ਸੁਲਤਾਨਪੁਰ ਲੋਧੀ ''ਚ ਬੰਦ ਹੋਣ ਸ਼ਰਾਬ ਦੇ ਠੇਕਿਆਂ ਸਣੇ ਮੀਟ ਦੀਆਂ ਦੁਕਾਨਾਂ (ਵੀਡੀਓ)

Saturday, Dec 21, 2019 - 11:15 AM (IST)

ਸੁਲਤਾਨਪੁਰ ਲੋਧੀ (ਵਿਕਰਮ)— ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਬਤੀਤ ਕੀਤਾ ਸੀ, ਉੱਥੋਂ ਦੇ ਲੋਕ ਹੁਣ ਸ਼ਹਿਰ 'ਚੋਂ ਸ਼ਰਾਬਬੰਦੀ ਅਤੇ ਮੀਟ ਦੀਆਂ ਦੁਕਾਨਾਂ ਚੁਕਵਾਉਣ ਦੀ ਮੰਗ ਕਰ ਰਹੇ ਹਨ। ਇਸੇ ਮੰਗ ਨੂੰ ਲੈ ਕੇ ਭਾਈ ਲਖਵੀਰ ਸਿੰਘ ਪਿਛਲੇ ਕਈ ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਸਨ। ਭੁੱਖ ਹੜਤਾਲ ਕਾਰਨ ਉਨ੍ਹਾਂ ਦਾ 10 ਕਿਲੋ ਭਾਰ ਘੱਟ ਗਿਆ ਹੈ, ਜਿਸ ਕਾਰਨ ਬੀਤੀ ਰਾਤ ਉਨ੍ਹਾਂ ਨੂੰ ਪੁਲਸ ਨੇ ਜਬਰੀ ਚੁੱਕ ਕੇ ਸਿਵਲ ਹਸਪਤਾਲ 'ਚ ਦਾਖਲ ਕਰਵਾ ਦਿੱਤਾ ਹੈ।

'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਪ੍ਰਮੁੱਖ ਸੇਵਾਦਾਰ ਭਾਈ ਸੁਖਜੀਤ ਸਿੰਘ ਖੋਸਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਸਹੁੰ ਖਾਧੀ ਸੀ ਪਰ ਉਨ੍ਹਾਂ ਨੂੰ ਸ਼ਾਇਦ ਹੁਣ ਆਪਣੀ ਕਸਮ ਯਾਦ ਨਹੀਂ। ਉਨ੍ਹਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਕਰਨੀ ਚਾਹੀਦੀ ਹੈ। ਪਿਛਲੀ ਦਿਨੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਹੈ ਅਤੇ ਸਮਾਗਮਾਂ ਦੀ ਸਮਾਪਤੀ ਦੇ ਬਾਅਦ ਪਵਿੱਤਰ ਧਰਤੀ 'ਤੇ ਸ਼ਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਖੁੱਲ੍ਹੀਆਂ ਹਨ, ਜਿਨ੍ਹਾਂ ਨੂੰ ਬੰਦ ਕੀਤਾ ਜਾਣਾ ਹੈ।

ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਈ ਵਾਰ ਇਸ ਮੰਗ ਤੋਂ ਜਾਣੂ ਕਰਵਾਇਆ ਗਿਆ ਹੈ ਪਰ ਇਸ ਮੰਗ ਵਲ ਕਿਸੇ ਨੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਤਕ ਸਰਕਾਰ ਇਸ ਮੰਗ ਨੂੰ ਪੂਰਾ ਨਹੀਂ ਕਰਦੀ, ਉਦੋਂ ਤਕ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ।


author

shivani attri

Content Editor

Related News