ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਗ੍ਰਿਫ਼ਤਾਰ, ਰਿਮਾਂਡ 'ਤੇ ਭੇਜਿਆ

01/13/2023 9:18:25 AM

ਚੰਡੀਗੜ੍ਹ (ਰਮਨਜੀਤ ਸਿੰਘ) : ਮੋਹਾਲੀ 'ਚ ਇਕ ਇੰਡਸਟ੍ਰੀਅਲ ਪਲਾਟ ਨੂੰ ਟਰਾਂਸਫਰ ਕਰਕੇ ਟੁਕੜਿਆਂ 'ਚ ਵੇਚਣ ਦੇ ਮਾਮਲੇ 'ਚ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਇਕ ਹੋਰ ਮਾਮਲੇ 'ਚ ਰੋਪੜ ਜੇਲ੍ਹ 'ਚ ਬੰਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ ਕਰਕੇ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਵਿਜੀਲੈਂਸ ਦੀ ਮੰਗ ’ਤੇ ਅਰੋੜਾ ਦਾ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ ਹਫ਼ਤੇ ਹੀ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਤੇ ਆਈ. ਏ. ਐੱਸ. ਅਧਿਕਾਰੀ ਨੀਲਿਮਾ ਸਮੇਤ ਪੰਜਾਬ ਰਾਜ ਉਦਯੋਗਿਕ ਨਿਰਯਾਤ ਨਿਗਮ (ਪੀ. ਐੱਸ. ਆਈ. ਈ. ਸੀ.) ਦੇ ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਇਕ ਇੰਡਸਟ੍ਰੀਅਲ ਪਲਾਟ ਨੂੰ ਇਕ ਡਿਵੈਲਪਰ (ਰੀਅਲਟਰਜ) ਕੰਪਨੀ ਨੂੰ ਤਬਦੀਲ ਕਰਨ/ਵੰਡ ਕਰਨ ਦੀ ਮਨਜ਼ੂਰੀ ਦੇਣ ਦੇ ਦੋਸ਼ ਦੇ ਤਹਿਤ ਅਪਰਾਧਿਕ ਮੁਕੱਦਮਾ ਦਰਜ ਕੀਤਾ ਸੀ।

ਇਹ ਵੀ ਪੜ੍ਹੋ : ਜੇਕਰ ਤੁਸੀਂ ਵੀ ਲੁਧਿਆਣਾ ਤੋਂ ਜਲੰਧਰ ਜਾ ਰਹੇ ਹੋ ਤਾਂ ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਇਹ ਖ਼ਬਰ

ਇਸ ਕੇਸ 'ਚ ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ, ਇਕ ਰੀਅਲਟਰ ਫਰਮ ਦੇ 3 ਲੋਕਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਮਾਮਲੇ 'ਚ ਵਿਜੀਲੈਂਸ ਪੀ. ਐੱਸ. ਆਈ. ਈ. ਸੀ. ਦੇ 7 ਅਫ਼ਸਰਾਂ ਨੂੰ ਪਹਿਲੇ ਹੀ ਦਿਨ ਗ੍ਰਿਫ਼ਤਾਰ ਕਰ ਲਿਆ ਗਿਆ। ਬਾਅਦ 'ਚ ਸਾਬਕਾ ਅਧਿਕਾਰੀ ਐੱਸ. ਪੀ. ਸਿੰਘ ਨੂੰ ਮੋਹਾਲੀ ਦੇ ਸ਼ਮਸ਼ਾਨਘਾਟ ਤੋਂ ਗ੍ਰਿਫ਼ਤਾਰ ਕੀਤਾ ਗਿਆ। ਵਿਜੀਲੈਂਸ ਬਿਊਰੋ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਸੂਬੇ 'ਚ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਸਾਲ 1987 ਵਿਚ ‘ਆਨੰਦ ਲੈਂਪਜ ਲਿਮਟਿਡ’ ਕੰਪਨੀ ਨੂੰ ਸੇਲ ਡੀਡ ਰਾਹੀਂ 25 ਏਕੜ ਜ਼ਮੀਨ ਅਲਾਟ ਕੀਤੀ ਸੀ, ਜਿਸ ਨੂੰ ਬਾਅਦ 'ਚ ‘ਸਿਗਨਾਈਫ ਇਨੋਵੇਸ਼ਨ’ ਨਾਂ ਦੀ ਫਰਮ 'ਚ ਤਬਦੀਲ ਕਰ ਦਿੱਤਾ ਗਿਆ। ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਤੋਂ ਬਾਅਦ ਇਸ ਪਲਾਟ ਨੂੰ ਸਿਗਨੀਫਾਈ ਇਨੋਵੇਸ਼ਨਜ਼ ਵਲੋਂ ਗੁਲਮੋਹਰ ਟਾਊਨਸ਼ਿਪ ਨੂੰ ਸੇਲ ਡੀਡ ਰਾਹੀਂ ਵੇਚ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਦੇ 13 ਟੋਲ ਪਲਾਜ਼ਿਆਂ 'ਤੇ ਕਿਸਾਨਾਂ ਦੇ ਧਰਨੇ ਦਾ ਮਾਮਲਾ : ਹਾਈਕੋਰਟ ਨੇ ਜਾਰੀ ਕੀਤੇ ਇਹ ਹੁਕਮ

ਸਾਬਕਾ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ 17 ਮਾਰਚ, 2021 ਨੂੰ ਗੁਲਮੋਹਰ ਟਾਊਨਸ਼ਿਪ ਤੋਂ ਪ੍ਰਾਪਤ ਪੱਤਰ ਨੂੰ ਉਸ ਸਮੇਂ ਦੀ ਐੱਮ. ਡੀ. ਆਈ. ਏ. ਐੱਸ. ਅਧਿਕਾਰੀ ਨੀਲਿਮਾ ਨੂੰ ਉਕਤ ਪਲਾਟ ਨੂੰ ਹੋਰ ਟੁਕੜਿਆਂ 'ਚ ਵੰਡਣ ਲਈ ਭੇਜਿਆ ਸੀ, ਜਿਸ ਤੋਂ ਬਾਅਦ ਇਕ ਕਮੇਟੀ ਬਣਾ ਕੇ ਉਕਤ ਪਲਾਟ ਨੂੰ ਟੁਕੜਿਆਂ 'ਚ ਵੰਡਣ ਦੀ ਪ੍ਰਵਾਨਗੀ ਦਿੱਤੀ ਗਈ। ਜਦਕਿ ਵਿਜੀਲੈਂਸ ਦਾ ਕਹਿਣਾ ਹੈ ਕਿ 1987 ਦੀ ਡੀਡ ਅਨੁਸਾਰ ਇਹ ਪਲਾਟ ਸਿਰਫ਼ ਉਦਯੋਗਿਕ ਕੰਮਾਂ ਲਈ ਹੀ ਵਰਤਿਆ ਜਾਣਾ ਸੀ, ਜਦਕਿ ਉਕਤ ਗੁਲਮੋਹਰ ਟਾਊਨਸ਼ਿਪ ਦਾ ਅਜਿਹਾ ਕੋਈ ਪਿਛੋਕੜ ਨਹੀਂ ਹੈ। ਇਸ ਸਬੰਧੀ ਪੰਜਾਬ ਵਿਜੀਲੈਂਸ ਨੇ ਥਾਣਾ ਮੋਹਾਲੀ ਵਿਚ ਕੇਸ ਦਰਜ ਕੀਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News