ਕੇਂਦਰ ਵੱਲੋਂ ਝੋਨੇ ਦੀ ਖ਼ਰੀਦ ਦੀ ਮਿਤੀ ਅੱਗੇ ਪਾਉਣਾ ਪੰਜਾਬ ਨਾਲ ਧੱਕਾ : ਜਾਖੜ
Saturday, Oct 02, 2021 - 10:23 AM (IST)
ਜਲੰਧਰ (ਧਵਨ)– ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਸਬਕ ਸਿਖਾਉਣ ਦੀ ਬੁਰੀ ਨੀਅਤ ਨਾਲ ਝੋਨੇ ਦੀ ਖ਼ਰੀਦ ਦੀ ਮਿਤੀ ਅੱਗੇ ਪਾਉਣ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ‘ਆਪ’ ਨੇਤਾ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਨੂੰ ਵੀ ਲੋਕ ਵਿਰੋਧੀ ਕਰਾਰ ਦਿੰਦੇ ਹੋਏ ਦਿੱਲੀ ਸਰਕਾਰ ਵੱਲੋਂ ਉਦਯੋਗਾਂ ਨੂੰ ਬਿਜਲੀ ਸਬੰਧੀ ਵਿਖਾਏ ਸਬਜ਼ਬਾਗ ਦੇ ਢੋਲ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।
ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਵਰਤਾਓ ਬੰਦ ਕਰੇ ਅਤੇ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰੇ। ਉਨ੍ਹਾਂ ਕਿਹਾ ਕਿ ਅਚਾਨਕ ਬੀਤੀ ਰਾਤ ਖ਼ਰੀਦ ਸ਼ੁਰੂ ਕਰਨ ਦੀ ਮਿਤੀ ਅੱਗੇ ਪਾ ਕੇ ਕੇਂਦਰ ਸਰਕਾਰ ਨੇ ਆਪਣੀ ਕਿਸਾਨ ਵਿਰੋਧੀ ਨੀਤੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਦੋਆਬਾ ’ਚ ਕਿਸਾਨਾਂ ਨੇ ਝੋਨੇ ਦੀ ਕਟਾਈ ਕਰਕੇ ਆਲੂ ਲਗਾਉਣਾ ਹੁੰਦਾ ਹੈ ਅਤੇ ਉੱਥੇ ਕਿਸਾਨ ਝੋਨੇ ਦੀ ਕਟਾਈ ’ਚ ਹੋਰ ਦੇਰੀ ਨਹੀਂ ਕਰ ਸਕਦੇ । ਉਨ੍ਹਾਂ ਨੇ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਮੋਦੀ ਸਰਕਾਰ ਦੀ ਚਾਲ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਤੋਂ ਪਹਿਲਾਂ ਝੋਨੇ ਦੀ ਖਰੀਦ ਦੇ ਮਾਪਦੰਡ ਬਦਲ ਦਿੱਤੇ ਅਤੇ ਸ਼ੈਲਰਾਂ ਨੂੰ ਸੀ. ਬੀ. ਆਈ. ਵੱਲੋਂ ਡਰਾਇਆ ਗਿਆ। ਹੁਣ ਖ਼ਰੀਦ ’ਚ ਦੇਰੀ ਕਰ ਕੇ ਕਿਸਾਨਾਂ ਦਾ ਨੁਕਸਾਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਨੂੰ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਦੀ ਨਸੀਹਤ, ਕਿਹਾ-ਪਹਿਲਾਂ ਦਿੱਲੀ ਦੀ ਕਰੋ ਚਿੰਤਾ
ਉਨ੍ਹਾਂ ਕਿਹਾ ਕਿ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਕੇਂਦਰ ਸਰਕਾਰ ਕੋਲ ਮੁੱਦਾ ਉਠਾਇਆ ਹੈ ਅਤੇ ਉਨ੍ਹਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਪੰਜਾਬ ਤੋਂ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕਰੇ। ਇਸ ਮੌਕੇ ’ਤੇ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣੇ ਲੁਧਿਆਣਾ ਦੌਰੇ ਦੌਰਾਨ ਉਦਯੋਗਪਤੀਆਂ ਨੂੰ ਦਿੱਲੀ ਮਾਡਲ ਬਾਰੇ ਝੂਠੀਆਂ ਗੱਲਾਂ ਦੱਸੀਆਂ ਹਨ। ਜਾਖੜ ਨੇ ਦੱਸਿਆ ਕਿ ਦਿੱਲੀ ’ਚ ਸਾਰੇ ਉਦਯੋਗਾਂ ਨੂੰ ਬਿਜਲੀ 10.29 ਰੁਪਏ ਪ੍ਰਤੀ ਯੂਨਿਟ ਦਿੱਤੀ ਜਾ ਰਹੀ ਹੈ ਜਦਕਿ ਪੰਜਾਬ ਸਰਕਾਰ ਛੋਟੇ ਉਦਯੋਗਾਂ ਨੂੰ 5.99 ਰੁਪਏ, ਦਰਮਿਆਨੇ ਦਰਜੇ ਦੇ ਉਦਯੋਗਾਂ ਨੂੰ 7.88 ਰੁਪਏ ਪ੍ਰਤੀ ਯੂਨਿਟ ਅਤੇ ਵੱਡੇ ਉਦਯੋਗਾਂ ਨੂੰ 6.98 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਦੇ ਰਹੀ ਹੈ।
ਇਹ ਵੀ ਪੜ੍ਹੋ : ਕੈਪਟਨ ਨਾਲ ਮਿਲ ਕੇ ਤੀਜਾ ਫਰੰਟ ਬਣਾਉਣ ਲਈ ਤਿਆਰ ਨੇ ਸੁਖਦੇਵ ਸਿੰਘ ਢੀਂਡਸਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ