ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਸਤਨਾਮ ਸਿੰਘ ਤੇ ਇੰਚਾਰਜ ਗੁਰਿੰਦਰਪਾਲ ਸਿੰਘ ਠਰੂ ਹੋਏ ਸੇਵਾ ਮੁਕਤ
Sunday, Mar 01, 2020 - 04:29 PM (IST)
ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਪਰਡੈਂਟ ਸਤਨਾਮ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੀ ਅਮਲਾ ਸ਼ਾਖਾ ਦੇ ਇੰਚਾਰਜ ਗੁਰਿੰਦਰਪਾਲ ਸਿੰਘ ਠਰੂ ਅੱਜ ਸੇਵਾ ਮੁਕਤ ਹੋ ਗਏ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਵਿਦਾਇਗੀ ਸਮਾਰੋਹ ਦੌਰਾਨ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਨਿੱਘੀ ਵਿਦਾਇਗੀ ਦਿੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਸਤਨਾਮ ਸਿੰਘ ਅਤੇ ਗੁਰਿੰਦਰਪਾਲ ਸਿੰਘ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਹੈ, ਜਿਸ 'ਚ ਸੇਵਾ ਦਾ ਮੌਕਾ ਮਿਲਣਾ ਖੁਸ਼ਕਿਸਮਤੀ ਵਾਲੀ ਗੱਲ ਹੈ।
ਉਨ੍ਹਾਂ ਆਖਿਆ ਕਿ ਦੋਹਾਂ ਅਧਿਕਾਰੀਆਂ ਨੇ ਹਮੇਸ਼ਾ ਹੀ ਸੰਸਥਾ ਦੀ ਬਿਹਤਰੀ ਲਈ ਕੰਮ ਕੀਤਾ ਹੈ। ਇਨ੍ਹਾਂ ਦੇ ਤਜਰਬੇ ਤੋਂ ਨਵੇਂ ਮੁਲਾਜ਼ਮਾਂ ਨੂੰ ਸੇਧ ਲੈਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ ਤੇ ਪ੍ਰਤਾਪ ਸਿੰਘ ਨੇ ਵੀ ਨੇ ਵਿਚਾਰ ਸਾਂਝੇ ਕੀਤੇ ਅਤੇ ਸਤਨਾਮ ਸਿੰਘ ਤੇ ਗੁਰਿੰਦਰਪਾਲ ਸਿੰਘ ਠਰੂ ਦੀਆਂ ਸੇਵਾਵਾਂ ਨੂੰ ਵਡਿਆਇਆ। ਇਸ ਸਮੇਂ ਸਤਨਾਮ ਸਿੰਘ ਅਤੇ ਗੁਰਿੰਦਰਪਾਲ ਸਿੰਘ ਠਰੂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅਤੇ ਸਭਾ-ਸੋਸਾਇਟੀਆਂ ਵੱਲੋਂ ਵੀ ਸੇਵਾ ਮੁਕਤ ਮੁਲਾਜ਼ਮਾਂ ਨੂੰ ਸਨਮਾਨ ਦਿੱਤੇ ਗਏ।