ਪੰਜਾਬ ਦੇ ਨਤੀਜਿਆਂ ਨੇ ਕੈਪਟਨ ਸਰਕਾਰ ਦੀਆਂ ਨੀਤੀਆਂ ''ਤੇ ਲਾਈ ਮੋਹਰ : ਜਾਖੜ
Thursday, Oct 24, 2019 - 08:56 PM (IST)

ਚੰਡੀਗੜ੍ਹ,(ਭੁੱਲਰ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀਆਂ ਉਪਚੋਣਾਂ ਦੇ ਨਤੀਜਿਆਂ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਕ ਵਾਰ ਫਿਰ ਅਕਾਲੀ ਭਾਜਪਾ ਗਠਜੋੜ ਨਕਾਰ ਕੇ ਕਾਂਗਰਸ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ ਲਗਾਈ ਹੈ। ਨਾਲ ਹੀ ਉਨ੍ਹਾਂ ਨੇ ਆਸ ਪ੍ਰਗਟਾਈ ਕਿ ਹਰਿਆਣਾ ਦੇ ਚੋਣ ਨਤੀਜਿਆਂ ਤੋਂ ਬਾਅਦ ਸ਼ਾਇਦ ਹੁਣ ਕੇਂਦਰ ਦੀ ਮੋਦੀ ਸਰਕਾਰ ਲੋਕ ਸਰੋਕਾਰਾਂ ਦਾ ਫਿਕਰ ਕਰੇ। ਸੁਨੀਲ ਜਾਖੜ ਨੇ ਇਥੋਂ ਜਾਰੀ ਬਿਆਨ 'ਚ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੂੰ ਜਨਤਾ ਦੀ ਜਿੱਤ ਕਰਾਰ ਦਿੰਦੇ ਹੋਏ ਕਿਹਾ ਕਿ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ ਲਾਈ ਹੈ।
ਜਾਖੜ ਨੇ ਦੋ ਤਿਹਾਈ ਸੀਟਾਂ 'ਤੇ ਕਾਂਗਰਸ ਦੀ ਜਿੱਤ 'ਤੇ ਪੰਜਾਬ ਕਾਂਗਰਸ ਦੇ ਵਰਕਰਾਂ ਨੂੰ ਵਧਾਈ ਦਿੰਦੇ ਹੋਏ ਆਖਿਆ ਕਿ ਇਹ ਪਾਰਟੀ ਦੇ ਵਰਕਰਾਂ, ਵਿਧਾਇਕਾਂ ਤੇ ਮੰਤਰੀਆਂ ਦੀ ਮਿਹਨਤ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਦਾ ਨਤੀਜਾ ਹੈ। ਜਿਸ ਸਦਕਾ ਵੋਟਰਾਂ ਨੇ ਕਾਂਗਰਸ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ, ਜਿਸ ਲਈ ਉਹ ਵੋਟਰਾਂ ਦੇ ਧੰਨਵਾਦੀ ਹਨ। ਸੁਨੀਲ ਜਾਖੜ ਨੇ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਭਾਜਪਾ ਦੇ ਇਕ ਕੇਂਦਰੀ ਮੰਤਰੀ ਦੀ ਸੀਟ ਤੋਂ ਅਕਾਲੀ-ਭਾਜਪਾ ਗਠਜੋੜ ਦੀ ਹਾਰ ਤੋਂ ਸਾਬਿਤ ਹੁੰਦਾ ਹੈ ਕਿ ਲੋਕ ਅਕਾਲੀ ਭਾਜਪਾ ਗਠਜੋੜ ਨੂੰ ਸਿਰੇ ਤੋਂ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਪ੍ਰਤੀ ਹੁੰਗਾਰਾ ਭਰਿਆ ਹੈ।