ਸੁਸ਼ਮਾ ਸਿੱਖਾਂ ਵਿਰੁੱਧ ਨਫਰਤੀ ਅਪਰਾਧਾਂ ਦਾ ਮੁੱਦਾ ਅਮਰੀਕੀ ਸਰਕਾਰ ਕੋਲ ਉਠਾਉਣ : ਸੁਖਬੀਰ

08/19/2018 7:02:24 AM

ਚੰਡੀਗੜ੍ਹ, (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕਾ ਵਿਚ ਸਿੱਖਾਂ ਵਿਰੁੱਧ ਲਗਾਤਾਰ ਵਾਪਰ ਰਹੀਆਂ ਨਫਰਤੀ ਅਪਰਾਧ ਦੀਆਂ ਘਟਨਾਵਾਂ ਦਾ ਮੁੱਦਾ ਅਮਰੀਕੀ ਸਰਕਾਰ ਕੋਲ ਉਠਾਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਫ਼ਰਤੀ ਹਮਲਿਆਂ ਦਾ ਟਾਕਰਾ ਕਰਨ ਲਈ ਸਥਾਨਕ ਲੋਕਾਂ ਨੂੰ ਸਿੱਖ ਧਰਮ ਅਤੇ ਸਿੱਖ ਵਿਸ਼ਵਾਸਾਂ ਬਾਰੇ ਜਾਣਕਾਰੀ ਦੇਣ ਲਈ ਇਕ ਮੁਹਿੰਮ ਸ਼ੁਰੂ ਕਰਨ।
ਇਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੱਲ ਨਿਊਜਰਸੀ ਵਿਚ ਹੋਇਆ ਤਿਰਲੋਕ ਸਿੰਘ ਦਾ ਕਤਲ ਪਿਛਲੇ ਤਿੰਨ ਹਫ਼ਤਿਆਂ ਦੌਰਾਨ ਅਮਰੀਕਾ ਵਿਚ ਸਿੱਖਾਂ 'ਤੇ ਨਫ਼ਰਤੀ ਹਮਲੇ ਦੀ ਤੀਜੀ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਅਮਰੀਕਾ ਵਿਚ ਰਹਿੰਦੇ ਸਿੱਖਾਂ ਅੰਦਰ ਚਿੰਤਾ ਦੀ ਲਹਿਰ ਦੌੜ ਗਈ ਹੈ ਅਤੇ ਉਨ੍ਹਾਂ ਦੀ ਇਸ ਤਕਲੀਫ਼ ਨੂੰ ਦੂਰ ਕਰਨ ਲਈ ਤੁਰੰਤ ਜ਼ਰੂਰੀ ਕਦਮ ਚੁੱਕੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੈਂ ਵਿਦੇਸ਼ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਮਸਲੇ ਨੂੰ ਉਚ ਪੱਧਰ 'ਤੇ ਉਠਾਉਣ ਤਾਂ ਕਿ ਅਮਰੀਕਾ ਵਿਚ ਵਸਦੇ ਸਿੱਖਾਂ ਦੀ ਜ਼ਿੰਦਗੀ ਤੇ ਜਾਇਦਾਦ ਦੀ ਰਾਖੀ ਕੀਤੀ ਜਾ ਸਕੇ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਤਿਰਲੋਕ ਸਿੰਘ ਦੇ ਕਤਲ ਤੋਂ ਪਹਿਲਾਂ 31 ਜੁਲਾਈ ਨੂੰ ਕੈਲੀਫੋਰਨੀਆ ਵਿਚ ਸੁਰਜੀਤ ਸਿੰਘ 'ਤੇ ਹਮਲਾ ਹੋਇਆ ਸੀ ਤੇ ਉਸ ਤੋਂ ਬਾਅਦ 6 ਅਗਸਤ ਨੂੰ ਕੈਲੀਫੋਰਨੀਆ ਵਿਚ ਹੀ 71 ਸਾਲ ਦੇ ਬਜ਼ੁਰਗ ਸਾਹਿਬ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਹਮਲਿਆਂ ਨੇ ਸਾਬਿਤ ਕਰ ਦਿੱਤਾ ਹੈ ਕਿ ਅਮਰੀਕੀ ਸਮਾਜ ਅਜੇ ਸਿੱਖ ਧਰਮ ਨੂੰ ਲੈ ਕੇ ਗਲਤਫਹਿਮੀਆਂ ਦਾ ਸ਼ਿਕਾਰ ਹੈ ਅਤੇ ਇਸ ਦਿਸ਼ਾ ਵਿਚ ਜ਼ਰੂਰੀ ਕਦਮ ਚੁੱਕੇ ਜਾਣ ਦੀ ਲੋੜ ਹੈ।