ਐੱਸ. ਵਾਈ. ਐੱਲ. ਮੁੱਦੇ 'ਤੇ ਅੱਜ ਹੋਵੇਗੀ ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰਾਂ ਦੀ ਮੀਟਿੰਗ

12/06/2019 12:14:35 AM

ਚੰਡੀਗੜ੍ਹ : ਐੱਸ. ਵਾਈ. ਐਲ. ਦੇ ਮੁੱਦੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਲੋਂ ਵੀਰਵਾਰ ਐੱਸ. ਵਾਈ. ਐਲ. ਮੁੱਦੇ 'ਤੇ ਅਧਿਕਾਰੀਆਂ ਦੇ ਨਾਲ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਮੀਟਿੰਗ 'ਚ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਕਿ 6 ਦਸੰਬਰ (ਸ਼ੁੱਕਰਵਾਰ) ਨੂੰ ਨਵੀਂ ਦਿੱਲੀ 'ਚ ਕੇਂਦਰੀ ਜਲ ਸਕੱਤਰ ਦੇ ਨਾਲ ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰਾਂ ਦੀ ਮੀਟਿੰਗ ਹੈ। ਇਸ ਤੋਂ ਇਲਾਵਾ ਇਸ ਗੱਲ ਦੀ ਵੀ ਜਾਣਕਾਰੀ ਦਿੱਤੀ ਗਈ ਕਿ ਐੱਸ. ਵਾਈ. ਐਲ. ਮੁੱਦੇ 'ਤੇ ਸੁਪਰੀਮ ਕੋਰਟ ਸ਼ਾਇਦ 3 ਜਨਵਰੀ, 2020 ਨੂੰ ਆਪਣਾ ਆਖਰੀ ਫੈਸਲਾ ਦੇਵੇਗਾ।

ਇਸ ਮੌਕੇ ਖੱਟੜ ਨੇ ਬੋਲਦਿਆ ਕਿਹਾ ਕਿ ਪੰਜਾਬ ਸਾਡੀ ਨਰਮੀ ਨੂੰ ਹਲਕੇ 'ਚ ਨਾ ਲਵੇ। ਉਨ੍ਹਾਂ ਕਿਹਾ ਕਿ ਜਦੋਂ ਸੁਪਰੀਮ ਕੋਰਟ ਨੇ ਹਰਿਆਣਾ ਦੇ ਹੱਕ 'ਚ ਫੈਸਲਾ ਦੇ ਦਿੱਤਾ ਹੈ ਤਾਂ ਇਸ ਦੇ ਲਾਗੂਕਰਨ 'ਚ ਹਰ ਵਾਰ ਸੁਪਰੀਮ ਕੋਰਟ ਵਿਚ ਵੀ ਪੰਜਾਬ ਵਲੋਂ ਕੋਈ ਨਾ ਕੋਈ ਨਵਾਂ ਬਹਾਨਾ ਬਣਾ ਕੇ ਅਦਾਲਤ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਖੱਟੜ ਨੇ ਅਧਿਕਾਰੀਆਂ ਨੂੰ ਪੰਜਾਬ ਸਮੇਤ ਹੋਰ ਗੁਆਂਢੀ ਸੂਬਿਆਂ ਜਿਵੇਂ ਕਿ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਰਾਜਸਥਾਨ ਤੇ ਦਿੱਲੀ ਨਾਲ ਜਿੰਨੇ ਵੀ ਛੋਟੇ-ਵੱਡੇ ਮੁੱਦੇ ਹਨ, ਉਨਾਂ ਦੀ ਇਕ ਸੂਚੀ ਤਿਆਰ ਕਰਨ ਦੇ ਵੀ ਆਦੇਸ਼ ਦਿੱਤੇ ਹਨ।


Related News