ਸਾਬਕਾ DGP ਸੈਣੀ ਦੀਆਂ ਵਧੀਆਂ ਮੁਸ਼ਕਲਾਂ, ਵਾਅਦਾ ਮੁਆਫ਼ ਗਵਾਹ ਬਣੇ ਚਹੇਤੇ ਸਾਬਕਾ ਪੁਲਸ ਅਧਿਕਾਰੀ
Wednesday, Aug 19, 2020 - 12:58 PM (IST)
ਮੋਹਾਲੀ (ਪਰਦੀਪ) : ਪੰਜਾਬ ਦੇ ਸਾਬਕਾ ਆਈ. ਏ. ਐੱਸ. ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ 'ਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀਆਂ ਲਗਾਤਾਰ ਮੁਸ਼ਕਲਾਂ ਵੱਧ ਗਈਆਂ। ਮੋਹਾਲੀ ਅਦਾਲਤ ਨੇ ਸੈਣੀ ਦੇ ਚਹੇਤੇ ਯੂ. ਟੀ. ਪੁਲਸ ਦੇ ਦੋ ਸਾਬਕਾ ਇੰਸਪੈਕਟਰ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਨੂੰ ਵਾਅਦਾ ਮੁਆਫ਼ ਗਵਾਹ ਬਣਾ ਲਿਆ ਹੈ।
ਇਨ੍ਹਾਂ ਦੋਵਾਂ ਨੇ ਮੋਹਾਲੀ ਦੀ ਚੀਫ਼ ਜੂਡੀਸ਼ੀਅਲ ਮੈਜਿਸਟਰੇਟ ਦੀਪਿਕਾ ਸਿੰਘ ਦੀ ਅਦਾਲਤ 'ਚ ਆਪਣੇ ਬਿਆਨ ਦਰਜ ਕਰਵਾਏ। ਉਨ੍ਹਾਂ ਆਪਣੇ ਬਿਆਨਾਂ 'ਚ ਪੂਰੇ ਘਟਨਾਕ੍ਰਮ ’ਤੇ ਰੌਸ਼ਨੀ ਪਾਉਂਦਿਆਂ ਅਦਾਲਤ ਨੂੰ ਦੱਸਿਆ ਕਿ 1991 'ਚ ਸੈਣੀ ਦੇ ਕਾਫ਼ਲੇ ’ਤੇ ਹੋਏ ਬੰਬ ਧਮਾਕੇ ਤੋਂ ਬਾਅਦ ਮੁਲਜ਼ਮਾਂ ਦੀ ਪੈੜ ਨੱਪਣ ਲਈ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਸੈਣੀ ’ਤੇ ਕਹਿਣ ’ਤੇ ਬਲਵੰਤ ਸਿੰਘ ਮੁਲਤਾਨੀ ਨੂੰ ਮੋਹਾਲੀ ਸਥਿਤ ਉਸ ਦੇ ਘਰੋਂ ਚੁੱਕ ਕੇ ਸੈਕਟਰ-17 ਦੇ ਥਾਣੇ 'ਚ ਲਿਆਂਦਾ ਗਿਆ, ਜਿੱਥੇ ਉਨ੍ਹਾਂ 'ਤੇ ਬੇਤਹਾਸ਼ਾ ਤਸ਼ੱਦਦ ਢਾਹਿਆ ਗਿਆ।
ਮੁਲਤਾਨੀ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਟਿਕਾਣੇ ਲਗਾਇਆ ਗਿਆ ਅਤੇ ਪੁਲਸ ਨੇ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਗੁਰਦਾਸਪੁਰ ਜ਼ਿਲ੍ਹੇ ਦੇ ਕਾਦੀਆ ਥਾਣੇ 'ਚ ਝੂਠਾ ਕੇਸ ਦਰਜ ਕਰਕੇ ਇਹ ਦਰਸਾਇਆ ਗਿਆ ਕਿ ਮੁਲਤਾਨੀ ਪੁਲਸ ਹਿਰਾਸਤ ’ਚੋਂ ਭੱਜ ਗਿਆ ਹੈ। ਇਸ ਸਬੰਧੀ ਚੰਡੀਗੜ੍ਹ 'ਚ ਵੀ ਡੀ. ਡੀ. ਆਰ. ਦਰਜ ਕੀਤੀ ਗਈ। ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਸਮੇਤ 6 ਮੁਲਜ਼ਮਾਂ ਐੱਸ. ਪੀ. ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ, ਹਰਸਹਾਏ ਸ਼ਰਮਾ (69) ਵਾਸੀ ਸੈਕਟਰ-51ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੋਖ ਸਿੰਘ (65) ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਦੇ ਖ਼ਿਲਾਫ਼ ਮਟੌਰ ਥਾਣੇ 'ਚ ਧਾਰਾ 364, 201, 344, 330, 219 ਅਤੇ 120ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਐਸ. ਪੀ. ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ’ਤੇ 11 ਦਸੰਬਰ 1991 ਨੂੰ ਸਵੇਰੇ ਤੜਕੇ 4 ਵਜੇ ਇੱਥੋਂ ਦੇ ਫੇਜ਼-7 ਸਥਿਤ ਸਾਬਕਾ ਆਈ. ਏ. ਐਸ. ਅਧਿਕਾਰੀ ਦੇ ਬੇਟੇ ਅਤੇ ਸਿੱਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਚੁੱਕ ਕੇ ਤਸ਼ੱਦਦ ਢਾਹੁਣ ਅਤੇ ਬਾਅਦ 'ਚ ਗਾਇਬ ਕਰ ਦੇਣ ਦਾ ਦੋਸ਼ ਹੈ।