ਸਸਪੈਂਡ ਕੀਤੇ ਅਧਿਆਪਕਾਂ ਨੂੰ ਬਹਾਲ ਕਰਵਾਉਣ ਲਈ ਫੂਕਿਆ ਮੁੱਖ ਮੰਤਰੀ ਦਾ ਪੁਤਲਾ

08/10/2018 12:45:13 AM

 ਸਮਾਣਾ,  (ਦਰਦ)-  ਪੰਜਾਬ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਅਧਿਆਪਕਾਂ ਦੀਆਂ ਮੰਗਾਂ ਹੱਲ ਕਰਨ ਦੀ ਬਜਾਏ ਉਨ੍ਹਾਂ ਦੇ ਸੰਘਰਸ਼ ਨੂੰ ਤਾਨਾਸ਼ਾਹੀ ਤਰੀਕੇ ਨਾਲ ਦਬਾਉਣ ਲਈ ਅੰਮ੍ਰਿਤਸਰ ਵਿਖੇ 5 ਅਧਿਆਪਕ ਆਗੂਆਂ ਨੂੰ ਸਸਪੈਂਡ ਕਰ ਦਿੱਤਾ ਹੈ।   ਇਸ ਦੇ ਰੋਸ ਵਜੋਂ ਨੌਜਵਾਨ ਭਾਰਤ ਸਭਾ ਤਹਿਸੀਲ ਸਮਾਣਾ (ਪਟਿਆਲਾ) ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। 
 ਇਸ ਮੌਕੇ ਸੰਬੋਧਨ ਕਰਦਿਆਂ ਨੌਜਵਾਨ ਭਾਰਤ ਸਭਾ ਦੇ ਆਗੂਆਂ ਰਮਿੰਦਰ ਸਿੰਘ ਪਟਿਆਲਾ ਅਤੇ ਕੁਲਵੀਰ ਟੋਡਰਪੁਰ ਨੇ ਆਖਿਆ ਕਿ ਪੰਜਾਬ ਸਰਕਾਰ ਨਿੱਜੀਕਰਨ ਅਤੇ ਉਦਾਰੀਕਰਨ ਦੀਆਂ ਨੀਤੀਆਂ ’ਤੇ ਚਲਦਿਆਂ ਸਰਕਾਰੀ ਸਿੱਖਿਆ ਤੋਂ ਆਪਣੇ ਹੱਥ ਪਿੱਛੇ ਖਿੱਚ ਰਹੀ ਹੈ। ਇਸ ਕਾਰਨ ਅਧਿਆਪਕਾਂ ਨੂੰ ਠੇਕਾ ਆਧਾਰਤ ਨੌਕਰੀ ’ਤੇ ਰੱਖ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਨੂੰ ਵਰਦੀਆਂ, ਵਜ਼ੀਫੇ ਅਤੇ ਸਕੂਲਾਂ ਲਈ ਲੋਡ਼ੀਂਦੀਅਾਂ ਗ੍ਰਾਂਟਾਂ ਜਾਰੀ ਨਾ ਕਰ ਕੇ ਸਿੱਖਿਆ ਵਿਭਾਗ ਦੇ ਖਾਤਮੇ ਵੱਲ ਕਦਮ ਪੁੱਟੇ ਜਾ ਰਹੇ ਹਨ।
 ਉਨ੍ਹਾਂ ਆਖਿਆ ਕਿ ਲੋਕ-ਲੁਭਾਊ ਵਾਅਦੇ ਕਰ ਕੇ ਸੱਤਾ ਵਿਚ ਆਈ ਕੈਪਟਨ ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਤਾਨਾਸ਼ਾਹੀ ਤਰੀਕੇ ਨਾਲ ਦਬਾਅ ਦੇਣਾ ਚਾਹੁੰਦੀ ਹੈ। ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਖੁੱਲ੍ਹੇ ਰੂਪ ਵਿਚ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਵਾਰ-ਵਾਰ ਧਮਕੀਆਂ ਦੇ ਰਹੇ ਹਨ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਸਕੂਲਾਂ ’ਚ ਹਮਲਾਵਰ ਤਰੀਕੇ ਨਾਲ ਛਾਪੇ ਮਾਰ ਕੇ ਅਧਿਆਪਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੇ ਹਨ। ਨੌਜਵਾਨਾਂ ਆਖਿਆ ਕਿ ਜੇਕਰ ਪੰਜਾਬ ਸਰਕਾਰ ਸਸਪੈਂਡ ਕੀਤੇ ਆਗੂਆਂ ਨੂੰ ਬਹਾਲ ਕਰ ਕੇ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਕੋਈ ਹੱਲ ਨਹੀਂ ਕਰਦੀ ਤਾਂ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਨੌਜਵਾਨ ਭਾਰਤ ਸਭਾ ਡਟ ਕੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕਰੇਗੀ। 
 ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਜ਼ਿਲਾ ਆਗੂ ਮਨਜੀਤ ਗੁਰਦਿਆਲਪੁਰਾ, ਕ੍ਰਿਸ਼ਨ ਸਮਾਣਾ, ਸਰਬਜੀਤ ਜੋਡ਼ਾਮਾਜਰਾ ਤੇ ਜਰਨੈਲ ਮਰਦਾਂਹੇਡ਼ੀ ਤੋਂ ਇਲਾਵਾ ਅਧਿਆਪਕ ਆਗੂ ਹਰਦੀਪ ਟੋਡਰਪਰ, ਅਤਿੰਦਰਪਾਲ ਘੱਗਾ ਅਤੇ ਕਰਮਿੰਦਰ ਸਿੰਘ ਵੀ ਹਾਜ਼ਰ ਸਨ।