ਜਾਂਚ ਲਈ ਤਲਬ ਕੀਤੇ ਸੁਮੇਧ ਸੈਣੀ, ਐੱਸ. ਆਈ. ਟੀ. ਸਾਹਮਣੇ ਪੇਸ਼

02/25/2019 6:41:12 PM

ਚੰਡੀਗੜ੍ਹ : ਸੂਬੇ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਅਤੇ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਸਾਹਮਣੇ ਪੇਸ਼ ਲਈ ਚੰਡੀਗੜ੍ਹ ਸਥਿਤ ਪੁਲਸ ਹੈੱਡ ਕੁਆਰਟਰ ਪਹੁੰਚੇ, ਜਿੱਥੇ ਸਿੱਟ ਵਲੋਂ ਲਗਭਗ ਦੋ ਘੰਟੇ ਤੱਕ ਸਾਬਕਾ ਡੀ. ਜੀ. ਪੀ. ਵਲੋਂ ਪੁੱਛਗਿੱਛ ਕੀਤੀ ਗਈ। ਸਿਟ ਵੱਲੋਂ ਸਾਬਕਾ ਪੁਲਸ ਮੁਖੀ ਨੂੰ ਸੋਮਵਾਰ ਆਈ. ਪੀ. ਐੱਸ. ਅਧਿਕਾਰੀ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਟੀਮ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਸੈਣੀ ਦੀ ਇਹ ਪੇਸ਼ੀ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਨੂੰ ਲੈ ਕੇ ਹੈ। ਇਸ ਤੋਂ ਪਹਿਲਾਂ ਐੱਸ.ਆਈ. ਟੀ. ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ, ਬਾਲੀਵੁੱਡ ਅਦਾਕਰ ਅਕਸ਼ੈ ਕੁਮਾਰ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ। 
ਦਰਅਸਲ ਬੇਅਦਬੀ ਦੀ ਘਟਨਾ ਵਾਪਰਨ ਤੋਂ ਬਾਅਦ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਚੌਕ ਵਿਚ ਰੋਸ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ 'ਤੇ ਪੁਲਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ ਤੇ ਗੋਲੀ ਵੀ ਚਲਾਈ ਗਈ ਸੀ। ਇਸ ਦੌਰਾਨ ਕਈ ਵਿਅਕਤੀ ਜ਼ਖ਼ਮੀ ਹੋ ਗਏ ਸਨ। ਕੈਪਟਨ ਸਰਕਾਰ ਵੱਲੋਂ ਗਠਿਤ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਅਗਸਤ 2018 ਨੂੰ ਕੋਟਕਪੂਰਾ ਥਾਣੇ 'ਚ ਕੇਸ ਦਰਜ ਕੀਤਾ ਗਿਆ ਸੀ। ਕਮਿਸ਼ਨ ਨੇ ਸਾਬਕਾ ਪੁਲਸ ਮੁਖੀ ਵੱਲੋਂ ਦਿੱਤੇ ਹਲਫ਼ੀਆ ਬਿਆਨ ਦੇ ਆਧਾਰ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਨਾਲ ਤਾਇਨਾਤ ਕਈ ਆਈ. ਏ. ਐੱਸ. ਅਧਿਕਾਰੀਆਂ ਦੀ ਭੂਮਿਕਾ 'ਤੇ ਵੀ ਸ਼ੱਕ ਦੀ ਉਂਗਲ ਚੁੱਕੀ ਸੀ। 
ਇਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੁਮੇਧ ਸਿੰਘ ਸੈਣੀ ਵੱਲੋਂ ਦਾਇਰ ਇਕ ਪਟੀਸ਼ਨ 'ਤੇ ਪੰਜਾਬ ਪੁਲਸ ਨੂੰ ਹਦਾਇਤਾਂ ਦਿੱਤੀਆਂ ਸਨ ਕਿ ਸਾਬਕਾ ਪੁਲਸ ਮੁਖੀ ਨੂੰ ਜੇਕਰ ਗ੍ਰਿਫ਼ਤਾਰ ਕਰਨਾ ਹੈ ਤਾਂ ਇਕ ਹਫ਼ਤੇ ਦਾ ਅਗਾਊਂ ਨੋਟਿਸ ਦਿੱਤਾ ਜਾਵੇ। ਇਸ ਪਟੀਸ਼ਨ 'ਤੇ ਸੁਣਵਾਈ 26 ਫ਼ਰਵਰੀ ਨੂੰ ਹੋਣੀ ਹੈ ਅਤੇ ਸਿਟ ਨੇ ਹਾਈ ਕੋਰਟ 'ਚ ਹੋਣ ਵਾਲੀ ਸੁਣਵਾਈ ਤੋਂ ਮਹਿਜ਼ ਇਕ ਦਿਨ ਪਹਿਲਾਂ ਹੀ ਸੈਣੀ ਨੂੰ ਤਲਬ ਕੀਤਾ ਹੈ।

Gurminder Singh

This news is Content Editor Gurminder Singh