ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ : ਭਾਈ ਲੌਂਗੋਵਾਲ

11/04/2019 10:29:41 AM

ਅੰਮ੍ਰਿਤਸਰ/ਸੁਲਤਾਨਪੁਰ ਲੋਧੀ (ਦੀਪਕ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ 'ਚ ਸੰਗਤਾਂ ਪਹੁੰਚ ਰਹੀਆਂ ਹਨ। ਸ਼੍ਰੋਮਣੀ ਕਮੇਟੀ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦੇ 13 ਦਿਨਾ ਕੌਮਾਂਤਰੀ ਸਮਾਗਮ 1 ਨਵੰਬਰ ਤੋਂ ਆਰੰਭ ਹੋ ਚੁੱਕੇ ਹਨ, ਜਿਨ੍ਹਾਂ ਦੀ ਸਮਾਪਤੀ 13 ਨਵੰਬਰ ਨੂੰ ਹੋਵੇਗੀ। 5 ਨਵੰਬਰ ਨੂੰ ਕੌਮਾਂਤਰੀ ਨਗਰ ਕੀਰਤਨ, ਜੋ 1 ਅਗਸਤ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਸੀ, ਭਾਰਤ ਦੇ ਵੱਖ-ਵੱਖ ਸੂਬਿਆਂ 'ਚੋਂ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦੇਸ਼-ਵਿਦੇਸ਼ ਦੀਆਂ ਸੰਗਤਾਂ 'ਚ ਭਾਰੀ ਉਤਸ਼ਾਹ ਕਾਰਣ ਹੁਣ ਤੋਂ ਹੀ ਸੁਲਤਾਨਪੁਰ ਲੋਧੀ 'ਚ ਚਾਰੇ ਪਾਸੇ ਭਾਰੀ ਰੌਣਕਾਂ ਲੱਗ ਚੁੱਕੀਆਂ ਹਨ।

ਇਥੋਂ ਦੇ ਮੁੱਖ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਦੂਰ-ਦੂਰ ਤੱਕ ਮੱਥਾ ਟੇਕਣ ਵਾਲੇ ਸ਼ਰਧਾਲੂਆਂ ਦੀਆਂ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਸੰਗਤਾਂ ਦੇ ਮੱਥਾ ਟੇਕਣ ਲਈ ਸ਼੍ਰੋਮਣੀ ਕਮੇਟੀ ਵਲੋਂ ਆਰਜ਼ੀ ਤੌਰ 'ਤੇ ਵੱਖ-ਵੱਖ ਲਾਂਘੇ ਬਣਾਏ ਗਏ ਹਨ ਤਾਂ ਜੋ ਸੰਗਤ ਨੂੰ ਮੱਥਾ ਟੇਕਣ ਲੱਗਿਆਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸੰਗਤ ਦੀ ਰਿਕਾਰਡਤੋੜ ਆਮਦ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪ੍ਰਬੰਧਾਂ ਨੂੰ ਹੋਰ ਵਿਸਥਾਰਤ ਕਰ ਦਿੱਤਾ ਗਿਆ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਭਾਈ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 13 ਨਵੰਬਰ ਤੱਕ ਪਾਵਨ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਲੱਖਾਂ ਦੀ ਗਿਣਤੀ 'ਚ ਸੰਗਤਾਂ ਦੇਸ਼-ਵਿਦੇਸ਼ ਤੋਂ ਪਹੁੰਚ ਰਹੀਆਂ ਹਨ। ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦੀ 5 ਨਵੰਬਰ ਨੂੰ ਗੁ. ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਮਾਪਤੀ ਬੜੇ ਜਾਹੋ-ਜਲਾਲ ਨਾਲ ਹੋਵੇਗੀ। ਇਸ ਦੌਰਾਨ ਸਿੱਖ ਪੰਥ ਦੀਆਂ ਨਿਹੰਗ ਸਿੰਘ ਜਥੇਬੰਦੀਆਂ ਆਪਣੇ ਰਵਾਇਤੀ ਜਲੌ ਦਿਖਾਉਣਗੀਆਂ।


Baljeet Kaur

Content Editor

Related News