'ਸੁਨੀਲ ਜਾਖੜ' ਵਲੋਂ ਜ਼ਿਮਨੀ ਚੋਣਾਂ ਲੜਨ ਤੋਂ ਇਨਕਾਰ
Tuesday, Sep 17, 2019 - 03:47 PM (IST)
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲੜਨ ਤੋਂ ਇਨਕਾਰ ਕੀਤਾ ਗਿਆ ਹੈ। ਇੱਥੇ ਪ੍ਰੈਸ ਕਾਨਫਰੰਸ ਦੌਰਾਨ ਸੁਨੀਲ ਜਾਖੜ ਨੇ ਜਲਾਲਾਬਾਦ ਤੋਂ ਜ਼ਿਮਨੀ ਚੋਣ ਲੜਨ ਦੀ ਖਬਰ ਦਾ ਖੰਡਨ ਕੀਤਾ ਅਤੇ ਨਾਲ ਹੀ ਇਹ ਵੀ ਕਿਹਾ ਹੈ ਕਿ ਕਾਂਗਰਸ ਜ਼ਿਮਨੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਵੀ ਮੌਜੂਦ ਸਨ, ਜਿਨ੍ਹਾਂ ਨੇ ਜਾਖੜ ਨੇ ਜ਼ਿਮਨੀ ਚੋਣ ਨਾ ਲੜਨ ਦੇ ਫੈਸਲੇ ਦਾ ਸੁਆਗਤ ਕੀਤਾ ਹੈ।
ਇਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਕਾਂਗਰਸੀ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਜ਼ਿਲਾ ਪ੍ਰਧਾਨਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਕਾਂਗਰਸੀ ਵਰਕਰਾਂ ਦੀ ਸੁਣਵਾਈ ਨਾ ਹੋਣ 'ਤੇ ਵੀ ਵਿਚਾਰ-ਚਰਚਾ ਕੀਤੀ ਗਈ। ਸੁਨੀਲ ਜਾਖੜ ਨੇ ਕਿਹਾ ਕਿ ਪਾਰਟੀ ਨਵੇਂ ਸਿਰੇ ਤੋਂ ਮੈਂਬਰਸ਼ਿਪ ਡਰਾਈਵ ਸ਼ੁਰੂ ਕਰੇਗੀ। ਇਸ ਮੌਕੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।