ਸੱਤਾ ਹਾਸਲ ਕਰਨ ਤੋਂ ਬਾਅਦ ਭਾਜਪਾ ਗਾਂਧੀ ਪਰਿਵਾਰ ਤੋਂ ਭੈਅਭੀਤ : ਜਾਖੜ

07/19/2019 7:48:12 PM

ਚੰਡੀਗੜ੍ਹ,(ਭੁੱਲਰ): ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਚੁਕੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਸੁਨੀਲ ਜਾਖੜ ਨੇ ਉਤਰ ਪ੍ਰਦੇਸ਼ 'ਚ ਸੋਨਭੱਦਰ ਦੀ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਸੱਤਾ ਦਾ ਦੁਰਪ੍ਰਯੋਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੱਤਾ ਹਾਸਲ ਕਰ ਲੈਣ ਤੋਂ ਬਾਅਦ ਵੀ ਭਾਜਪਾ ਗਾਂਧੀ ਪਰਿਵਾਰ ਦੇ ਨਾਂਅ ਤੋਂ ਹੀ ਇੰਨੀ ਭੈਅਭੀਤ ਹੈ ਕਿ ਪ੍ਰਿਅੰਕਾ ਗਾਂਧੀ ਨੂੰ ਲੋਕਾਂ ਦੇ ਦੁੱਖ 'ਚ ਸ਼ਰੀਕ ਹੋਣ ਤੋਂ ਵੀ ਰੋਕਿਆ ਜਾ ਰਿਹਾ ਹੈ।

ਅੱਜ ਇੱਥੋਂ ਜਾਰੀ ਬਿਆਨ 'ਚ ਸੁਨੀਲ ਜਾਖੜ ਨੇ ਕਿਹਾ ਕਿ ਉਤਰ ਪ੍ਰਦੇਸ਼ 'ਚ ਸੋਨਭੱਦਰ 'ਚ 10 ਲੋਕਾਂ ਦੀ ਹੱਤਿਆ ਹੋ ਜਾਂਦੀ ਹੈ ਤੇ ਜਦ ਕਾਂਗਰਸ ਦੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਉਥੇ ਪੀੜਤ ਪਰਿਵਾਰਾਂ ਨੂੰ ਮਿਲਣ ਜਾਣਾ ਚਾਹੁੰਦੇ ਹਨ ਤਾਂ ਸੱਤਾ ਦੇ ਨਸ਼ੇ 'ਚ ਚੂਰ ਭਾਜਪਾ ਦੀ ਪ੍ਰਦੇਸ਼ ਸਰਕਾਰ ਵਲੋਂ ਉਨ੍ਹਾਂ ਨੂੰ ਉਥੇ ਜਾਣ ਤੋਂ ਰੋਕਣ ਲਈ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਲੋਕਤੰਤਰ ਦੀ ਹੱਤਿਆ ਕੀਤੀ ਗਈ ਹੈ। ਜਾਖੜ ਨੇ ਕਿਹਾ ਕਿ ਕਿਸੇ ਦੇ ਦੁੱਖ 'ਚ ਸ਼ਰੀਕ ਹੋਣਾ ਕੋਈ ਗੁਨਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਗੂ ਕਾਨੂੰਨ ਦਾ ਸਨਮਾਨ ਕਰਦਿਆਂ ਇੱਕਲੇ ਹੀ ਪਰਿਵਾਰਾਂ ਨੂੰ ਮਿਲਣ ਜਾਣਾ ਚਾਹੁੰਦੇ ਸਨ ਪਰ ਯੋਗੀ ਸਰਕਾਰ ਨੇ ਉਨ੍ਹਾਂ ਨੂੰ ਰੋਕ ਕੇ ਸਿੱਧ ਕਰ ਦਿੱਤਾ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਉਥੇ ਹੋ ਰਹੀ ਮਨੁੱਖੀ ਅਧਿਕਾਰਾਂ ਦੇ ਘਾਣ ਨੂੰ ਜਗ ਜਾਹਿਰ ਨਹੀਂ ਹੋਣ ਦੇਣਾ ਚਾਹੁੰਦੀ।
 


Related News