ਅਧਿਕਾਰੀ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰਵਾਉਣ : ਸਰਕਾਰੀਆ

07/01/2019 10:58:23 AM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਰਿਹਾਇਸ਼ ਨਿਰਮਾਣ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਨੇ ਰਿਹਾਇਸ਼ ਨਿਰਮਾਣ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਅਣਥੱਕ ਮਿਹਨਤ ਨਾਲ ਕੰਮ ਕਰਨ ਦੀ ਕੀਤੀ ਹੈ, ਜਿਸ ਨਾਲ ਸੂਬੇ ਦੇ ਨਿਰਮਾਣ 'ਚ ਨਵੇਂ ਯੁੱਗ ਦੀ ਸ਼ੁਰੂਆਤ ਹੋ ਸਕੇ। ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਪਹਿਲੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਉਨ੍ਹਾਂ ਨੇ ਵਿਕਾਸ ਕਾਰਜਾਂ ਅਤੇ ਹੋਰ ਮੁੱਦਿਆਂ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਵਿਭਾਗ ਦੇ ਕੰਟਰੀ ਅਤੇ ਟਾਊਨ ਪਲਾਨਿੰਗ ਵਿੰਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਹ ਸੂਬੇ ਦੇ ਵੱਖ-ਵੱਖ ਸ਼ਹਿਰਾਂ ਲਈ ਮਾਸਟਰ ਪਲਾਨ ਤਿਆਰ ਕਰਨ ਦੀ ਦਿਸ਼ਾ ਵੱਲ ਕੰਮ ਕਰ ਰਹੇ ਹਨ। ਉਨ੍ਹਾਂ ਦੱÎਸਿਆ ਕਿ ਹੁਣ ਤੱਕ 43 ਮਾਸਟਰ ਪਲਾਨ ਤਿਆਰ ਕੀਤੇ ਗਏ ਹਨ, ਜਿਸ 'ਚ 100 ਸ਼ਹਿਰਾਂ ਨੂੰ ਕਵਰ ਕੀਤਾ ਗਿਆ ਹੈ। ਉਨ੍ਹਾਂ ਦੱÎਸਿਆ ਕਿ ਇਨ੍ਹਾਂ 'ਚੋਂ 25 ਮਾਸਟਰ ਪਲਾਨਜ਼ ਨੂੰ ਮਾਲੀਆ ਅਧਾਰਿਤ ਅਤੇ ਜੀ. ਆਈ. ਐੱਸ. ਸਮਰੱਥ ਬਣਾਇਆ ਗਿਆ ਹੈ। ਮੀਟਿੰਗ ਦੌਰਾਨ ਮੰਤਰੀ ਨੂੰ ਸੀ.ਟੀ.ਪੀ. ਵਿੰਗ ਵਲੋਂ ਚੇਂਜ ਆਫ਼ ਲੈਂਡ ਯੂਜ਼ ਜਾਰੀ ਕਰਨ ਦੀ ਪ੍ਰਕਿਰਿਆ, ਲੇਆਊਟ ਪਲਾਨਜ਼ ਅਤੇ ਬਿਲਡਿੰਗ ਪਲਾਨਜ਼ ਦੀ ਮਨਜ਼ੂਰੀ ਸਬੰਧੀ ਕੰਮਾਂ ਤੋਂ ਜਾਣੂ ਕਰਵਾਇਆ ਗਿਆ।

ਗਮਾਡਾ ਦੇ ਅਧਿਕਾਰ ਖੇਤਰ 'ਚ ਆਉਣ ਵਾਲੇ ਖੇਤਰਾਂ 'ਚ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਵਿਚਾਰ ਚਰਚਾ ਦੌਰਾਨ ਕਜੌਲੀ ਵਾਟਰ ਵਰਕਸ ਪ੍ਰਾਜੈਕਟ ਦਾ ਮੁੱਦਾ ਵੀ ਵਿਚਾਰਿਆ ਗਿਆ। ਸਰਕਾਰੀਆ ਨੇ ਸਬੰਧਤ ਇੰਜੀਨੀਅਰਿੰਗ ਸਟਾਫ਼ ਨੂੰ ਇਸ ਪ੍ਰਾਜੈਕਟ ਨੂੰ ਪਹਿਲ ਦੇ ਅਧਾਰ 'ਤੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਮੋਹਾਲੀ ਦੇ ਵਸਨੀਕਾਂ ਨੂੰ ਜਲਦੀ ਤੋਂ ਜਲਦੀ ਪਾਣੀ ਦੀ ਢੁੱਕਵੀਂ ਸਪਲਾਈ ਮਿਲ ਸਕੇ। ਗਲਾਡਾ ਦੇ ਮੁੱਖ ਪ੍ਰਸ਼ਾਸਕ ਨੇ ਹਲਵਾਰਾ ਵਿਖੇ ਨਵੇਂ ਬਣ ਰਹੇ ਕੌਮਾਂਤਰੀ ਹਵਾਈ ਅੱਡੇ ਦੀ ਸਥਿਤੀ ਬਾਰੇ ਜਾਣੂ ਕਰਵਾਇਆ।
ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਨੇ ਅਰਬਨ ਹਾਟ ਪ੍ਰਾਜੈਕਟ ਸਬੰਧੀ ਜਾਣਕਾਰੀ ਸਾਂਝੀ ਕੀਤੀ, ਜਿਸ ਨੂੰ ਕਿ ਪੀ. ਪੀ. ਪੀ. (ਜਨਤਕ ਨਿੱਜੀ ਭਾਈਵਾਲੀ) ਤਹਿਤ ਟੂਰਿਸਟ ਐਂਡ ਫੂਡ ਜੰਕਸ਼ਨ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਵਿਕਾਸ ਅਥਾਰਟੀਆਂ ਦੇ ਮੁੱਖ ਪ੍ਰਸ਼ਾਸਕਾਂ ਨੇ ਨੇੜਲੇ ਭਵਿੱਖ ਵਿਚ ਵਿਕਸਿਤ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਸਬੰਧੀ ਜਾਣਕਾਰੀ ਸਾਂਝੀ ਕਰਨ ਦੇ ਨਾਲ ਨਾਲ ਵਿਭਿੰਨ ਸ਼ਹਿਰੀ ਖੇਤਰਾਂ 'ਚ ਵਿਕਾਸ ਦੀ ਸਥਿਤੀ ਤੋਂ ਜਾਣੂ ਕਰਵਾਇਆ। ਵਧੀਕ ਮੁੱਖ ਸਕੱਤਰ ਨੇ ਵਿਕਾਸ ਕਾਰਜਾਂ 'ਚ ਅੜਿੱਕਾ ਪੈਦਾ ਕਰਨ ਵਾਲੇ ਵਿਭਿੰਨ ਮੁੱਦੇ ਵੀ ਸਰਕਾਰੀਆ ਦੇ ਧਿਆਨ 'ਚ ਲਿਆਂਦੇ, ਜਿਸ ਤੋਂ ਬਾਅਦ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਆਪਣੇ ਕੈਬਨਿਟ ਸਾਥੀਆਂ ਨਾਲ ਮਿਲ ਕੇ ਇਨ੍ਹਾਂ ਮੁੱਦਿਆਂ ਨੂੰ ਜਲਦੀ ਹੱਲ ਕਰਨਗੇ।


Babita

Content Editor

Related News