ਮੁਕਤਸਰ 'ਚ ਸਵਾਈਨ ਫਲੂ ਦਾ ਕਹਿਰ, ਹੁਣ ਤੱਕ ਹੋਈਆਂ 7 ਮੌਤਾਂ
Wednesday, Feb 06, 2019 - 11:24 AM (IST)

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਜ਼ਿਲਾ ਸ੍ਰੀ ਮੁਕਤਸਰ ਸਾਹਿਬ 'ਚ ਸਵਾਈਨ ਫਲੂ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ, ਜੋ ਘੱਟ ਹੋਣ ਦਾ ਨਾਂ ਹੀ ਨਹੀਂ ਲੈ ਰਿਹਾ। ਇਸੇ ਕਹਿਰ ਕਾਰਨ ਸ੍ਰੀ ਮੁਕਤਸਰ ਸਾਹਿਬ 'ਚ ਹੁਣ ਤੱਕ 7 ਮੌਤਾਂ ਹੋ ਚੁੱਕਿਆ ਹਨ। ਦੱਸ ਦੇਈਏ ਕਿ ਹਲਕਾ ਗਿੱਦੜਬਾਹਾ ਦੇ ਥਾਣਾ ਕੋਟਭਾਈ ਪਿੰਡ 'ਚ ਸਵਾਈਨ ਫਲੂ ਦੇ ਚੱਲਦਿਆਂ ਇਕ ਹੋਰ ਵਿਅਕਤੀ ਦੀ ਮੌਤ ਹੋ ਜਾਣ ਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਕੋਟਭਾਈ ਦੇ ਰਹਿਣ ਵਾਲੇ ਕੁਲਵੰਤ ਰਾਏ ਸ਼ਰਮਾ (72) ਨੂੰ ਪਿਛਲੇ ਕਈ ਦਿਨਾਂ ਤੋਂ ਖਾਂਸੀ, ਜੁਕਾਮ ਅਤੇ ਤੇਜ਼ ਬੁਖ਼ਾਰ ਸੀ, ਜਿਸ ਕਾਰਨ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਗਿੱਦੜਬਾਹਾ ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾ ਦਿੱਤਾ। ਡਾਕਟਰਾਂ ਨੇ ਕੁਲਵੰਤ ਰਾਏ ਦੀ ਹਾਲਤ ਦੇਖਦੇ ਹੋਏ ਉਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬਠਿੰਡਾ ਰੈਫਰ ਕਰ ਦਿੱਤਾ, ਜਿੱਥੇ ਉਨ੍ਹਾਂ ਦੇ ਖੂਨ ਦੇ ਸੈਂਪਲ ਦੀ ਜਾਂਚ ਕਰਨ 'ਤੇ ਪਤਾ ਲੱਗਾ ਕਿ ਉਸ ਨੂੰ ਸਵਾਈਨ ਫਲੂ ਦੀ ਸ਼ਿਕਾਇਤ ਹੈ। ਇਸ ਤੋਂ ਬਾਅਦ ਉਸ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ, ਜਿੱਥੇ ਉਸ ਦੀ ਮੌਤ ਹੋ ਗਈ।
ਦੱਸਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਉਦੇਕਰਨ 'ਚ ਬੀਤੇ ਦਿਨ ਪਰਮਜੀਤ ਕੌਰ (47) ਦੀ ਸਵਾਈਨ ਫਲੂ ਕਾਰਨ ਮੌਤ ਹੋ ਗਈ।ਮ੍ਰਿਤਕ ਦੇ ਪੁੱਤਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਮਾਤਾ ਪਿਛਲੇ ਚਾਰ ਦਿਨਾਂ ਤੋਂ ਬਿਮਾਰ ਸੀ, ਜਿਸ ਕਾਰਨ ਉਨ੍ਹਾਂ ਨੂੰ ਲੁਧਿਆਣਾ ਵਿਖੇ ਡੀ. ਐੱਮ. ਸੀ. ਹਸਪਤਾਲ 'ਚ ਲੈ ਕੇ ਗਏ ਪਰ ਉਥੇ ਸਵਾਈਨ ਫਲੂ ਦੇ ਮਰੀਜ਼ਾਂ ਦੀ ਗਿਣਤੀ ਵਧ ਹੋਣ ਕਰਕੇ ਉਨ੍ਹਾਂ ਨੂੰ ਬੈੱਡ ਨਹੀਂ ਮਿਲਿਆ ਅਤੇ ਇਕ ਨਿਜੀ ਹਸਪਤਾਲ 'ਚ ਦਾਖਲ ਕਰਾਉਣ 'ਤੇ ਉਸ ਦੀ ਮਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਮੁਕਤਸਰ 'ਚ ਸੋਮਵਾਰ ਨੂੰ ਵੀ ਇਕ ਧਰਮ ਸਿੰਘ ਨਾਮਕ ਵਿਅਕਤੀ ਦੀ ਮੌਤ ਹੋ ਗਈ ਸੀ। ਲਗਾਤਾਰ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਕੋਈ ਵੀ ਠੋਸ ਕਦਮ ਨਹੀਂ ਚੁੱਕੇ ਜਾ ਰਹੇ।