ਰਾਜੀਵ ਗਾਂਧੀ ਨੂੰ ਦੇਸ਼ ''ਤੇ ਕੁਰਬਾਨ ਹੋਣ ਲਈ ਭਾਰਤ ਰਤਨ ਦਿੱਤਾ ਗਿਆ : ਜਾਖੜ

12/26/2018 2:16:35 PM

ਜਲੰਧਰ/ਚੰਡੀਗੜ੍ਹ (ਧਵਨ, ਭੁੱਲਰ)— ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਤੋਂ ਭਾਰਤ ਰਤਨ ਵਾਪਸ ਲੈਣ ਦੀ ਆਮ ਆਦਮੀ ਪਾਰਟੀ ਦੇ ਸਰਵ ਉੱਚ ਨੇਤਾਵਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਕੀਤੀ ਗਈ ਮੰਗ ਦਾ ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਨੇ ਜ਼ੋਰਦਾਰ ਵਿਰੋਧ ਕਰਦੇ ਹੋਏ ਕਿਹਾ ਹੈ ਕਿ ਰਾਜੀਵ ਗਾਂਧੀ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਰ ਬਲੀਦਾਨ ਦਿੱਤਾ। ਦੇਸ਼ ਦੀ ਖਾਤਰ ਗਾਂਧੀ ਪਰਿਵਾਰ ਦੀਆਂ ਕੁਰਬਾਨੀਆਂ ਕਿਸੇ ਤੋਂ ਲੁਕੀਆਂ ਹੋਈਆਂ ਨਹੀਂ ਹਨ। ਜਾਖੜ ਨੇ ਕਿਹਾ ਕਿ ਜੋ ਲੋਕ ਸਵ. ਰਾਜੀਵ ਗਾਂਧੀ ਤੋਂ ਭਾਰਤ ਰਤਨ ਵਾਪਸ ਲੈਣ ਲਈ ਮੰਗ ਕਰ ਰਹੇ ਹਨ, ਉਹ ਦੇਸ਼ ਵਿਰੋਧੀ ਤਾਕਤਾਂ ਨੂੰ ਉਤਸ਼ਾਹਤ ਕਰਨ 'ਚ ਲੱਗੇ ਹੋਏ ਹਨ। 
ਜਾਖੜ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਵ. ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਦੇਸ਼ ਪ੍ਰਤੀ ਕੁਰਬਾਨੀ ਅਤੇ ਦੇਸ਼ ਲਈ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਹੀ ਭਾਰਤ ਰਤਨ ਦਿੱਤਾ ਗਿਆ ਸੀ।

ਉਨ੍ਹਾਂ ਨੇ ਕਿਹਾ ਕਿ ਜਿੱਥੋਂ ਤੱਕ 1984 ਦੇ ਦਿੱਲੀ ਦੰਗਿਆਂ ਦਾ ਸਬੰਧ ਹੈ, ਉਨ੍ਹਾਂ 'ਚ ਗਾਂਧੀ ਪਰਿਵਾਰ ਦੇ ਕਿਸੇ ਵੀ ਮੈਂਬਰ ਦਾ ਨਾਂ ਸਾਹਮਣੇ ਨਹੀਂ ਆਇਆ ਹੈ ਅਤੇ ਨਾ ਹੀ ਉਨ੍ਹਾਂ ਦੀ ਸ਼ਮੂਲੀਅਤ ਸੀ। ਪ੍ਰਦੇਸ਼ ਪ੍ਰਧਾਨ ਨੇ ਕਿਹਾ ਕਿ ਅਸਲ 'ਚ ਕੁਝ ਪਾਰਟੀਆਂ ਲੋਕ ਸਭਾ ਚੋਣਾਂ 'ਚ ਆਪਣਾ ਜਨ ਆਧਾਰ ਵਾਪਸ ਲੈਣ ਲਈ ਗਲਤ ਮੁੱਦਿਆਂ ਨੂੰ ਉਠਾਉਣ 'ਚ ਲੱਗੀਆਂ ਹੋਈਆਂ ਹਨ ਪਰ ਇਸ ਦਾ ਉਨ੍ਹਾਂ ਨੂੰ ਕੋਈ ਲਾਭ ਹੋਣ ਵਾਲਾ ਨਹੀਂ ਹੈ। 

ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੋਵਾਂ ਦਾ ਜਨ ਆਧਾਰ ਖਤਮ ਹੋ ਚੁੱਕਾ ਹੈ। ਸਾਰੇ ਵਰਗਾਂ ਨੂੰ ਦੋਵਾਂ ਪਾਰਟੀਆਂ ਦੀ ਅਸਲੀਅਤ ਦਾ ਪਤਾ ਲੱਗ ਚੁੱਕਾ ਹੈ। ਹੁਣ ਸਾਰੇ ਵਰਗ ਸੂਬੇ 'ਚ ਕਾਂਗਰਸ ਦਾ ਸਾਥ ਦੇ ਰਹੇ ਹਨ, ਜਿਸ ਨਾਲ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੀ ਲੀਡਰਸ਼ਿਪ ਬੁਰੀ ਤਰ੍ਹਾਂ ਬੌਖਲਾਈ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਗਲਤ ਮੁੱਦੇ ਉਠਾ ਕੇ ਵੀ ਇਹ ਲੋਕ ਸਭਾ ਚੋਣਾਂ 'ਚ ਇਕ ਵੀ ਸੀਟ ਨਹੀਂ ਜਿੱਤ ਸਕਣਗੇ।


shivani attri

Content Editor

Related News