ਤਖਤ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨ ਕਰਨ ਆਏ ਨੌਜਵਾਨ ਨੇ ਕੀਤੀ ਖੁਦਕੁਸ਼ੀ

07/19/2018 12:38:06 PM

ਬਠਿੰਡਾ(ਮਨੀਸ਼)— ਤਖਤ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨ ਕਰਨ ਲਈ ਆਏ ਇਕ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਆਪਣੇ ਪਰਿਵਾਰ ਨਾਲ ਸ਼ਹੀਦ ਭਾਈ ਮਨੀ ਸਿੰਘ ਦੀ ਸਰਾਂ ਵਿਚ ਰੁੱਕਿਆ ਸੀ, ਜਿਥੇ ਉਸ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਨੌਜਵਾਨ ਦੀ ਪਛਾਣ ਅਵਤਾਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਰੋਡੇਕੇ ਜ਼ਿਲਾ ਬਰਨਾਲਾ ਦੇ ਰੂਪ ਵਿਚ ਹੋਈ ਹੈ।
ਸੂਤਰਾਂ ਮੁਤਾਬਕ ਨੌਜਵਾਨ ਨਸ਼ੇ ਦਾ ਆਦੀ ਸੀ, ਜਿਸ ਨੂੰ ਨਸ਼ਾ ਛੁਡਾਉਣ ਲਈ ਵੱਖ-ਵੱਖ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਕਰਵਾਇਆ ਗਿਆ ਸੀ। ਉਕਤ ਨੌਜਵਾਨ ਇਸ ਸਮੇਂ ਬਰਨਾਲਾ ਦੇ ਇਕ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਸੀ ਅਤੇ 1 ਦਿਨ ਲਈ ਤਖਤ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨ ਕਰਨ ਲਈ ਆਪਣੇ ਪਰਿਵਾਰ ਨਾਲ ਬੁੱਧਵਾਰ ਨੂੰ ਆਇਆ ਸੀ, ਜਿਸ ਨੇ ਰਾਤ ਨੂੰ ਕਰੀਬ 12:00 ਵਜੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ।
ਜ਼ਖਮੀ ਨੌਜਵਾਨ ਨੂੰ 108 ਐਂਬੂਲੈਂਸ ਰਾਹੀਂ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ। ਬਠਿੰਡਾ ਪਹੁੰਚਦੇ ਹੀ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ ਦੀ ਲਾਸ਼ ਬਠਿੰਡਾ ਦੇ ਮੁਰਦਾਘਰ ਵਿਚ ਪਈ ਹੈ।


Related News