ਪ੍ਰਕਾਸ਼ ਪੁਰਬ 'ਤੇ ਸਰਕਾਰ ਵਲੋਂ ਵੱਖਰਾ ਸਮਾਗਮ ਰੱਖਣਾ ਠੀਕ ਨਹੀ : ਲੌਂਗੋਵਾਲ

11/17/2018 10:47:49 AM

ਸੁਲਤਾਨਪੁਰ ਲੋਧੀ (ਸੋਢੀ, ਧੀਰ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 23 ਨਵੰਬਰ ਨੂੰ ਆ ਰਹੇ 549ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਪੰਜਾਬ ਸਰਕਾਰ ਵਲੋਂ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਰੋਹ ਬਾਰੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ ਅਵਤਾਰ ਪੁਰਬ ਸਾਰੀਆਂ ਪਾਰਟੀਆਂ ਨੂੰ ਗੁ. ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਾਂਝੇ ਤੌਰ 'ਤੇ ਨਿਰੋਲ ਧਾਰਮਕ ਸਮਾਗਮ ਕਰਵਾ ਕੇ ਮਨਾਇਆ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗੁ. ਸ੍ਰੀ ਬੇਰ ਸਾਹਿਬ ਵਿਖੇ 22 ਤੇ 23 ਨੂੰ ਕਰਵਾਏ ਜਾ ਰਹੇ ਪ੍ਰਕਾਸ਼ ਪੁਰਬ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦਾ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਂਝੇ ਤੌਰ 'ਤੇ ਇਕ ਸਮਾਗਮ ਕਰਵਾਉਣ ਨਾਲ ਪੂਰੀ ਦੁਨੀਆ ਵਿਚ ਸਰਵ ਸਾਂਝੀਵਾਲਤਾ ਦਾ ਸੰਦੇਸ਼ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਤਰ੍ਹਾਂ ਗੁਰੂ ਘਰ ਤੋਂ ਵੱਖਰਾ ਸਮਾਗਮ ਕਰਵਾਉਣਾ ਠੀਕ ਨਹੀਂ। ਅੱਜ ਗੁ. ਸ੍ਰੀ ਬੇਰ ਸਾਹਿਬ ਵਿਖੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮ ਦੀ ਰੂਪ ਰੇਖਾ ਉਲੀਕਣ ਲਈ ਪੁੱਜੇ ਭਾਈ ਲੌਂਗੋਵਾਲ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਹੋਰ ਪ੍ਰਮੁੱਖ ਹਸਤੀਆਂ ਨੂੰ ਸ਼ਤਾਬਦੀ ਸਮਾਗਮਾਂ ਲਈ ਸੱਦਾ ਦੇਣ ਲਈ ਉਨ੍ਹਾਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਐੱਮ. ਪੀ. ਤੇ ਹੋਰ ਆਗੂਆਂ ਦਾ ਵਫਦ ਜਾਵੇਗਾ।

ਉਨ੍ਹਾਂ  ਮੁੱਖ ਮੰਤਰੀ ਨੂੰ ਸੁਝਾਅ ਦਿੱਤਾ ਉਹ ਸੁਲਤਾਨਪੁਰ ਲੋਧੀ ਵਿਚ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਤੇ ਉਪਰੰਤ ਗੁ. ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਆਯੋਜਿਤ ਨਿਰੋਲ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕਰਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਹੁਣ ਤਕ ਉਨ੍ਹਾਂ ਨੂੰ ਸਰਕਾਰ ਵਲੋਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ ਹੈ। ਉਨ੍ਹਾਂ ਗੁ. ਸ੍ਰੀ ਸੰਤ ਘਾਟ ਸਾਹਿਬ ਵਿਖੇ ਨਿਰਮਾਣ ਕੀਤੇ ਜਾ ਰਹੇ ਮੂਲ ਮੰਤਰ ਅਸਥਾਨ ਦੀ ਚਲਦੀ ਕਾਰ ਸੇਵਾ ਦਾ ਵੀ ਜਾਇਜ਼ਾ ਲਿਆ ਤੇ ਗੁ. ਸ੍ਰੀ ਬੇਰ ਸਾਹਿਬ ਵਿਖੇ ਚੱਲ ਰਹੇ ਵੱਖ-ਵੱਖ ਕਾਰਜਾਂ ਦੀ ਸੇਵਾ ਦਾ ਵੀ ਨਿਰੀਖਣ ਕੀਤਾ।

ਇਸ ਮੌਕੇ ਜਥੇ. ਗੁਰਬਚਨ ਸਿੰਘ ਕਰਮੂਵਾਲਾ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ, ਜਥੇ. ਸ਼ਿੰਗਾਰਾ ਸਿੰਘ ਲੋਹੀਆਂ ਮੈਂਬਰ ਅੰਤਰਿੰਗ ਕਮੇਟੀ ਸ਼੍ਰੋਮਣੀ ਕਮੇਟੀ, ਜਥੇ. ਸਰਵਣ ਸਿੰਘ ਕੁਲਾਰ, ਜਥੇ. ਜਰਨੈਲ ਸਿੰਘ ਡੋਗਰਾਂਵਾਲਾ (ਮੈਂਬਰ ਸ਼੍ਰੋਮਣੀ ਕਮੇਟੀ), ਜਥੇ. ਸੁਖਵਰਸ਼ ਸਿੰਘ ਪੰਨੂ ਮੈਂਬਰ ਧਰਮ ਪ੍ਰਚਾਰ ਕਮੇਟੀ, ਡਾ. ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ, ਜਥੇ. ਸੁਰਜੀਤ ਸਿੰਘ ਢਿੱਲੋਂ ਆਦਿ ਨੇ ਵੀ ਸ਼ਿਰਕਤ ਕੀਤੀ।

Baljeet Kaur

This news is Content Editor Baljeet Kaur