ਜਾਖੜ ਨੇ ਦਿੱਲੀ ’ਚ ਸੋਨੀਆ ਗਾਂਧੀ ਨਾਲ ਕੀਤੀ ਅਹਿਮ ਮੀਟਿੰਗ
Wednesday, Aug 28, 2019 - 11:00 AM (IST)

ਜਲੰਧਰ (ਧਵਨ)-ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖਡ਼ ਨੇ ਬੀਤੇ ਦਿਨ ਦਿੱਲੀ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਅਹਿਮ ਮੀਟਿੰਗ ਕੀਤੀ ਹੈ। ਕਾਂਗਰਸੀ ਸੂਤਰਾਂ ਨੇ ਦੱਸਿਆ ਹੈ ਕਿ ਲਗਭਗ ਪੌਣਾ ਘੰਟਾ ਚੱਲੀ ਇਸ ਮੀਟਿੰਗ ਦੌਰਾਨ ਦੇਸ਼ ਤੇ ਪੰਜਾਬ ਦੇ ਸਿਆਸੀ ਹਾਲਾਤ ’ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਹੋਇਆ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਸੁਨੀਲ ਜਾਖਡ਼ ਨੇ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਬਾਅਦ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਅਤੇ ਕਾਂਗਰਸ ਵਿਧਾਇਕਾਂ ਦੀ ਮੀਟਿੰਗ ਸੱਦ ਕੇ ਇਕ ਮਤਾ ਪ੍ਰਵਾਨ ਕਰਵਾ ਕੇ ਕਾਂਗਰਸ ਹਾਈ ਕਮਾਨ ਨੂੰ ਜਾਖਡ਼ ਦਾ ਅਸਤੀਫਾ ਰੱਦ ਕਰਨ ਦੀ ਬੇਨਤੀ ਕੀਤੀ ਸੀ। ਕਾਂਗਰਸ ਹਾਈ ਕਮਾਨ ਨੇ ਜਾਖਡ਼ ਦਾ ਅਸਤੀਫਾ ਨਾ ਤਾਂ ਮਨਜ਼ੂਰ ਕੀਤਾ ਨਾ ਹੀ ਰੱਦ ਕੀਤਾ, ਜਿਸ ਕਾਰਨ ਪਿਛਲੇ ਸਾਢੇ 3 ਮਹੀਨਿਆਂ ਤੋਂ ਬੇਯਕੀਨੀ ਦੀ ਸਥਿਤੀ ਚਲੀ ਆ ਰਹੀ ਹੈ। ਰਾਹੁਲ ਗਾਂਧੀ ਨੇ ਖੁਦ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਪਿੱਛੋਂ ਸੋਨੀਆ ਗਾਂਧੀ ਨੂੰ ਕਾਂਗਰਸ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਸੀ।
ਜਾਖਡ਼ ਦੀ ਸੋਨੀਆ ਨਾਲ ਬੀਤੇ ਦਿਨ ਹੋਈ ਮੀਟਿੰਗ ਤੋਂ ਬਾਅਦ ਇਹ ਮੰਨਿਆ ਜਾ ਰਿਹਾ ਹੈ ਕਿ ਸੋਨੀਆ ਗਾਂਧੀ ਵਲੋਂ ਪੰਜਾਬ ਕਾਂਗਰਸ ’ਚ ਬੇਯਕੀਨੀ ਦੀ ਸਥਿਤੀ ਨੂੰ ਛੇਤੀ ਹੀ ਦੂਰ ਕਰ ਦਿੱਤਾ ਜਾਵੇ। ਰਾਹੁਲ ਗਾਂਧੀ ਫਿਲਹਾਲ ਕੇਰਲ ਦੇ ਦੌਰੇ ’ਤੇ ਗਏ ਹੋਏ ਹਨ ਅਤੇ ਉਨ੍ਹਾਂ ਦਾ 3-4 ਦਿਨ ਉਥੇ ਰੁਕਣ ਦਾ ਪ੍ਰੋਗਰਾਮ ਹੈ। ਇਸ ਲਈ ਸੋਨੀਆ ਗਾਂਧੀ ਵਲੋਂ ਰਾਹੁਲ ਦੀ ਵਾਪਸੀ ਤੋਂ ਬਾਅਦ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਬਾਰੇ ਸਥਿਤੀ ਸਪੱਸ਼ਟ ਕਰ ਦਿੱਤੀ ਜਾਵੇਗੀ। ਇਸ ਸਬੰਧ ਵਿਚ ਜਦੋਂ ਸੁਨੀਲ ਜਾਖਡ਼ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਸਿਰਫ ਇੰਨਾ ਹੀ ਕਿਹਾ ਕਿ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਮੀਟਿੰਗ ਸਿਰਫ ਸ਼ਿਸ਼ਟਾਚਾਰ ਵਜੋਂ ਹੋਈ ਹੈ ਅਤੇ ਉਨ੍ਹਾਂ ਨੇ ਸੋਨੀਆ ਗਾਂਧੀ ਨੂੰ ਕਾਂਗਰਸ ਦਾ ਕੌਮੀ ਪ੍ਰਧਾਨ ਬਣਨ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।