ਸੀ. ਬੀ. ਆਈ. ਦੀ ਦੁਰ-ਵਰਤੋਂ ਕਰ ਰਹੀ ਭਾਜਪਾ : ਖਹਿਰਾ
Tuesday, Feb 05, 2019 - 04:19 PM (IST)
ਮੋਗਾ (ਗੋਪੀ ਰਾਊਕੇ): ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਅੱਜ ਇੱਥੇ ਮੋਗਾ ਵਿਖੇ ਜ਼ਿਲਾ ਪ੍ਰਧਾਨ ਜਗਦੀਪ ਸਿੰਘ ਜੈਮਲਵਾਲਾ ਵਲੋਂ ਪਾਰਟੀ ਦਫਤਰ 'ਚ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਹੈ ਕਿ ਕੇਂਦਰ 'ਚ ਕਾਂਗਰਸ ਦੀ ਸਰਕਾਰ ਹੁੰਦਿਆਂ ਸੀ.ਬੀ.ਆਈ. ਨੂੰ ਪਿੰਜਰੇ ਦਾ ਤੋਤਾ ਤੱਕ ਕਹਿਣ ਵਾਲੇ ਭਾਜਪਾ ਆਗੂ ਅੱਜ ਖੁਦ ਸੀ.ਬੀ.ਆਈ. ਦਾ ਦੁਰ ਉਪਯੋਗ ਕਰਨ ਲੱਗੇ ਹਨ ਜੋ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਦੀ ਦੁਰਵਰਤੋ ਦਾ ਇਸ ਤੋਂ ਪ੍ਰਤੱਖ ਪ੍ਰਮਾਣ ਮਿਲਦਾ ਹੈ ਕਿ ਜਿਨ੍ਹਾਂ ਸੂਬਿਆਂ ਵਿਚ ਭਾਜਪਾ ਜਾਂ ਇਸਦੇ ਭਾਈਵਾਲਾ ਦੀਆਂ ਸੂਬਾਈ ਸਰਕਾਰਾਂ ਹਨ, ਉੱਥੇ ਭ੍ਰਿਸ਼ਟਾਚਾਰ ਜਾਂ ਹੋਰ ਮਾਮਲਿਆਂ ਵਿਚ ਸੀ.ਬੀ.ਆਈ. ਵੱਲੋਂ ਕੋਈ ਪੜਤਾਲ ਨਹੀਂ ਕੀਤੀ ਜਾ ਰਹੀ ਸਗੋਂ ਉਨ੍ਹਾਂ ਸਿਆਸੀ ਵਿਰੋਧੀਆਂ ਤੇ ਹੀ ਸੀ.ਬੀ.ਆਈ. ਜਾਂਚ ਕੀਤੀ ਜਾ ਰਹੀ ਹੈ ਜੋ ਭਾਜਪਾ ਵਿਰੋਧੀ ਹਨ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਵਲੋਂ ਮਜਬੂਰੀਵਸ਼ ਵਿਦੇਸ਼ਾਂ ਵੱਲ ਕੂਚ ਕਰਨ ਦੇ ਮਾਮਲੇ ਤੇ ਤਿੱਖਾ ਪ੍ਰਤੀਕ੍ਰਮ ਜਾਹਿਰ ਕਰਦਿਆਂ ਕਿਹਾ ਕਿ ਪੰਜਾਬ ਵਿਚ ਨੌਜਵਾਨਾਂ ਲਈ ਕੋਈ ਰੁਜਗਾਰ ਨਹੀਂ ਹੈ।
ਉਨ੍ਹਾਂ ਇੱਕ ਸਵਾਲ ਦੇ ਜੁਆਬ 'ਚ ਕਿਹਾ ਕਿ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨਫਰਤ ਭਰੀ ਰਾਜਨੀਤੀ ਕਰ ਰਿਹਾ ਹੈ, ਜਿਸ ਕਰਕੇ ਉਹ ਰੋਜਾਨਾ ਅਜਿਹੇ ਬਿਆਨ ਦੇ ਰਿਹਾ ਹੈ ਕਿ ਜੇਕਰ ਪੰਜਾਬੀ ਏਕਤਾ ਪਾਰਟੀ ਡੈਮੋਕ੍ਰੇਟਿਕ ਅਲਾਇੰਸ ਵਿਚ ਸ਼ਾਮਲ ਰਹੇਗੀ ਤਾਂ ਆਮ ਆਦਮੀ ਪਾਰਟੀ ਇਸਦਾ ਹਿੱਸਾ ਨਹੀਂ ਬਣੇਗੀ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਹੀ ਕੁਝ ਹੋਰ ਹੈ, ਜਿਸਦੇ ਲਈ ਅਸੀਂ ਪੰਜਾਬ ਬਚਾਉਣ ਲਈ ਕੰਮ ਕਰ ਰਹੇ ਹਾਂ। ਇਸ ਮੌਕੇ ਜ਼ਿਲਾ ਪ੍ਰਧਾਨ ਜਗਦੀਪ ਸਿੰਘ ਜੈਮਲਵਾਲਾ ਨੇ ਪੁੱਜੇ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪਾਰਟੀ ਦੇ ਮੀਤ ਪ੍ਰਧਾਨ ਅਤੇ ਵਿਧਾਇਕ ਜੈਤੋਂ ਮਾ. ਬਲਦੇਵ ਸਿੰਘ ਵੀ ਉਚੇਚੇ ਤੌਰ 'ਤੇ ਹਾਜ਼ਰ ਸਨ।