ਕੋਰੀਡੋਰ ਖੁੱਲ੍ਹਣਾ ਖੁਸ਼ਕਿਸਮਤੀ ਦੀ ਗੱਲ ਪਰ ਪਾਕਿਸਤਾਨ ''ਤੇ ਨਜ਼ਰ ਰੱਖਣਾ ਵੀ ਜ਼ਰੂਰੀ : ਜਾਖੜ
Monday, Nov 11, 2019 - 02:32 PM (IST)

ਜਲੰਧਰ (ਧਵਨ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਖੁੱਲ੍ਹਣਾ ਖੁਸ਼ਕਿਸਮਤੀ ਦੀ ਗੱਲ ਹੈ ਪਰ ਇਸ ਦੇ ਨਾਲ ਹੀ ਪਾਕਿਸਤਾਨ 'ਤੇ ਨਜ਼ਰ ਰੱਖਣਾ ਵੀ ਜ਼ਰੂਰੀ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪੰਜਾਬ 'ਤੇ ਮਿਹਰਬਾਨੀ ਹੋਈ ਹੈ, ਜਿਸ ਦੀ ਬਦੌਲਤ ਉਨ੍ਹਾਂ ਦੇ 550 ਸਾਲਾ ਪ੍ਰਕਾਸ਼ ਉਤਸਵ 'ਤੇ ਸ੍ਰੀ ਕਰਤਾਰਪੁਰ ਕੋਰੀਡੋਰ ਖੋਲ੍ਹਿਆ ਗਿਆ ਅਤੇ ਨਾਲ ਹੀ ਸ੍ਰੀ ਕਰਤਾਰਪੁਰ ਸਾਹਿਬ ਸਥਿਤ ਸ੍ਰੀ ਦਰਬਾਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਦਾ ਪੰਜਾਬੀਆਂ ਨੂੰ ਮੌਕਾ ਮਿਲ ਸਕਿਆ ਹੈ।
ਜਦ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ.'ਤੇ ਕਰਤਾਰਪੁਰ ਕੋਰੀਡੋਰ ਦੇ ਰਾਹੀਂ ਪੰਜਾਬ 'ਚ ਗੜਬੜ ਕਰਵਾਉਣ ਦਾ ਸ਼ੱਕ ਜ਼ਾਹਿਰ ਕੀਤਾ ਹੈ ਤਾਂ ਜਾਖੜ ਨੇ ਕਿਹਾ ਕਿ ਭਾਵੇਂ ਸ੍ਰੀ ਕਰਤਾਰਪੁਰ ਕੋਰੀਡੋਰ ਖੋਲ੍ਹ ਦਿੱਤਾ ਗਿਆ ਹੈ ਪਰ ਭਾਰਤ ਨੇ ਇਸ ਗੱਲ ਦਾ ਧਿਆਨ ਰੱਖਣਾ ਹੈ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪਾਕਿਸਤਾਨੀ ਫੌਜ ਰਿਮੋਟ ਕੰਟਰੋਲ ਨਾਲ ਚਲਾ ਰਹੀ ਹੈ। ਇਮਰਾਨ ਖਾਨ ਆਪਣੀ ਇੱਛਾ ਅਨੁਸਾਰ ਕੁਝ ਵੀ ਨਹੀਂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਪੰਜਾਬ 'ਚ ਗੜਬੜ ਕਰਵਾਉਣ ਤੋਂ ਬਾਜ਼ ਨਹੀਂ ਆ ਸਕਦੀ ਹੈ। ਆਈ.ਐੱਸ.ਆਈ. ਪਿਛਲੇ ਬਹੁਤ ਸਾਲਾਂ ਤੋਂ ਅਜਿਹਾ ਹੀ ਕਰਦੀ ਆ ਰਹੀ ਹੈ।
ਜਾਖੜ ਤੋਂ ਜਦੋਂ ਪੁੱਛਿਆ ਗਿਆ ਕਿ ਸਾਬਕਾ ਮੰਤਰੀ ਨਵਜੋਤ ਸਿੰਘ ਿਸੱਧੂ ਨੇ ਕਲ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਰਾਹੀਂ ਪਾਕਿਸਤਾਨ ਜਾਂਦੇ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਨਾਲ ਗੱਲਬਾਤ ਨਹੀਂ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਵੀ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਨਹੀਂ ਕਰ ਸਕੇ ਸਨ, ਕਿਉਂਕਿ ਉਸ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਮੌਜੂਦ ਸਨ ਅਤੇ ਉਸ ਦੇ ਨਾਲ ਕਾਂਗਰਸ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਪਾਕਿ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਚਲੇ ਗਏ ਸਨ। ਉਨ੍ਹਾਂ ਕਿਹਾ ਕਿ ਹੁਣ ਕਰਤਾਰਪੁਰ ਕੋਰੀਡੋਰ ਤਾਂ ਪੰਜਾਬੀਆਂ ਲਈ ਖੁੱਲ੍ਹ ਗਿਆ ਹੈ ਪਰ ਉਹ ਚਾਹੁੰਦੇ ਹਨ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਦਖਲ-ਅੰਦਾਜ਼ੀ ਬਿਲਕੁਲ ਬੰਦ ਕਰ ਦੇਵੇ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਪੰਜਾਬ ਤੋਂ ਪਾਕਿਸਤਾਨ ਦੇ ਲਈ ਵਪਾਰ ਦਾ ਰਸਤਾ ਵੀ ਹੁਣ ਆਉਣ ਵਾਲੇ ਦਿਨਾਂ 'ਚ ਖੁੱਲ੍ਹ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਜੇਕਰ ਆਪਸੀ ਸਬੰਧ ਚੰਗੇ ਹੁੰਦੇ ਹਨ ਤਾਂ ਉਸ ਸਥਿਤੀ 'ਚ ਪੰਜਾਬ ਨੂੰ ਕਾਫੀ ਲਾਭ ਮਿਲ ਸਕਦਾ ਹੈ। ਪੰਜਾਬ ਤੋਂ ਖੇਤੀ ਅਤੇ ਹੋਰ ਵਸਤੂਆਂ ਦੀ ਬਰਾਮਦ ਪਾਕਿਸਤਾਨ ਨੂੰ ਸ਼ੁਰੂ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਸ਼ਾਂਤੀ ਨੂੰ ਬੜ੍ਹਾਵਾ ਦਿੰਦਾ ਹੈ ਤਾਂ ਉਸ ਸਥਿਤੀ 'ਚ ਦੋਵਾਂ ਦੇਸ਼ਾਂ ਵਿਚਕਾਰ ਵਪਾਰਕ ਰਿਸ਼ਤੇ ਹੋਰ ਮਜ਼ਬੂਤ ਹੋ ਸਕਦੇ ਹਨ, ਜਿਸ ਨਾਲ ਦੋਵੇਂ ਦੇਸ਼ਾਂ ਨੂੰ ਲਾਭ ਹੋਵੇਗਾ।