ਸਫ਼ਾਈ ਕਾਮਿਆਂ ਵੱਲੋਂ 9 ਜੂਨ ਨੂੰ ਪਟਿਆਲਾ ਵਿਖੇ ਮੋਤੀ ਮਹਿਲ ਦਾ ਘਿਰਾਓ ਕਰਕੇ ਦਿੱਤਾ ਜਾਵੇਗਾ ਰੋਸ ਧਰਨਾ
Monday, Jun 07, 2021 - 02:06 AM (IST)
ਭਵਾਨੀਗੜ੍ਹ(ਕਾਂਸਲ)- ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਵੱਲੋਂ ਆਪਣੀ ਹੜਤਾਲ ਨੂੰ ਅੱਜ 24 ਵੇਂ ਦਿਨ ਵੀ ਅਣਮਿੱਥੇ ਸਮੇਂ ਲਈ ਜਾਰੀ ਰੱਖਦਿਆਂ ਸਥਾਨਕ ਨਗਰ ਕੌਂਸਲ ਦਫਤਰ ਵਿਖੇ ਦਿੱਤੇ ਗਏ ਰੋਸ ਧਰਨੇ ਦੌਰਾਨ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਮੁੱਖ ਸਲਾਹਕਾਰ ਕੁਲਦੀਪ ਸ਼ਰਮਾ ਫ਼ਰੀਦਕੋਟ ਅਤੇ ਸੀਨੀਅਰ ਮੀਤ ਪ੍ਰਧਾਨ ਸੋਮਨਾਥ ਚੌਬੜ ਮੋਗਾ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲ ਤੋਂ ਅਸੀਂ ਸੰਕੇਤਕ ਸ਼ੰਘਰਸਾਂ ਰਾਹੀਂ ਆਪਣੀਆਂ ਮੰਗਾਂ ਸਬੰਧੀ ਦੱਸਦੇ ਆ ਰਹੇ ਹਾਂ ਪਰ ਸੂਬਾ ਸਰਕਾਰ ਨੇ ਅਜੇ ਤੱਕ ਸਫਾਈ ਸੇਵਕਾਂ ਦਾ ਕੋਈ ਹੱਲ ਨਹੀਂ ਕੀਤਾ। ਜਿਸ ਕਰਕੇ ਸਫ਼ਾਈ ਕਰਮਚਾਰੀਆਂ ਵਿਚ ਪੰਜਾਬ ਸਰਕਾਰ ਪ੍ਰਤੀ ਤਿੱਖਾ ਰੋਸ ਪਾਇਆ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਹੁਣ 9 ਜੂਨ ਨੂੰ ਪੂਰੇ ਪੰਜਾਬ ਦੇ ਸਫਾਈ ਅਤੇ ਮਿਊਂਸੀਪਲ ਕਾਮਿਆਂ ਵੱਲੋ ਪਟਿਆਲਾ ਵਿਖੇ ਵੱਡਾ ਇਕੱਠ ਕਰਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰ ਕੇ ਤਿੱਖਾ ਰੋਸ ਧਰਨਾ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਮੌਕੇ ਜੇਕਰ ਲੋੜ ਪਈ ਤਾਂ ਅਸੀਂ ਬੈਰੀਕੇਡ ਵੀ ਤੋੜਾਂਗੇ ਤੇ ਅਸੀਂ ਸਰਕਾਰ ਨੂੰ ਆਪਣੀਆਂ ਮੰਗਾਂ ਮੰਨਣ ਲਈ ਮਜਬੂਰ ਕਰ ਦੇਵਾਂਗੇ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਲੋਕਾਂ ਨੂੰ ਬੀਮਾਰੀਆਂ ਤੋਂ ਦੂਰ ਰੱਖਣ ਲਈ ਇਕ ਸਿਪਾਹੀ ਦੇ ਤੌਰ 'ਤੇ ਕੰਮ ਕਰਦੇ ਹੋਏ ਸ਼ਹਿਰਾਂ ਵਿੱਚ ਸਫ਼ਾਈ ਕਰਦੇ ਹਨ ਪਰ ਜੇਕਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਬਾਰੇ ਸਰਕਾਰ ਵੱਲੋਂ ਨਹੀਂ ਸੋਚਿਆ ਜਾਵੇਗਾ ਤਾਂ ਅਸੀਂ ਵੀ ਸਰਕਾਰ ਬਾਰੇ ਕਿਉਂ ਸੋਚਾਂਗੇ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਆਮ ਜਨਤਾ ਨਾਲ ਸਫ਼ਾਈ ਸੇਵਕਾਂ ਦੀ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸਹੂਲਤ ਦੇਣਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ ਇਸ ਲਈ ਸਰਕਾਰ ਨੂੰ ਲੋਕਾਂ ਬਾਰੇ ਜ਼ਰੂਰ ਸੋਚਣਾ ਚਾਹੀਦਾ ਹੈ ਅਤੇ ਸਫ਼ਾਈ ਸੇਵਕਾਂ ਦੀਆਂ ਸਾਰੀਆਂ ਮੰਗਾਂ ਜਲਦ ਮੰਨ ਕੇ ਇਸ ਸੰਘਰਸ਼ ਦਾ ਖ਼ਾਤਮਾ ਕਰਕੇ ਸ਼ਹਿਰਾਂ ਵਿੱਚ ਸਫ਼ਾਈ ਦਾ ਕੰਮ ਜਲਦ ਸ਼ੁਰੂ ਕਰਵਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਮਨ ਵਿੱਚੋਂ ਭਰਮ ਕੱਢ ਦੇਣਾ ਚਾਹੀਦਾ ਹੈ ਕਿ ਸਫ਼ਾਈ ਸੇਵਕ ਬਿਨਾਂ ਮੰਗਾਂ ਮੰਨੇ ਹੀ ਆਪਣੀ ਹੜਤਾਲ ਖਤਮ ਕਰ ਦੇਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਫਾਈ ਸੇਵਕਾਂ ਦੀਆਂ ਸਾਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਇਹ ਹੜਤਾਲ ਅਣਮਿੱਥੇ ਸਮੇਂ ਲਈ ਇਸੇ ਤਰ੍ਹਾਂ ਹੀ ਜਾਰੀ ਰਹੇਗੀ। ਆਗੂਆਂ ਨੇ ਕਿਹਾ ਕਿ ਸਫਾਈ ਸੇਵਕਾਂ ਦੀ ਹੜਤਾਲ ਨਾਲ ਆਮ ਜਨਤਾ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਲਈ ਅਸੀਂ ਆਮ ਜਨਤਾ ਤੋਂ ਜਿੱਥੇ ਮੁਆਫ਼ੀ ਮੰਗਦੇ ਹਾਂ ਉੱਥੇ ਨਾਲ ਹੀ ਅਸੀਂ ਆਮ ਜਨਤਾ ਨੂੰ ਅਪੀਲ ਕਰਦੇ ਹਾਂ ਕਿ ਉਹ ਸਫਾਈ ਸੇਵਕਾਂ ਦੇ ਸੰਘਰਸ਼ ਵਿਚ ਉਨ੍ਹਾਂ ਦਾ ਸਾਥ ਦੇਣ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਨ। ਇਸ ਮੌਕੇ ਵੱਡੀ ਗਿਣਤੀ ਵਿਚ ਮੌਜੂਦ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।