ਸੰਡੇ ਲਾਕਡਾਊਨ : ਤਰਨਤਾਰਨ ਦੀਆਂ ਸੜਕਾਂ ’ਤੇ ਪਸਰਿਆ ਸੰਨਾਟਾ, ਪੈਟਰੋਲ ਪੰਪ ਵੀ ਰਿਹਾ ਬੰਦ (ਤਸਵੀਰਾਂ)
Sunday, Apr 25, 2021 - 03:01 PM (IST)
ਤਰਨਤਾਰਨ (ਰਮਨ) - ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਖ਼ਤੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਜਾਰੀ ਕੀਤੀਆਂ ਗਈਆਂ ਨਵੀਆਂ ਗਾਈਡਲਾਈਨ ਦੇ ਤਹਿਤ ਐਤਵਾਰ ਨੂੰ ਮੁਕੰਮਲ ਤੌਰ ’ਤੇ ਤਾਲਾਬੰਦੀ ਲਗਾਉਣ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਦੇ ਤਹਿਤ ਅੱਜ ਪੂਰੇ ਪੰਜਾਬ ’ਚ ਸੰਡੇ ਲਾਕਡਾਊਨ ਲਗਾਇਆ ਗਿਆ। ਹੋਰਾਂ ਥਾਵਾਂ ਦੀ ਤਰ੍ਹਾਂ ‘ਸੰਡੇ ਲਾਕਡਾਊਨ’ ਦਾ ਅਸਰ ਜ਼ਿਲ੍ਹਾ ਤਰਨਤਾਰਨ ’ਚ ਵੀ ਮੁਕੰਮਲ ਤੌਰ ’ਤੇ ਵੇਖਣ ਨੂੰ ਮਿਲਿਆ। ਤਾਲਾਬੰਦੀ ਕਾਰਨ ਤਰਨਤਾਰਨ ਦੇ ਸਾਰੇ ਸ਼ਹਿਰ ਪੂਰੀ ਤਰ੍ਹਾਂ ਬੰਦ ਦਿਖਾਈ ਦੇ ਰਹੇ ਹਨ।
ਜ਼ਿਲ੍ਹਾ ਮੈਜਿਸਟਰੇਟ ਕੁਲਵੰਤ ਸਿੰਘ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੀ ਅਨਾਜ ਮੰਡੀ ਅਤੇ ਡੇਅਰੀ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ, ਬਾਜ਼ਾਰ ਅਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਦਿਖਾਈ ਦੇ ਰਹੀ ਹੈ। ਸ਼ਹਿਰ ’ਚ ਮਾਰਕੀਟ ਦੀਆਂ ਦੁਕਾਨਾਂ ਅਤੇ ਕਾਰੋਬਾਰੀ ਅਦਾਰੇ ਪੂਰੀ ਤਰ੍ਹਾਂ ਬੰਦ ਸਨ।
ਸ਼ਹਿਰ ਦੇ ਸਰਕਾਰੀ ਹਸਪਤਾਲ ਦੇ ਨੇੜੇ ਸਿਰਫ਼ ਕੁਝ ਮੈਡੀਕਲ ਸਟੋਰ ਹੀ ਖੋਲ੍ਹੇ ਗਏ ਹਨ, ਤਾਂ ਕਿ ਕਿਸੇ ਵੀ ਮਰੀਜ਼ ਨੂੰ ਦਵਾਈਆਂ ਲੈਣ ਵਿੱਚ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਸਾਰੇ ਮੈਡੀਕਲ ਸਟੋਰ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨ। ਪੁਲਸ ਪ੍ਰਸ਼ਾਸਨ ਵੱਲੋਂ ਨਾਕਾਬੰਦੀ ਕੀਤੀ ਗਈ ਹੈ ਅਤੇ ਬਿਨਾਂ ਮਖੌਟੇ ਤੋਂ ਘਰਾਂ ਤੋਂ ਬਾਹਰ ਆਉਣ ਵਾਲੇ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ।