ਕਿਸਾਨ ਸੰਘਰਸ਼ ਨੂੰ ਬਦਨਾਮ ਕਰਨ ਵਾਲਿਆਂ ਤੋਂ ਕਿਸਾਨ ਜਥੇਬੰਦੀਆਂ ਰਹਿਣ ਸੁਚੇਤ : ਜਾਖੜ

Sunday, Nov 29, 2020 - 12:59 AM (IST)

ਚੰਡੀਗੜ੍ਹ/ਜਲੰਧਰ,(ਅਸ਼ਵਨੀ/ਧਵਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਵਾਲੀਆਂ ਤਾਕਤਾਂ ਦੀ ਨਿੰਦਾ ਕਰਦਿਆਂ ਅਜਿਹੀਆਂ ਸਾਜ਼ਿਸ਼ੀ ਚਾਲਾਂ ਚੱਲਣ ਵਾਲਿਆਂ ਤੋਂ ਕਿਸਾਨਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ 'ਤੇ ਪਰਚੇ ਦਰਜ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਤੁਰੰਤ ਇਹ ਪਰਚੇ ਵਾਪਸ ਲੈਣ ਲਈ ਆਖਿਆ ਹੈ।

ਇਹ ਵੀ ਪੜ੍ਹੋ : ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

ਸੂਬਾ ਕਾਂਗਰਸ ਪ੍ਰਧਾਨ ਨੇ ਇੱਥੋਂ ਜਾਰੀ ਬਿਆਨ ਵਿਚ ਆਖਿਆ ਕਿ ਕਿਸਾਨੀ ਸੰਘਰਸ਼ ਆਪਣੇ ਹੱਕਾਂ ਦੀ ਰਾਖੀ ਲਈ ਲੜਿਆ ਜਾ ਰਿਹਾ ਹੈ। ਉਨ੍ਹਾਂ ਕੁਝ ਦੇਸ਼ ਵਿਰੋਧੀ ਤਾਕਤਾਂ ਵਲੋਂ ਕਿਸਾਨ ਸੰਘਰਸ਼ ਲਈ ਪੈਸੇ ਭੇਜੇ ਜਾਣ ਦੀਆਂ ਖਬਰਾਂ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਦੇਸ਼ ਦੇ ਪੇਟ ਪਾਲਕ ਕਿਸਾਨ ਕਿਸੇ ਅਜਿਹੀ ਮਦਦ ਲਈ ਸੰਘਰਸ਼ ਨਹੀਂ ਕਰ ਰਹੇ ਸਗੋਂ ਉਹ ਤਾਂ ਮੁਲਕ ਦੇ ਸਮੂਹ ਕਿਸਾਨਾਂ ਮਜ਼ਦੂਰਾਂ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਸੁਚੇਤ ਕੀਤਾ ਕਿ ਸੰਘਰਸ਼ ਨੂੰ ਬਦਨਾਮ ਕਰਨ ਵਾਲੀਆਂ ਅਜਿਹੀਆਂ ਤਾਕਤਾਂ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਮਨ ਸ਼ਾਂਤੀ ਲਈ ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ।

ਇਹ ਵੀ ਪੜ੍ਹੋ : ਕਿਸਾਨਾਂ 'ਤੇ ਕੀਤੇ ਜ਼ੁਲਮ ਦੀ ਮੁਆਫੀ ਮੰਗੇ ਖੱਟਰ, ਫਿਰ ਕਰਾਂਗਾ ਗੱਲਬਾਤ : ਕੈਪਟਨ

ਜਾਖੜ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਲੋਂ ਇਹ ਆਖੇ ਜਾਣ ਦਾ ਵੀ ਸਖ਼ਤ ਨੋਟਿਸ ਲਿਆ ਹੈ ਕਿ ਇਹ ਸਿਰਫ਼ ਪੰਜਾਬ ਦੇ ਕਿਸਾਨ ਹਨ। ਉਨ੍ਹਾਂ ਨੇ ਕਿਹਾ ਕਿ ਕਾਲੇ ਕਾਨੂੰਨਾਂ ਖ਼ਿਲਾਫ਼ ਪੂਰੇ ਦੇਸ਼ ਦੇ ਕਿਸਾਨ ਸੰਘਰਸ਼ ਕਰ ਰਹੇ ਹਨ ਅਤੇ ਕਿਸਾਨ ਏਕਤਾ ਵਿਚ ਪਾੜਾ ਪਾਉਣ ਲਈ ਭਾਜਪਾ ਇਸ ਤਰ੍ਹਾਂ ਦੇ ਬਿਆਨ ਦੇ ਰਹੀ ਹੈ। ਉਨ੍ਹਾਂ ਨੇ ਹਰਿਆਣਾ ਸਰਕਾਰ ਵਲੋਂ ਦਰਜ ਪੁਲਸ ਕੇਸ ਵੀ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਇਹ ਤਾਂ ਹਰਿਆਣਾ ਸਰਕਾਰ ਹੀ ਸੀ ਜਿਸ ਨੇ ਸ਼ਾਂਤੀ ਨਾਲ ਦਿੱਲੀ ਜਾ ਰਹੇ ਕਿਸਾਨਾਂ 'ਤੇ ਰਾਹ ਰੋਕ ਕੇ ਉਨ੍ਹਾਂ ਨੂੰ ਤੰਗ ਕੀਤਾ, ਜਦ ਕਿ ਕਿਸਾਨਾਂ ਦਾ ਹਰਿਆਣਾ ਸਰਕਾਰ ਨਾਲ ਤਾਂ ਕੋਈ ਵਿਵਾਦ ਹੀ ਨਹੀਂ ਸੀ, ਸਗੋਂ ਹਰਿਆਣਾ ਦੇ ਆਪਣੇ ਕਿਸਾਨ ਵੀ ਵੱਡੀ ਗਿਣਤੀ ਵਿਚ ਸੰਘਰਸ਼ ਵਿਚ ਸਾਥ ਦੇ ਰਹੇ ਹਨ।


Deepak Kumar

Content Editor

Related News