ ਮੰਗ-ਪੱਤਰ ਲੈਂਦੇ ਹੋਏ ਮੁੱਖ ਮੰਤਰੀ ਵੱਲੋਂ ਕੱਲ ਦੁਪਹਿਰ ਢਾਈ ਵਜੇ 'ਆਪ' ਲੀਡਰਸ਼ਿਪ ਦੇ ਵਫ਼ਦ ਨਾਲ ਨਸ਼ਿਆਂ ਦੇ ਮੁੱਦੇ 'ਤੇ ਗੱਲਬਾਤ ਕਰਨ ਦਾ ਸੱਦਾ ਦਿੱਤਾ, ਜਿਸ ਨੂੰ ਸਵੀਕਾਰ ਕਰਦੇ ਹੋਏ 'ਆਪ' ਲੀਡਰਸ਼ਿਪ ਨੇ ਧਰਨਾ ਸਮਾਪਤ ਕਰ ਦਿੱਤਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੱਲ ਦੀ ਮੁੱਖ ਮੰਤਰੀ ਨਾਲ ਬੈਠਕ ਉਪਰੰਤ ਹੀ ਪਾਰਟੀ ਨਸ਼ਿਆਂ ਵਿਰੁੱਧ ਅਗਲਾ ਪ੍ਰੋਗਰਾਮ ਤੈਅ ਕਰੇਗੀ।


Related News