ਸੁਪਰੀਮ ਕੋਰਟ ਨੇ ਰਾਜੋਆਣਾ ਦੀ ਪਟੀਸ਼ਨ ’ਤੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
Friday, Sep 27, 2024 - 10:47 PM (IST)
ਨਵੀਂ ਦਿੱਲੀ, (ਭਾਸ਼ਾ)- ਸੁਪਰੀਮ ਕੋਰਟ ਨੇ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਗਏ ਬਲਵੰਤ ਸਿੰਘ ਰਾਜੋਆਣਾ ਦੀ ਉਸ ਪਟੀਸ਼ਨ ’ਤੇ ਕੇਂਦਰ, ਪੰਜਾਬ ਸਰਕਾਰ ਅਤੇ ਹੋਰਨਾਂ ਤੋਂ ਜਵਾਬ ਮੰਗਿਆ ਹੈ, ਜਿਸ ਵਿਚ ਉਸ ਦੀ ਰਹਿਮ ਦੀ ਪਟੀਸ਼ਨ ’ਤੇ ਫੈਸਲਾ ਲੈਣ ’ਚ ‘ਜ਼ਿਆਦਾ ਦੇਰੀ’ ਕਾਰਨ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੇ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ।
ਰਾਜੋਆਣਾ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਫੈਸਲੇ ਵਿਚ ‘ਜ਼ਿਆਦਾ ਦੇਰੀ’ ਕਾਰਨ ਉਸ ਦੀ ਰਿਹਾਈ ਲਈ ਹਦਾਇਤਾਂ ਜਾਰੀ ਕੀਤੀਆਂ ਜਾਣ।
ਸੁਪਰੀਮ ਕੋਰਟ ਨੇ ਪਿਛਲੇ ਸਾਲ 3 ਮਈ ਨੂੰ ਰਾਜੋਆਣਾ ਨੂੰ ਸੁਣਾਈ ਗਈ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਤੋਂ ਇਨਕਾਰ ਕਰ ਦਿੱਤਾ ਸੀ। ਸੁਪਰੀਮ ਕੋਰਟ ਵਿਚ ਦਾਇਰ ਆਪਣੀ ਨਵੀਂ ਪਟੀਸ਼ਨ ਵਿਚ ਰਾਜੋਆਣਾ ਨੇ ਕਿਹਾ ਹੈ ਕਿ ਉਸ ਨੇ ਕੁੱਲ ਮਿਲਾ ਕੇ 28 ਸਾਲ 8 ਮਹੀਨੇ ਦੀ ਸਜ਼ਾ ਕੱਟੀ ਹੈ, ਜਿਸ ਵਿਚੋਂ ਉਸ ਨੇ 17 ਸਾਲ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਦੋਸ਼ੀ ਵਜੋਂ ਕੱਟੇ ਹਨ।