ਸੁਖਪਾਲ ਖਹਿਰਾ ਬੋਲੇ, ਨਵਜੋਤ ਸਿੱਧੂ ਅਜੇ ਕਾਂਗਰਸ ਦੇ ਪ੍ਰਧਾਨ, ਅਸਤੀਫ਼ਾ ਦਿੱਤਾ ਪਰ ਮਨਜ਼ੂਰ ਨਹੀਂ ਹੋਇਆ

03/29/2022 6:24:59 PM

ਲੁਧਿਆਣਾ : ਨਵਜੋਤ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਦੀ ਮੀਟਿੰਗ ਹੋਈ। ਇਸ ਮੀਟਿੰਗ ਉਪਰੰਤ ਬੋਲਦਿਆਂ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਕਾਂਗਰਸ ਵਿਚ ਕਿਸੇ ਤਰ੍ਹਾਂ ਦੀ ਧੜੇਬੰਦੀ ਨਹੀਂ ਹੈ। ਖਹਿਰਾ ਨੇ ਕਿਹਾ ਕਿ ਇਸ ਨੂੰ ਕਿਸੇ ਧੜੇ ਨਾਲ ਜੋੜ ਕੇ ਨਾ ਵੇਖਿਆ ਜਾਵੇ। ਇਹ ਕਾਂਗਰਸ ਪਾਰਟੀ ਦੀ ਮੀਟਿੰਗ ਹੈ ਜੋ ਪਾਰਟੀ ਦੇ ਪ੍ਰਧਾਨ ਦੀ ਅਗਵਾਈ ਹੇਠ ਹੋਈ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੇ ਭਾਵੇਂ ਸੂਬੇ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਹੈ ਪਰ ਇਹ ਅਸਤੀਫ਼ਾ ਅਜੇ ਤਕ ਪ੍ਰਵਾਨ ਨਹੀਂ ਹੋਇਆ ਹੈ। ਨਵਜੋਤ ਸਿੱਧੂ ਅਜੇ ਵੀ ਪ੍ਰਧਾਨ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ’ਤੇ ਕੇਂਦਰੀ ਰੂਲ ਲਾਗੂ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਸੁਖਪਾਲ ਖਹਿਰਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਮੁਲਾਜ਼ਮਾਂ ’ਤੇ ਲਏ ਗਏ ਫ਼ੈਸਲੇ ’ਤੇ ਵਿਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਲਗਾਤਾਰ ਪੰਜਾਬ ਦੇ ਸੰਘੀ ਢਾਂਚੇ ’ਤੇ ਸੱਟ ਮਾਰ ਰਿਹਾ ਹੈ ਅਤੇ ਚੰਡੀਗੜ੍ਹ ਨੂੰ ਲਗਾਤਾਰ ਆਪਣੇ ਅਧੀਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੰਜਾਬ ਦੀ ਪਛਾਣ ਹੈ ਅਤੇ ਭਾਜਪਾ ਨੇ ਸਾਡੀ ਜ਼ੁਬਾਨ ’ਤੇ ਸੱਟ ਮਾਰੀ ਹੈ। ਖਹਿਰਾ ਨੇ ਕਿਹਾ ਕਿ ਕਾਂਗਰਸ ਪਹਿਲਾਂ ਹੀ ਗੈਰ ਪੰਜਾਬੀਆਂ ਨੂੰ ਰਾਜ ਸਭਾ ਮੈਂਬਰ ਬਣਾਏ ਜਾਣ ਦਾ ਵਿਰੋਧ ਕਰ ਰਹੀ ਸੀ, ਜਦਕਿ ਹੁਣ ਰਾਘਵ ਚੱਢਾ ਵਰਗੇ ਆਗੂ ਚੰਡੀਗੜ੍ਹ ਮਸਲੇ ’ਤੇ ਕੁੱਝ ਬੋਲਣ ਦੀ ਬਜਾਏ ਮਾਡਲਿੰਗ ਕਰ ਰਹੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਉਦਯੋਗਪਤੀਆਂ ਨੂੰ ਰਾਜ ਸਭਾ ਭੇਜਿਆ ਗਿਆ ਹੈ, ਜਿਹੜੇ ਸਰਕਾਰ ਦੇ ਡਰ ਤੋਂ ਕੁੱਝ ਬੋਲਣਗੇ ਹੀ ਨਹੀਂ।

ਇਹ ਵੀ ਪੜ੍ਹੋ : ਚੰਡੀਗੜ੍ਹ ’ਤੇ ਕੇਂਦਰ ਦੇ ਫ਼ੈਸਲੇ ’ਤੇ ਪੰਜਾਬ ਸਰਕਾਰ ਨੂੰ ਸਖ਼ਤ ਇਤਰਾਜ਼, ਦਿੱਤੀ ਇਹ ਚਿਤਾਵਨੀ

ਖਹਿਰਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦੇ ਹਨ ਕਿ ਪੰਜਾਬ ’ਚੋਂ ਇਕ ਵਫਦ ਪ੍ਰਧਾਨ ਮੰਤਰੀ ਨਾਲ ਇਸ ਮਸਲੇ ’ਤੇ ਮੁਲਾਕਾਤ ਕਰੇ, ਜਿਸ ਵਿਚ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਸ਼ਾਮਲ ਕੀਤਾ ਜਾਵੇ, ਜੇ ਪ੍ਰਧਾਨ ਮੰਤਰੀ ਨਹੀਂ ਮੰਨਦੇ ਹਨ ਤਾਂ ਅਗਲਾ ਪ੍ਰੋਗਰਾਮ ਉਲੀਕਿਆ ਜਾਵੇ ਜ਼ਮੀਨ ’ਤੇ ਉੱਤਰ ਕੇ ਪ੍ਰਦਰਸ਼ਨ ਕੀਤਾ ਜਾਵੇ ਤਾਂ ਜੋ ਦੇਸ਼ ਨੂੰ ਪਤਾ ਲੱਗ ਸਕੇ ਕਿ ਕਿਸ ਤਰ੍ਹਾਂ ਪੰਜਾਬ ਨਾਲ ਧੱਕਾ ਕੀਤਾ ਜਾ ਰਿਹਾ ਹੈ। ਜੇ ਫਿਰ ਵੀ ਗੱਲ ਨਹੀਂ ਬਣਦੀ ਤਾਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇ।

ਇਹ ਵੀ ਪੜ੍ਹੋ : ਚੰਡੀਗੜ੍ਹ ਵਾਲੇ ਮਸਲੇ ’ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ, ਆਖੀ ਵੱਡੀ ਗੱਲ

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਕਾਂਗਰਸ ਵਰਕਰ ’ਤੇ ਹਮਲਾ ਕੀਤਾ ਗਿਆ, ਜਿਸ ਦੀ ਬਾਅਦ ਵਿਚ ਮੌਤ ਹੋ ਗਈ। ਇਸ ਮਾਮਲੇ ਵਿਚ ਅਜੇ ਤਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਇਸ ਤੋਂ ਇਲਾਵਾ ਪਹਿਲਾਂ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ 20 ਗੋਲ਼ੀਆਂ ਮਾਰ ਕੇ ਕਤਲ ਕੀਤਾ ਗਿਆ ਅਤੇ ਹੁਣ ਨਵਾਂਸ਼ਹਿਰ ਵਿਚ ਇਕ ਨੌਜਵਾਨ ਦਾ 18 ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਨੂੰ ਦੇਖ ਕੇ ਲੱਗਦਾ ਹੈਕਿ ਪੰਜਾਬ ਵਿਚ ਲਾਅ ਐਂਡ ਆਰਡਰ ਨਾਂ ਦੀ ਕੋਈ ਚੀਜ਼ ਨਹੀਂ ਹੈ।

ਇਹ ਵੀ ਪੜ੍ਹੋ : ਦਿਲ ਕੰਬਾਉਣ ਵਾਲੇ ਹਾਦਸੇ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, 6 ਮਹੀਨੇ ਦੇ ਪੁੱਤ ਸਣੇ ਮਾਤਾ-ਪਿਤਾ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News