ਲੁਧਿਆਣਾ 'ਚ ਮੌਸਮੀ ਬੀਮਾਰੀਆਂ ਦਾ ਕਹਿਰ, ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

09/24/2022 9:05:25 AM

ਲੁਧਿਆਣਾ (ਸਹਿਗਲ) : ਸਥਾਨਕ ਹਸਪਤਾਲਾਂ ’ਚ ਡੇਂਗੂ ਦੇ 26 ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਇਨ੍ਹਾਂ ’ਚੋਂ 9 ਮਰੀਜ਼ਾਂ ’ਚ ਡੇਂਗੂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ਮਰੀਜ਼ਾਂ ’ਚ 2 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂ ਕਿ 7 ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਹੁਣ ਤੱਕ ਸਿਹਤ ਵਿਭਾਗ ਵੱਲੋਂ 204 ਮਰੀਜ਼ਾਂ ’ਚ ਡੇਂਗੂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ’ਚੋਂ 97 ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂ ਕਿ ਬਾਕੀ ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ, ਜਦੋਂਕਿ 1433 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ। ਸਿਹਤ ਅਧਿਕਾਰੀਆਂ ਮੁਤਾਬਕ ਟੀਮਾਂ ਵੱਲੋਂ 533 ਥਾਵਾਂ ਦਾ ਸਰਵੇ ਕੀਤਾ ਗਿਆ। ਇਸ ਦੌਰਾਨ 6 ਥਾਵਾਂ ’ਤੇ ਡੇਂਗੂ ਦਾ ਲਾਰਵਾ ਮਿਲਿਆ ਹੈ, ਜਿਸ ਨੂੰ ਮੌਕੇ ’ਤੇ ਨਸ਼ਟ ਕਰ ਦਿੱਤਾ ਗਿਆ। ਸਿਵਲ ਸਰਜਨ ਡਾ. ਹਤਿੰਦਰ ਕੌਰ ਨੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਸਾਵਧਾਨ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਆਪਣੇ ਘਰ ਦੇ ਆਸ-ਪਾਸ ਅਤੇ ਛੱਤ ’ਤੇ ਬਾਰਸ਼ ਦਾ ਪਾਣੀ ਇਕੱਠਾ ਨਾ ਹੋਣ ਦੇਣ। ਇਨ੍ਹਾਂ ਦਿਨਾਂ ’ਚ ਪੂਰਾ ਤਨ ਢੱਕਣ ਵਾਲੇ ਕੱਪੜੇ ਪਹਿਨ ਕੇ ਰੱਖਣ ਅਤੇ ਘਰ ’ਚ ਮੱਛਰਾਂ ਦੇ ਪ੍ਰਤੀਰੋਧਕਾਂ ਦੀ ਵਰਤੋਂ ਕਰੀਏ ਕਿਉਂਕਿ ਆਉਣ ਵਾਲੇ ਕੁੱਝ ਦਿਨ ਹੋਰ ਸਾਵਧਾਨ ਰਹਿਣ ਦੀ ਲੋੜ ਹੈ।

ਇਹ ਵੀ ਪੜ੍ਹੋ : ਹੁਣ ਕਾਰ 'ਚ ਪਿੱਛੇ ਬੈਠੇ ਲੋਕਾਂ ਲਈ ਵੀ 'ਸੀਟ ਬੈਲਟ' ਲਾਉਣਾ ਲਾਜ਼ਮੀ ਨਹੀਂ ਤਾਂ...
ਸਵਾਈਨ ਫਲੂ ਦੇ 6 ਸ਼ੱਕੀ ਮਰੀਜ਼ ਆਏ ਸਾਹਮਣੇ
ਸਥਾਨਕ ਹਸਪਤਾਲਾਂ ’ਚ ਸਵਾਈਨ ਫਲੂ ਦੇ 6 ਸ਼ੱਕੀ ਮਰੀਜ਼ ਦਾਖ਼ਲ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਇਨ੍ਹਾਂ ’ਚੋਂ ਕਿਸੇ ਵਿਚ ਵੀ ਸਵਾਈਨ ਫਲੂ ਦੀ ਪੁਸ਼ਟੀ ਨਹੀਂ ਕੀਤੀ ਗਈ। ਹਾਲਾਂਕਿ ਇਨ੍ਹਾਂ ਦੇ ਲੱਛਣ ਸਵਾਈਨ ਫਲੂ ਵਾਲੇ ਦੱਸੇ ਜਾ ਰਹੇ ਹਨ। ਇਨ੍ਹਾਂ ’ਚੋਂ 1 ਮਰੀਜ਼ ਜ਼ਿਲ੍ਹੇ ਦਾ ਰਹਿਣ ਵਾਲਾ ਹੈ, ਜਦੋਂ ਕਿ 5 ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਹੁਣ ਤੱਕ ਜ਼ਿਲ੍ਹੇ ’ਚ 158 ਸ਼ੱਕੀ ਮਰੀਜ਼ ਸਾਹਮਣੇ ਆ ਚੁੱਕੇ, ਜਦੋਂਕਿ 39 ਮਰੀਜ਼ਾਂ ’ਚ ਸਵਾਈਨ ਫਲੂ ਦੀ ਪੁਸ਼ਟੀ ਕੀਤੀ ਗਈ ਹੈ। ਜ਼ਿਲੇ ਤੋਂ ਇਲਾਵਾ ਬਾਹਰੀ ਜ਼ਿਲ੍ਹਿਆਂ ਅਤੇ ਰਾਜਾਂ ਦੇ 61 ਮਰੀਜ਼ਾਂ ’ਚ ਸਵਾਈਨ ਫਲੂ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ ਅਤੇ 259 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ CM ਹਾਊਸ ਘੇਰਨ ਜਾਂਦੇ ਭਾਜਪਾਈਆਂ 'ਤੇ ਪਾਣੀ ਦੀਆਂ ਵਾਛੜਾਂ, ਪੁਲਸ ਨਾਲ ਧੱਕਾ-ਮੁੱਕੀ (ਤਸਵੀਰਾਂ)
ਕੋਰੋਨਾ ਦੇ 4 ਨਵੇਂ ਮਰੀਜ਼ਾਂ ਦੀ ਪੁਸ਼ਟੀ, 3 ਡਿਸਚਾਰਜ
ਕੋਰੋਨਾ ਵਾਇਰਸ ਦੇ 4 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 3 ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂਕਿ 1 ਦੂਜੇ ਜ਼ਿਲ੍ਹੇ ਨਾਲ ਸਬੰਧਿਤ ਹੈ। ਦੂਜੇ ਪਾਸੇ 3 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਡਿਸਚਾਰਜ ਕੀਤਾ ਗਿਆ ਹੈ। ਮੌਜੂਦਾ ਸਮੇਂ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ 20 ਰਹਿ ਗਈ ਦੱਸੀ ਜਾਂਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News