ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਬਣਾਉਣਾ ਸਿੱਖਾਂ ਲਈ ਅਭੁੱਲ ਤੋਹਫ਼ਾ ਹੋਵੇਗਾ : ਹਰਸਿਮਰਤ
Saturday, Sep 28, 2019 - 08:48 PM (IST)

ਚੰਡੀਗੜ੍ਹ,(ਅਸ਼ਵਨੀ): ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਦੱਸਿਆ ਕਿ ਕੇਂਦਰ ਸਰਕਾਰ ਨੇ ਸਮਾਰਟ ਸਿਟੀਜ਼ ਮਿਸ਼ਨ ਦੇ ਸਿਧਾਂਤਾਂ ਅਨੁਸਾਰ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਲਈ ਪੰਜਾਬ ਸਰਕਾਰ ਨੂੰ 27.11 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਇਸ ਪਵਿੱਤਰ ਸ਼ਹਿਰ ਨੂੰ ਸਮਾਰਟ ਸਿਟੀ ਦਾ ਰੂਪ ਦੇਣਾ ਸਮੁੱਚੀ ਸਿੱਖ ਸੰਗਤ ਵਾਸਤੇ ਇਕ ਅਭੁੱਲ ਤੋਹਫਾ ਹੋਵੇਗਾ। ਇਸ ਦਾ ਖੁਲਾਸਾ ਕਰਦਿਆਂ ਹਰਸਿਮਰਤ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਉਨ੍ਹਾਂ ਨੂੰ ਸ਼ਾਨਦਾਰ ਸ਼ਰਧਾਂਜ਼ਲੀ ਦੇਣ ਲਈ ਇਸ ਪ੍ਰਾਜੈਕਟ ਵਾਸਤੇ 135.5 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ।
ਪਵਿੱਤਰ ਨਗਰੀ ਦੇ ਵਿਕਾਸ ਤੇ ਸੁਰੱਖਿਆ ਲਈ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਬਾਕੀ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਸੁਬਾਈ ਪੁਲਸ ਦਸਤਿਆਂ ਦੇ ਆਧੁਨਿਕੀਕਰਨ ਲਈ ਤਿਆਰ ਕੀਤੀ ਸਕੀਮ ਤਹਿਤ ਕਰਤਾਰਪੁਰ ਲਾਂਘੇ ਵਾਸਤੇ ਡੇਰਾ ਬਾਬਾ ਨਾਨਕ ਵਿਖੇ ਮਜ਼ਬੂਤ ਸੁਰੱਖਿਆ ਢਾਂਚੇ ਦੀ ਉਸਾਰੀ ਲਈ ਪੰਜਾਬ ਸਰਕਾਰ ਨੂੰ 15.78 ਕਰੋੜ ਰੁਪਏ ਦੀ ਸਹਾਇਤਾ ਲਈ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 150 ਪੁਲਸ ਕਰਮਚਾਰੀਆਂ ਲਈ ਰਿਹਾਇਸ਼ ਦੀ ਸਹੂਲਤ ਸਮੇਤ ਪੁਲਸ ਸਟੇਸ਼ਨਾਂ ਤੇ ਦਫਤਰਾਂ ਦੀ ਉਸਾਰੀ ਤੋਂ ਇਲਾਵਾ 50 ਰਿਹਾਇਸ਼ੀ ਫਲੈਟਾਂ ਦੀ ਉਸਾਰੀ ਕੀਤੀ ਜਾਵੇਗੀ। ਹਰਸਿਮਰਤ ਨੇ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਵਾਸਤੇ ਅਨੁਮਾਨਿਤ ਸਿਵਲ ਖਰਚਿਆਂ ਤੇ ਜ਼ਮੀਨ ਐਕੁਆਇਰ ਕਰਨ ਵਰਗੀਆਂ ਉਸਾਰੀ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਲਈ ਕ੍ਰਮਵਾਰ 94 ਕਰੋੜ ਤੇ 26 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ।