ਪੰਜਾਬ ''ਚ ਸਰਪਲੱਸ ਬਿਜਲੀ, ਕੋਈ ਸ਼ਡਿਊਲ ਕੱਟ ਨਹੀਂ : ਰਾਣਾ ਗੁਰਜੀਤ

06/25/2017 12:57:07 PM


ਜਲੰਧਰ(ਪੁਨੀਤ)-20 ਕਰੋੜ ਦੀ ਲਾਗਤ ਨਾਲ ਅਰਬਨ ਅਸਟੇਟ 'ਚ ਬਣਾਇਆ ਗਿਆ 66 ਕੇ. ਵੀ. ਸਬ-ਸਟੇਸ਼ਨ ਜਨਤਾ ਨੂੰ ਸਮਰਪਿਤ ਕਰ ਦਿੱਤਾ ਗਿਆ, ਜਿਸ ਨਾਲ ਲੋਕਾਂ ਨੂੰ ਬਿਜਲੀ ਸਬੰਧੀ ਬਿਹਤਰ ਸੇਵਾਵਾਂ ਮਿਲ ਸਕਣਗੀਆਂ। ਅੱਜ ਉਕਤ ਸਬ-ਸਟੇਸ਼ਨ ਦਾ ਉਦਘਾਟਨ ਸਿੰਚਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਅਕਾਲੀ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਅੱਜ ਅਕਾਲੀ ਨੇਤਾਵਾਂ ਵੱਲੋਂ ਪਗੜੀ ਉਛਾਲਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ, ਜਦਕਿ ਸੱਚਾਈ ਤਾਂ ਇਹ ਹੈ ਕਿ ਅਕਾਲੀਆਂ ਦੇ ਰਾਜ 'ਚ ਤਾਂ ਪਗੜੀ ਬੰਨ੍ਹੇ ਸਿਰ ਹੀ ਕੱਟ ਦਿੱਤੇ ਗਏ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਦਾ ਵਿਰੋਧ ਕਰਨ ਤੇ ਰੋਸ ਜਤਾਉਣ ਵਾਲਿਆਂ 'ਤੇ ਉਨ੍ਹਾਂ ਗੋਲੀਆਂ ਚਲਾਈਆਂ। ਕੇਬਲ ਮਾਫੀਆ 'ਤੇ ਕਾਰਵਾਈ ਦੇ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਇਹ ਫੈਸਲਾ ਮੁੱਖ ਮੰਤਰੀ ਵੱਲੋਂ ਲਿਆ ਜਾਵੇਗਾ। ਬਜਟ ਸੈਸ਼ਨ ਦੌਰਾਨ ਅਕਾਲੀ ਤੇ ਭਾਜਪਾ ਵਿਧਾਇਕਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਦੀ ਉਨ੍ਹਾਂ ਨਿੰਦਾ ਕਰਦਿਆਂ ਕਿਹਾ ਕਿ ਲੋਕ ਮੁੱਦਿਆਂ 'ਤੇ ਬੋਲਣ ਦੀ ਥਾਂ ਦੋਵਾਂ ਪਾਰਟੀਆਂ ਵੱਲੋਂ ਆਪਣੀ ਹਾਰ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 5 ਰੁਪਏ ਪ੍ਰਤੀ ਯੂਨਿਟ ਬਿਜਲੀ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਪਣਾ ਵਾਅਦਾ ਨਿਭਾਇਆ ਹੈ ਤੇ ਜਲਦੀ ਹੀ ਲੋਕਾਂ ਨੂੰ ਤੈਅ ਕੀਤੀਆਂ ਗਈਆਂ ਨਵੀਆਂ ਦਰਾਂ ਮੁਤਾਬਿਕ ਬਿਜਲੀ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਰਪਲੱਸ ਬਿਜਲੀ ਹੋਣ ਕਾਰਨ ਕੋਈ ਸ਼ਡਿਊਲ ਕੱਟ ਨਹੀਂ ਲਾਇਆ ਜਾ ਰਿਹਾ ਤੇ ਕਿਸਾਨਾਂ ਨੂੰ 8 ਘੰਟੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। 
ਰਾਣਾ ਨੇ ਬਜਟ ਦੇ ਬਾਰੇ ਬੋਲਦਿਆਂ ਕਿਹਾ ਕਿ ਜਨਤਾ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਬਜਟ ਪੇਸ਼ ਕੀਤਾ ਗਿਆ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿਚ ਪੰਜਾਬ ਵਿੱਤੀ ਤੌਰ 'ਤੇ ਮਜ਼ਬੂਤ ਹੋਵੇਗਾ ਤੇ ਲੋਕਾਂ ਨੂੰ ਵੱਧ ਸਹੂਲਤਾਂ ਮਿਲ ਸਕਣਗੀਆਂ। ਉਨ੍ਹਾਂ ਕਿਹਾ ਕਿ ਵਿਧਾਨ ਸਭਾ 'ਚ ਡਿਊਟੀ ਕਰ ਰਹੇ ਸਟਾਫ 'ਤੇ ਹਮਲਾ ਕਰ ਕੇ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਲੋਕਤੰਤਰ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਤੇ ਸਪੀਕਰ ਦੇ ਅਹੁਦੇ ਦੀ ਮਾਣ-ਮਰਿਆਦਾ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਮਦਦ ਲਈ ਕਾਂਗਰਸ ਸਰਕਾਰ ਨੇ ਕਰਜ਼ਾ ਮੁਆਫ ਤੇ ਕੁਰਕੀ 'ਤੇ ਰੋਕ ਦਾ ਜੋ ਫੈਸਲਾ ਲਿਆ ਹੈ, ਉਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਕੈਂਟ ਦੇ ਵਿਧਾਇਕ ਪ੍ਰਗਟ ਸਿੰਘ, ਵੈਸਟ ਤੋਂ ਸੁਸ਼ੀਲ ਰਿੰਕੂ, ਬਲਰਾਜ ਠਾਕੁਰ, ਵਰਿੰਦਰ ਸ਼ਰਮਾ ਤੇ ਹੋਰ ਮੌਜੂਦ ਸਨ।