ਸੁਨੀਲ ਜਾਖੜ ਦੀ ਸਿਹਤ ''ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
Monday, Jan 19, 2026 - 07:48 AM (IST)
ਚੰਡੀਗੜ੍ਹ (ਅੰਕੁਰ) - ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਬੀਤੇ ਦਿਨ ਅਚਾਨਕ ਸਿਹਤ ਵਿਗੜ ਜਾਣ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦੀਆਂ ਸਾਰੀਆਂ ਮੈਡੀਕਲ ਟੈਸਟ ਰਿਪੋਰਟਾਂ ਨਾਰਮਲ ਆਈਆਂ ਹਨ ਤੇ ਉਹ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਵਾਪਸ ਆ ਚੁੱਕੇ ਹਨ। ਡਾਕਟਰਾਂ ਮੁਤਾਬਕ ਹੁਣ ਉਨ੍ਹਾਂ ਦੀ ਸਿਹਤ ਪੂਰੀ ਤਰ੍ਹਾਂ ਸਥਿਰ ਹੈ।
ਮਿਲੀ ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਸੁਨੀਲ ਜਾਖੜ ਨੂੰ ਘਰ ’ਚ ਅਚਾਨਕ ਛਾਤੀ ’ਚ ਦਰਦ ਦੀ ਸ਼ਿਕਾਇਤ ਹੋਈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਤੁਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚਾਇਆ। ਹਸਪਤਾਲ ’ਚ ਡਾਕਟਰਾਂ ਦੀ ਟੀਮ ਨੇ ਸਾਵਧਾਨੀ ਵਜੋਂ ਐਂਜੀਓਗ੍ਰਾਫੀ ਸਮੇਤ ਕਈ ਜ਼ਰੂਰੀ ਜਾਂਚਾਂ ਕੀਤੀਆਂ। ਉਪਰੰਤ ਡਾਕਟਰਾਂ ਨੇ ਸਪੱਸ਼ਟ ਕੀਤਾ ਕਿ ਸਾਰੇ ਪੈਰਾਮੀਟਰ ਨਾਰਮਲ ਹਨ ਤੇ ਸੁਨੀਲ ਜਾਖੜ ਨੂੰ ਸਿਰਫ਼ ਆਰਾਮ ਦੀ ਲੋੜ ਹੈ।
ਦੱਸ ਦੇਈਏ ਕਿ ਸੁਨੀਲ ਜਾਖੜ ਨੇ ਅੱਜ ਸਵੇਰੇ 10 ਵਜੇ ਪੰਜਾਬ ਭਾਜਪਾ ਦੇ ਇੱਕ ਵਫ਼ਦ ਦੀ ਅਗਵਾਈ ਕਰਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨੀ ਸੀ ਪਰ ਘਰ ਵਿੱਚ ਅਚਾਨਕ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਜਾਣਾ ਪਿਆ ਅਤੇ ਉਨ੍ਹਾਂ ਦਾ ਗਵਰਨਰ ਹਾਊਸ ਜਾਣ ਦਾ ਪ੍ਰੋਗਰਾਮ ਰੱਦ ਹੋ ਗਿਆ। ਉਨ੍ਹਾਂ ਦੀ ਗੈਰ-ਮੌਜੂਦਗੀ ਵਿੱਚ ਵਫ਼ਦ ਨੇ ਭਾਜਪਾ ਆਗੂ ਸੁਭਾਸ਼ ਸ਼ਰਮਾ ਦੀ ਅਗਵਾਈ ਵਿੱਚ ਰਾਜਪਾਲ ਨਾਲ ਮੁਲਾਕਾਤ ਕੀਤੀ।
