ਬੁੱਢਾ ਦਲ ਦੀ ਅਗਵਾਈ ''ਚ ਪਟਿਆਲਾ ਤੋਂ ਸੁਲਤਾਨਪੁਰ ਲੋਧੀ ਲਈ ਨਗਰ ਕੀਰਤਨ ਰਵਾਨਾ

Sunday, Sep 22, 2019 - 06:12 PM (IST)

ਬੁੱਢਾ ਦਲ ਦੀ ਅਗਵਾਈ ''ਚ ਪਟਿਆਲਾ ਤੋਂ ਸੁਲਤਾਨਪੁਰ ਲੋਧੀ ਲਈ ਨਗਰ ਕੀਰਤਨ ਰਵਾਨਾ

ਪਟਿਆਲਾ (ਜੋਸਨ) : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਪੰਜਵਾਂ ਤਖ਼ਤ ਬੁੱਢਾ ਦਲ 96ਵੇਂ ਕਰੋੜੀ ਜਥੇਦਾਰ ਬਾਬਾ ਬਲਬੀਰ ਸਿੰਘ, ਖਾਲਸਾ ਸ਼ਤਾਬਦੀ ਕਮੇਟੀ ਦੀ ਦੇਖ-ਰੇਖ ਹੇਠ ਅੱਜ ਸੈਂਕੜੇ ਸੰਗਤਾਂ ਨਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਤੋਂ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਇਆ। ਨਗਰ ਕੀਰਤਨ ਨੂੰ ਰਵਾਨਾ ਕਰਨ ਮੌਕੇ ਬਾਬਾ ਬਲਬੀਰ ਸਿੰਘ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਐੱਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸ਼ਵਿੰਦਰ ਸਿੰਘ ਸੱਭਰਵਾਲ, ਬਾਬਾ ਮੋਹਨ ਸਿੰਘ ਬਾਰਨ ਵਾਲੇ, ਸਕੱਤਰ ਬੁੱਢਾ ਦਲ ਦਿਲਜੀਤ ਸਿੰਘ ਬੇਦੀ, ਮੈਨੇਜਰ ਕਰਨੈਲ ਸਿੰਘ ਨਾਭਾ ਅਤੇ ਸ਼ਹਿਰ ਦੀਆਂ ਵੱਖ-ਵੱਖ ਧਾਰਮਕ ਸੋਸਾਇਟੀਆਂ ਆਦਿ ਹਾਜ਼ਰ ਸਨ।

ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋਏ ਨਗਰ ਕੀਰਤਨ ਦੌਰਾਨ ਫੁੱਲਾਂ ਨਾਲ ਸਜੀ ਪਾਲਕੀ ਦੇ ਨਾਲ-ਨਾਲ ਸੰਗਤਾਂ ਸਿਮਰਨ ਕਰਦੀਆਂ ਚੱਲ ਰਹੀਆਂ ਸਨ। ਸੰਗਤਾਂ ਫੁੱਲਾਂ ਦੀ ਵਰਖਾ ਨਾਲ ਪੰਜ ਪਿਆਰਿਆਂ ਅਤੇ ਗੁਰੂ ਸਾਹਿਬ ਦੀ ਪਾਲਕੀ ਦਾ ਸਵਾਗਤ ਕਰ ਰਹੀਆਂ ਸਨ। ਨਗਰ ਕੀਰਤਨ ਦੌਰਾਨ ਨਿਹੰਗ ਸਿੰਘ ਬਾਣੇ ਰੂਪੀ ਪਹਿਰਾਵੇ 'ਚ ਖਿੱਚ ਦਾ ਕੇਂਦਰ ਬਣੇ ਰਹੇ।

ਪ੍ਰਕਾਸ਼ ਦਿਹਾੜੇ ਮੌਕੇ ਸੰਗਤ ਸਰਬ-ਸਾਂਝੀਵਾਲਤਾ ਦੇ ਸੁਨੇਹੇ ਨੂੰ ਅਮਲੀਜਾਮਾ ਪਹਿਨਾਏ : ਜਥੇ.ਬਲਬੀਰ ਸਿੰਘ
ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਰਾਹੀਂ ਸਮੁੱਚੀ ਮਨੁੱਖਤਾ ਨੂੰ ਸਰਬ-ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਅਤੇ ਸੰਗਤ ਪ੍ਰਕਾਸ਼ ਦਿਹਾੜੇ ਮੌਕੇ ਭਾਈਚਾਰਕ ਸਾਂਝ ਏਕਤਾ ਦੀ ਮਿਸਾਲ ਦਿੰਦੇ ਹੋਏ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅਮਲੀਜਾਮਾ ਪਹਿਨਾਏ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪ੍ਰਕਾਸ਼ ਦਿਹਾੜੇ ਸਬੰਧੀ ਬੁੱਢਾ ਦਲ ਵੱਲੋਂ ਵੱਖ-ਵੱਖ ਥਾਵਾਂ 'ਤੇ ਕੀਤੇ ਜਾ ਰਹੇ ਸਮਾਗਮ ਪੂਰੇ ਜਾਹੋ-ਜਲਾਲ ਨਾਲ ਮਨਾਏ ਜਾ ਰਹੇ ਹਨ। ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਫਲਸਫੇ ਨੂੰ ਸਮੁੱਚੀ ਲੋਕਾਈ ਤੱਕ ਪਹੁੰਚਾਉਣ ਦਾ ਉਪਰਾਲਾ ਵੀ ਕੀਤਾ ਜਾ ਰਿਹਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਧਾਰਮਕ ਜਥੇਬੰਦੀਆਂ ਦਾ ਸ਼੍ਰੋਮਣੀ ਕਮੇਟੀ ਨੂੰ ਕੀਤਾ ਜਾ ਰਿਹਾ ਸਹਿਯੋਗ ਚੰਗਾ ਉਪਰਾਲਾ ਹੈ।


author

Gurminder Singh

Content Editor

Related News