ਐੱਸ. ਵਾਈ. ਐੱਲ. ''ਤੇ ਗਰਮਾਈ ਪੰਜਾਬ ਦੀ ਸਿਆਸਤ, ਬਾਜਵਾ ਦਾ ਬਾਦਲਾਂ ''ਤੇ ਵੱਡਾ ਹਮਲਾ (ਵੀਡੀਓ)

11/11/2016 5:02:40 PM

ਜਲੰਧਰ : ਸੁਪਰੀਮ ਕੋਰਟ ਵਲੋਂ ਐੱਸ. ਵਾਈ. ਐੱਲ. ਦੇ ਮੁੱਦੇ ''ਤੇ ਪੰਜਾਬ ਖਿਲਾਫ ਫੈਸਲਾ ਸੁਣਾਉਣ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਜਿਥੇ ਅਕਾਲੀ ਦਲ ਵਲੋਂ ਇਸ ਮੁੱਦੇ ''ਤੇ ਕਾਂਗਰਸ ਨੂੰ ਘੇਰਿਆ ਜਾ ਰਿਹਾ ਹੈ, ਉਥੇ ਹੀ ਕਾਂਗਰਸ ਵਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਦਾ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਪ੍ਰਤਾਪ ਸਿੰਘ ਬਾਜਵਾ ਨੇ ਸੁਪਰੀਮ ਕੋਰਟ ਦੇ ਇਸ ਫੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ''ਜਗ ਬਾਣੀ'' ਨਾਲ ਗੱਲਬਾਤ ਕਰਦੇ ਹੋਏ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਮਹਾਨ ਧਰਤੀ ਨੇ ਪਹਿਲਾਂ ਹੀ ਬਹੁਤ ਕੁਰਬਾਨੀਆਂ ਦਿੱਤੀਆਂ ਹਨ ਪਰ ਐੱਸ. ਵਾਈ. ਐੱਲ. ਦੇ ਮੁੱਦੇ ''ਤੇ ਪੰਜਾਬ ਦਾ ਪਾਣੀ ਬਾਹਰ ਨਹੀਂ ਜਾਣ ਦਿੱਤਾ ਜਾ ਸਕਦਾ।
ਬਾਜਵਾ ਨੇ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ, ਜਿਸ ਦੀ ਅੱਧੇ ਨਾਲੋਂ ਜ਼ਿਆਦਾ ਵਸੋਂ ਖੇਤੀ ''ਤੇ ਨਿਰਭਰ ਹੈ, ਇਸ ਲਈ ਪੰਜਾਬ ਦਾ ਪਾਣੀ ਹੋਰ ਸੂਬਿਆਂ ਨੂੰ ਨਹੀਂ ਦਿੱਤਾ ਜਾ ਸਕਦਾ। ਬਾਜਵਾ ਨੇ ਕਿਹਾ ਕਿ ਪੰਜਾਬ ਦਾ ਪਾਣੀ ਪੰਜਾਬ ਲਈ ਲਾਈਵ ਲਾਈਨ ਹੈ ਅਤੇ ਜੇਕਰ ਐੱਸ. ਵਾਈ. ਐੱਲ. ਨਹਿਰ ਨਿਕਲਦੀ ਹੈ ਤਾਂ ਪੰਜਾਬ ਦੀ 10 ਲੱਖ ਏਕੜ ਜ਼ਮੀਨ ਬੰਜਰ ਹੋ ਜਾਵੇਗੀ, ਜਿਸ ਨਾਲ ਪੰਜਾਬ ਦਾ ਵੱਡਾ ਨੁਕਸਾਨ ਹੋਵੇਗਾ। ਬਾਜਵਾ ਨੇ ਕਿਹਾ ਕਿ ਭਾਵੇਂ ਹਰਿਆਣਾ ਅਤੇ ਰਾਜਸਥਾਨ ਭਾਰਤ ਦੇ ਹੀ ਅੰਗ ਹਨ ਪਰ ਫਿਰ ਪੰਜਾਬ ਇਨ੍ਹਾਂ ਸੂਬਿਆਂ ਨੂੰ ਪਾਣੀ ਦੇਣ ਦੀ ਹਾਲਤ ਵਿਚ ਨਹੀਂ ਹੈ।
ਬਾਦਲ ਸਰਕਾਰ ''ਤੇ ਹਮਲਾ ਕਰਦੇ ਹੋਏ ਬਾਜਵਾ ਨੇ ਕਿਹਾ ਕਿ ਐੱਸ. ਵਾਈ. ਐੱਲ. ਦੇ ਮੁੱਖ ਜ਼ਿੰਮੇਵਾਰ ਮੁੱਖ ਮੰਤਰੀ ਬਾਦਲ ਹੀ ਹਨ। ਬਾਜਵਾ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਪਹਿਲਾਂ ਬਾਦਲਾਂ ਵਲੋਂ ਬਿਆਨ ਦਿੱਤਾ ਗਿਆ ਸੀ ਕਿ ਜੇਕਰ ਇਹ ਫੈਸਲਾ ਪੰਜਾਬ ਦੇ ਖਿਲਾਫ ਆਉਂਦਾ ਹੈ ਤਾਂ ਉਹ ਆਪਣੇ ਅਹੁਦਿਆਂ ਤੋਂ ਅਸਤੀਫੇ ਦੇਣਗੇ ਪਰ ਬਾਵਜੂਦ ਇਸ ਦੇ ਬਾਦਲਾਂ ਵਲੋਂ ਅਸਤੀਫੇ ਨਹੀਂ ਦਿੱਤੇ।


Gurminder Singh

Content Editor

Related News