ਲੁਧਿਆਣਾ 'ਚ 'ਸਵਾਈਨ ਫਲੂ' ਕਾਰਨ 7ਵੀਂ ਮੌਤ, ਜ਼ਿਲ੍ਹੇ ਦੇ ਲੋਕਾਂ ਅੰਦਰ ਡਰ ਦਾ ਮਾਹੌਲ
Sunday, Sep 11, 2022 - 11:59 AM (IST)
ਲੁਧਿਆਣਾ (ਜ. ਬ.) : ਪੰਜਾਬ 'ਚ ਕੋਰੋਨਾ ਵਾਇਰਸ ਦੇ ਕੇਸਾਂ ’ਚ ਕਮੀ ਆਉਣ ਤੋਂ ਬਾਅਦ ਸਵਾਈਨ ਫਲੂ ਦਾ ਖ਼ਤਰਾ ਬਣਿਆ ਹੋਇਆ ਹੈ। ਸੂਬੇ ਚ ਸਭ ਤੋਂ ਵੱਧ ਮਾਮਲੇ ਲੁਧਿਆਣਾ ਜ਼ਿਲ੍ਹੇ ’ਚ ਸਾਹਮਣੇ ਆਏ ਹਨ। ਮਹਾਨਗਰ 'ਚ ਸਵਾਈਨ ਫਲੂ ਨਾਲ 7ਵੇਂ ਮਰੀਜ਼ ਦੀ ਮੌਤ ਹੋ ਗਈ ਹੈ। ਇਸ ਕਾਰਨ ਜ਼ਿਲ੍ਹੇ ਦੇ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। 51 ਸਾਲਾਂ ਦਾ ਇਹ ਮਰੀਜ਼ ਹਲਵਾਰਾ ਦਾ ਰਹਿਣ ਵਾਲਾ ਸੀ ਅਤੇ ਇਲਾਜ ਲਈ ਸੀ. ਐੱਮ. ਸੀ. ਹਸਪਤਾਲ ਵਿਚ ਜ਼ੇਰੇ ਇਲਾਜ ਸੀ। ਸਿਹਤ ਅਧਿਕਾਰੀਆਂ ਮੁਤਾਬਕ ਉਕਤ ਮਰੀਜ਼ ਨੂੰ ਸਵਾਈਨ ਫਲੂ ਦੇ ਲੱਛਣਾਂ ਨਾਲ 3 ਸਤੰਬਰ ਨੂੰ ਹਸਪਤਾਲ ’ਚ ਦਾਖ਼ਲ ਕੀਤਾ ਗਿਆ ਸੀ।
ਇੱਥੇ 5 ਤਾਰੀਖ਼ ਨੂੰ ਉਸ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਹੁਣ ਤੱਕ ਮਹਾਨਗਰ ’ਚ ਕੁੱਲ 7 ਮਰੀਜ਼ਾਂ ਦੀ ਸਵਾਈਨ ਫਲੂ ਕਾਰਨ ਮੌਤ ਹੋ ਚੁੱਕੀ ਹੈ। ਸਿਵਲ ਸਰਜਨ ਮੁਤਾਬਕ ਹੁਣ ਤੱਕ ਸਾਹਮਣੇ ਆਏ 19 ਪਾਜ਼ੇਟਿਵ ਮਰੀਜ਼ਾਂ ਵਿਚੋਂ 2 ਮਰੀਜ਼ ਹਸਪਤਾਲ ਵਿਚ ਜ਼ੇਰੇ ਇਲਾਜ ਹਨ, ਜਦੋਂ ਕਿ 10 ਨੂੰ ਡਿਸਚਾਰਜ ਕੀਤਾ ਜਾ ਚੁੱਕਾ ਹੈ। ਬਾਕੀ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ 'ਤੇ ਯਾਤਰੀਆਂ ਦੀ ਗਿਣਤੀ ਹੋਈ ਦੁੱਗਣੀ, ਜਾਣੋ ਕੀ ਬੋਲੇ CEO
ਜ਼ਿਲ੍ਹੇ ’ਚ ਬੀਤੇ ਦਿਨ ਇਕ ਹੋਰ ਸ਼ੱਕੀ ਮਰੀਜ਼ ਸਾਹਮਣੇ ਆਇਆ ਹੈ, ਜਿਸ ਨਾਲ ਸ਼ੱਕੀ ਮਰੀਜ਼ਾਂ ਦੀ ਗਿਣਤੀ 96 ਹੋ ਗਈ ਹੈ। ਤਿੰਨ ਪਾਜ਼ੇਟਿਵ ਮਰੀਜ਼ ਦੂਜੇ ਜ਼ਿਲ੍ਹਿਆਂ ਦੇ ਰਹਿਣ ਵਾਲੇ ਸਨ। ਸਿਹਤ ਅਧਿਕਾਰੀਆਂ ਮੁਤਾਬਕ ਹੁਣ ਤੱਕ ਦੂਜੇ ਜ਼ਿਲ੍ਹਿਆਂ ਆਦਿ ਦੇ 41 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ