ਵੱਡੀ ਖ਼ਬਰ: ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਕਾਂਗਰਸ ਨੇ ਪਾਰਟੀ 'ਚੋਂ ਕੱਢਿਆ ਬਾਹਰ

Wednesday, Apr 05, 2023 - 05:31 PM (IST)

ਜਲੰਧਰ (ਵੈੱਬ ਡੈਸਕ)- ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਕਾਂਗਰਸ ਹਾਈਕਮਾਨ ਨੇ ਪਾਰਟੀ ਵਿਚੋਂ ਕੱਢ ਦਿੱਤਾ ਹੈ। ਇਸ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਇੰਚਾਰਜ ਹਰੀਸ਼ ਚੌਧਰੀ ਵੱਲੋਂ ਦਿੱਤੀ ਗਈ ਹੈ। ਪਾਰਟੀ ਵੱਲੋਂ ਇਹ ਐਕਸ਼ਨ ਰਿੰਕੂ ਵੱਲੋਂ ਪਾਰਟੀ ਵਿਰੋਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੋਂ ਬਾਅਦ ਲਿਆ ਗਿਆ। ਇਸ ਸਬੰਧੀ ਹਰੀਸ਼ ਚੌਧਰੀ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਇਥੇ ਦੱਸਣਯੋਗ ਹੈ ਕਿ ਅੱਜ ਸਵੇਰ ਤੋਂ ਹੀ ਚਰਚਾਵਾਂ ਦਾ ਬਾਜ਼ਾਰ ਗਰਮ ਹੈ ਕਿ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਪਾਰਟੀ ਆਪਣਾ ਉਮੀਦਵਾਰ ਬਣਾਉਣ ਜਾ ਰਹੀ ਹੈ। ਇਸ ਦਾ ਰਸਮੀ ਐਲਾਨ ਜਲਦ ਹੀ ਹੋਣ ਵਾਲਾ ਹੈ। ਅੱਜ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸ਼ਾਮ ਨੂੰ ਫਗਵਾੜਾ ਵਿਚ ਆ ਰਹੇ ਹਨ, ਜਿੱਥੇ ਉਨ੍ਹਾਂ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ। 

PunjabKesari

ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਤੋਂ ਪਾਰਟੀ ਦਾ ਇਕ ਖੇਮਾ ਵੀ ਕਾਫ਼ੀ ਨਾਰਾਜ਼ ਹੈ। ਇਹ ਖੇਮਾ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਲਈ ਟਿਕਟ ਦੀ ਮੰਗ ਕਰ ਰਿਹਾ ਸੀ ਪਰ ਫਿਲਹਾਲ ਪਾਰਟੀ ਦੇ ਆਲਾ ਆਗੂਆਂ ਨੇ ਪਰਿਵਾਰਵਾਦ ਨਾ ਚੱਲਣ ਦੇਣ ਦਾ ਦਲੀਲ ਦੇ ਕੇ ਇਸ ਮੰਗ ਨੂੰ ਖਾਰਿਜ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦਾ ਨਤੀਜਾ ਐਲਾਨਿਆ ਜਾਵੇਗਾ। ਯਾਦ ਰਹੇ ਕਿ ਕਾਂਗਰਸ ਵੱਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਇਥੋਂ ਉਮੀਦਵਾਰ ਐਲਾਨਿਆ ਗਿਆ ਹੈ। ਜਦਕਿ ਅਕਾਲੀ ਦਲ ਅਤੇ ਭਾਜਪਾ ਵਲੋਂ ਅਜੇ ਤਕ ਆਪਣੇ ਪੱਤੇ ਨਹੀਂ ਖੋਲ੍ਹੇ ਗਏ ਹਨ। 

ਇਹ ਵੀ ਪੜ੍ਹੋ : ਜਲੰਧਰ ਦੇ ਕੰਪਨੀ ਬਾਗ ਨੇੜੇ ਵਾਪਰੀ ਵੱਡੀ ਵਾਰਦਾਤ, ਬੈਂਕ 'ਚ ਗਏ ਵਿਅਕਤੀ ਕੋਲੋਂ 4 ਲੱਖ ਰੁਪਏ ਲੁੱਟੇ

ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਮਗਰੋਂ ਖਾਲ੍ਹੀ ਹੋਈ ਸੀ ਜਲੰਧਰ ਲੋਕ ਸਭਾ ਸੀਟ
ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦਾ 14 ਜਨਵਰੀ 2023 ਨੂੰ ਉਸ ਸਮੇਂ ਦਿਹਾਂਤ ਹੋ ਗਿਆ ਸੀ ਜਦੋਂ ਉਹ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਸੁਰੱਖਿਆ ਦਸਤੇ ਵੱਲੋਂ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਸੀ। 

ਇਹ ਵੀ ਪੜ੍ਹੋ : ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ: ਖ਼ੁਦ ਨੂੰ ਬਿਹਤਰ ਦੱਸਣ ਤੇ ਭਾਜਪਾ ਸੰਗਠਨ ਦਾ ਭੱਠਾ ਬਿਠਾਉਣ ’ਚ ਜੁਟੇ ‘ਨੇਤਾ ਜੀ’

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 

 

 


shivani attri

Content Editor

Related News