ਜਲੰਧਰ : ਕੈਪਟਨ ਦਾ ਹਵਾਈ ਸਰਵੇਖਣ, ਫੌਜ ਤੋਂ ਕੀਤੀ ਮਦਦ ਦੀ ਮੰਗ
Thursday, Aug 22, 2019 - 01:14 PM (IST)
ਜਲੰਧਰ (ਵੈੱਬ ਡੈਸਕ) : ਪੰਜਾਬ ਵਿਚ ਪਏ ਭਾਰੀ ਮੀਂਹ ਨਾਲ ਆਏ ਹੜ੍ਹ ਕਰਕੇ ਪ੍ਰਭਾਵਿਤ ਹੋਏ ਇਲਾਕਿਆਂ ਨਵਾਂਸ਼ਹਿਰ, ਲੁਧਿਆਣਾ, ਫਿਲੌਰ, ਸ਼ਾਹਕੋਟ ਤੇ ਲੋਹੀਆਂ ਦਾ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਹਵਾਈ ਸਰਵੇਖਣ ਕੀਤਾ ਗਿਆ। ਆਪਣੇ ਫੇਸਬੁੱਕ ਪੇਜ਼ 'ਤੇ ਪੋਸਟ ਪਾਉਂਦੇ ਹੋਏ ਕੈਪਟਨ ਨੇ ਲਿਖਿਆ ਹੈ ਕਿ 30 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ ਤੇ 108 ਪਿੰਡਾਂ ਦੀ ਫ਼ਸਲ ਖ਼ਰਾਬ ਹੋਣ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਤਲੁਜ ਦਰਿਆ ਵਿਚ 14 ਵਾਰ ਪਾੜ ਪੈ ਚੁੱਕਿਆ ਹੈ ਤੇ ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਉਨ੍ਹਾਂ ਵੱਲੋਂ ਫੌਜ ਤੋਂ ਮਦਦ ਦੀ ਮੰਗ ਕੀਤੀ ਗਈ ਹੈ।
ਦੱਸ ਦੇਈਏ ਕਿ ਬੀਤੇ ਦਿਨੀਂ ਭਾਰੀ ਮੀਂਹ ਤੋਂ ਬਾਅਦ ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਵਿਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੂਪਨਗਰ ਵਿਚ ਹੜ੍ਹ ਨਾਲ ਪ੍ਰਭਾਵਿਤ ਹੋਏ ਖੇਤਰਾਂ ਦਾ ਦੌਰਾ ਕੀਤਾ ਸੀ, ਉਦੋਂ ਕੈਪਟਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ 100 ਕਰੋੜ ਦੀ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ।