''ਬੱਚਿਆਂ ਦੇ ਮੋਢਿਆਂ ''ਤੇ ਰੱਖ ਕੇ ਬੰਦੂਕ ਨਾ ਚਲਾਓ'', ਨੀਟ ਮਾਮਲੇ ''ਚ ਸੁਨੀਲ ਜਾਖੜ ਦਾ ਵੱਡਾ ਬਿਆਨ
Thursday, Jul 23, 2026 - 02:58 PM (IST)
ਚੰਡੀਗੜ੍ਹ (ਅੰਕੁਰ ਤਾਂਗੜੀ) : ਸਾਬਕਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਨੀਟ ਪ੍ਰੀਖਿਆ ਵਿਵਾਦ ਅਤੇ ਵਿਦਿਆਰਥੀਆਂ ਦੇ ਪ੍ਰਦਰਸ਼ਨਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਇਸ ਗੰਭੀਰ ਮਾਮਲੇ 'ਤੇ ਸਿਆਸਤ ਕਰਨ ਦੀ ਬਜਾਏ ਹੱਲ ਲੱਭਣ ਲਈ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਸਿਆਸੀ ਬੰਦੂਕ ਨਹੀਂ ਚਲਾਈ ਜਾਣੀ ਚਾਹੀਦੀ, ਸਗੋਂ ਉਨ੍ਹਾਂ ਦੇ ਦਰਦ ਨੂੰ ਸਮਝਦਿਆਂ ਪ੍ਰਣਾਲੀ ਨੂੰ ਸੁਧਾਰਨ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਦਿਆਰਥੀਆਂ ਦੀ ਪੀੜਾ ਨੂੰ ਪੂਰੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਇੱਕ ਮੁਕਾਬਲੇ ਵਾਲੀ ਪ੍ਰੀਖਿਆ 'ਚ ਬੈਠਣ ਵਾਲੇ ਹਰ ਵਿਦਿਆਰਥੀ ਲਈ ਇੱਕ-ਇੱਕ ਮਿੰਟ ਅਤੇ ਇੱਕ-ਇੱਕ ਸਾਲ ਦੀ ਬਹੁਤ ਵੱਡੀ ਕੀਮਤ ਹੁੰਦੀ ਹੈ। ਜੇਕਰ ਪ੍ਰੀਖਿਆ ਪ੍ਰਣਾਲੀ 'ਚ ਕੋਈ ਖਾਮੀ ਰਹਿ ਜਾਂਦੀ ਹੈ ਤਾਂ ਇਸ ਦਾ ਸਭ ਤੋਂ ਵੱਧ ਨੁਕਸਾਨ ਉਨ੍ਹਾਂ ਗਰੀਬ ਪਰਿਵਾਰਾਂ ਨੂੰ ਹੁੰਦਾ ਹੈ, ਜਿਨ੍ਹਾਂ ਨੇ ਆਪਣੇ ਬੱਚਿਆਂ ਦੀ ਪੜ੍ਹਾਈ ਲਈ ਖੂਨ-ਪਸੀਨੇ ਦੀ ਕਮਾਈ ਲਗਾਈ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਦਰਦ ਨੂੰ ਸਿਰਫ਼ ਪੈਸਿਆਂ ਨਾਲ ਨਹੀਂ ਤੋਲਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਅਜਿਹੇ ਮਾਮਲਿਆਂ 'ਚ ਦੋਸ਼ੀਆਂ ਨੂੰ ਜਲਦੀ ਸਜ਼ਾ ਦਿਵਾਉਣ ਲਈ ਫਾਸਟ ਟਰੈਕ ਅਦਾਲਤਾਂ ਰਾਹੀਂ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਨਿਆਂ 'ਚ ਦੇਰੀ ਨਾ ਹੋਵੇ। ਜਾਖੜ ਨੇ ਕਿਹਾ ਕਿ ਇਹ ਸਿਰਫ਼ ਭਰੋਸਾ ਨਹੀਂ, ਸਗੋਂ ਸਰਕਾਰ ਦੀ ਵਚਨਬੱਧਤਾ ਹੈ ਕਿ ਜਿਹੜੇ ਵੀ ਲੋਕ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਦੋਸ਼ੀ ਹਨ, ਉਨ੍ਹਾਂ ਨੂੰ ਕਾਨੂੰਨ ਮੁਤਾਬਕ ਸਖ਼ਤ ਸਜ਼ਾ ਮਿਲੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਵਾਹਨਾਂ ਦੀ RC ਨੂੰ ਲੈ ਕੇ ਪਿਆ ਵੱਡਾ ਪੰਗਾ! ਟਰਾਂਸਪੋਰਟ ਵਿਭਾਗ ਦੇ ਨਵੇਂ ਨਿਯਮਾਂ ਨੇ ਪਾਈ ਮੁਸੀਬਤ
ਸਾਬਕਾ ਭਾਜਪਾ ਪ੍ਰਧਾਨ ਨੇ ਮੰਨਿਆ ਕਿ ਪ੍ਰੀਖਿਆ ਪ੍ਰਣਾਲੀ 'ਚ ਆਈਆਂ ਖਾਮੀਆਂ ਇੱਕ ਵੱਡਾ ਪ੍ਰਸ਼ਾਸਨਿਕ ਲਾਪਰਵਾਹੀ ਦਾ ਮਾਮਲਾ ਹਨ ਅਤੇ ਇਸ ਨੂੰ ਹਲਕੇ 'ਚ ਨਹੀਂ ਲਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਕਿਸੇ ਇੱਕ ਸੂਬੇ ਜਾਂ ਇੱਕ ਸਰਕਾਰ ਦਾ ਮਾਮਲਾ ਨਹੀਂ ਹੈ। ਵੱਖ-ਵੱਖ ਰਾਜਾਂ 'ਚ ਵੀ ਪ੍ਰੀਖਿਆਵਾਂ ਨਾਲ ਜੁੜੇ ਮਾਮਲੇ ਸਾਹਮਣੇ ਆਏ ਹਨ ਪਰ ਇਸ ਦਾ ਮਤਲਬ ਇਹ ਨਹੀਂ ਕਿ ਕਿਸੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾਵੇ। ਲੋੜ ਇਸ ਗੱਲ ਦੀ ਹੈ ਕਿ ਪੂਰੀ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਭਰੋਸੇਯੋਗ ਬਣਾਇਆ ਜਾਵੇ। ਜਾਖੜ ਨੇ ਕਿਹਾ ਕਿ ਦੇਸ਼ ਦੇ ਨੌਜਵਾਨ ਭਾਰਤ ਦੀ ਸਭ ਤੋਂ ਵੱਡੀ ਤਾਕਤ ਹਨ। ਉਨ੍ਹਾਂ ਕਿਹਾ ਕਿ ਦੁਨੀਆ 'ਚ ਸਭ ਤੋਂ ਵੱਧ ਨੌਜਵਾਨ ਆਬਾਦੀ ਭਾਰਤ ਕੋਲ ਹੈ ਅਤੇ ਇਹੀ ਦੇਸ਼ ਦੀ ਸਭ ਤੋਂ ਵੱਡੀ ਪੂੰਜੀ ਹੈ। ਅਜਿਹੇ 'ਚ ਉਨ੍ਹਾਂ ਦੇ ਸੁਫ਼ਨਿਆਂ ਨੂੰ ਟੁੱਟਣ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਨੌਜਵਾਨਾਂ ਲਈ ਅਜਿਹੀ ਪ੍ਰਣਾਲੀ ਬਣਾਈ ਜਾਵੇ, ਜਿਸ 'ਚ ਉਨ੍ਹਾਂ ਦਾ ਭਰੋਸਾ ਕਾਇਮ ਰਹੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਾਲ 2014 ਤੋਂ ਬਾਅਦ ਸਿੱਖਿਆ ਦੇ ਖੇਤਰ 'ਚ ਵੱਡਾ ਵਿਸਥਾਰ ਕੀਤਾ ਹੈ। ਉਨ੍ਹਾਂ ਦੇ ਅਨੁਸਾਰ, ਦੇਸ਼ 'ਚ ਮੈਡੀਕਲ ਕਾਲਜਾਂ ਦੀ ਗਿਣਤੀ 'ਚ ਵੱਡਾ ਵਾਧਾ ਹੋਇਆ ਹੈ ਅਤੇ ਐੱਮ. ਬੀ. ਬੀ. ਐੱਸ. ਦੀਆਂ ਸੀਟਾਂ ਵੀ ਕਾਫ਼ੀ ਵਧਾਈਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
ਇਸੇ ਤਰ੍ਹਾਂ ਭਾਰਤੀ ਤਕਨੀਕੀ ਸੰਸਥਾਵਾਂ ਅਤੇ ਹੋਰ ਉੱਚ ਸਿੱਖਿਆ ਸੰਸਥਾਵਾਂ ਦਾ ਵੀ ਵਿਸਥਾਰ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਉੱਚ ਸਿੱਖਿਆ ਦੇ ਮੌਕੇ ਮਿਲ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਨੌਜਵਾਨਾਂ ਲਈ ਮੌਕੇ ਵਧਾਉਣਾ ਹੈ, ਨਾ ਕਿ ਉਨ੍ਹਾਂ ਦੇ ਰਾਹ 'ਚ ਰੁਕਾਵਟਾਂ ਪੈਦਾ ਕਰਨਾ। ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁੱਝ ਸਿਆਸੀ ਪਾਰਟੀਆਂ ਵਿਦਿਆਰਥੀਆਂ ਦੇ ਜਾਇਜ਼ ਗੁੱਸੇ ਨੂੰ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਵਰਤ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਧਰਨਿਆਂ 'ਤੇ ਬੈਠੇ ਹਨ, ਉਹ ਬਹੁਤ ਪੜ੍ਹੇ-ਲਿਖੇ ਅਤੇ ਸਮਝਦਾਰ ਹਨ। ਉਨ੍ਹਾਂ ਨੂੰ ਕਿਸੇ ਦੇ ਬਹਿਕਾਵੇ 'ਚ ਨਹੀਂ ਆਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀਆਂ ਭਾਵਨਾਵਾਂ ਨੂੰ ਭੜਕਾ ਕੇ ਉਨ੍ਹਾਂ ਨੂੰ ਸਿਆਸੀ ਮਕਸਦਾਂ ਲਈ ਵਰਤਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅੰਦੋਲਨ 'ਚ ਭਾਵਨਾਵਾਂ ਭੜਕਦੀਆਂ ਹਨ ਤਾਂ ਉੱਥੇ ਕੁਝ ਅਜਿਹੇ ਤੱਤ ਵੀ ਸਰਗਰਮ ਹੋ ਜਾਂਦੇ ਹਨ, ਜੋ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਸ ਨਾਲ ਅਸਲ ਮੁੱਦਾ ਪਿੱਛੇ ਰਹਿ ਜਾਂਦਾ ਹੈ ਅਤੇ ਟਕਰਾਅ ਦੀ ਸਥਿਤੀ ਬਣ ਜਾਂਦੀ ਹੈ। ਇਸ ਲਈ ਹਰ ਪੱਖ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਹੈ। ਜਾਖੜ ਨੇ ਕਿਹਾ ਕਿ ਸਰਕਾਰ ਗੱਲਬਾਤ ਲਈ ਪੂਰੀ ਤਰ੍ਹਾਂ ਤਿਆਰ ਹੈ। ਜੇਕਰ ਵਿਦਿਆਰਥੀ ਜਾਂ ਉਨ੍ਹਾਂ ਦੇ ਨੁਮਾਇੰਦੇ ਆਪਣੇ ਤੱਥਾਂ ਨਾਲ ਸਰਕਾਰ ਕੋਲ ਆਉਂਦੇ ਹਨ ਤਾਂ ਸਰਕਾਰ ਹਰ ਮੁੱਦੇ 'ਤੇ ਵਿਚਾਰ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੰਵਾਦ ਹੀ ਹਰ ਸਮੱਸਿਆ ਦਾ ਸਭ ਤੋਂ ਵਧੀਆ ਹੱਲ ਹੈ ਅਤੇ ਟਕਰਾਅ ਨਾਲ ਕਿਸੇ ਦਾ ਭਲਾ ਨਹੀਂ ਹੋਵੇਗਾ। ਉਨ੍ਹਾਂ ਨੇ ਕਾਂਗਰਸ ਸਮੇਤ ਹੋਰ ਵਿਰੋਧੀ ਧਿਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੇ ਮਾਮਲੇ 'ਤੇ ਸੰਜਮ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਜੇਕਰ ਸਿਆਸਤ ਕਰਨੀ ਹੈ ਤਾਂ ਸਿਆਸੀ ਪਾਰਟੀਆਂ ਆਪਸ ਵਿੱਚ ਕਰਨ ਪਰ ਨੌਜਵਾਨਾਂ ਨੂੰ ਇਸ ਦਾ ਹਿੱਸਾ ਨਾ ਬਣਾਇਆ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
