ਤਖਤ ਸ੍ਰੀ ਦਮਦਮਾ ਸਾਹਿਬ ''ਚ ਪ੍ਰਕਾਸ਼ ਦਿਹਾੜੇ ਦੀਆਂ ਲੱਗੀਆਂ ਰੌਣਕਾਂ

01/02/2020 6:43:22 PM

ਤਲਵੰਡੀ ਸਾਬੋ (ਮੁਨੀਸ਼): ਸਿੱਖ ਕੌਮ ਦੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਜਿੱਥੇ ਪੂਰੀ ਦੁਨੀਆ 'ਚ ਸਿੱਖ ਸੰਗਤਾਂ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸਿੱਖ ਜਗਤ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਗੁਰਪੁਰਬ ਨੂੰ ਲੈ ਕੇ ਸਮਾਗਮ ਆਯੋਜਿਤ ਕੀਤੇ ਗਏ ਹਨ। ਸਮਾਗਮਾਂ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਲਵਾਈ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਗੁਰਦੁਆਰਾ ਸਾਹਿਬ ਵਿਖੇ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ਦਾ ਜਲੋਹ ਦੇਖਣ ਵਾਲਾ ਹੈ, ਸਵੇਰ ਤੋਂ ਹੀ ਸੰਗਤਾਂ ਤਖਤ ਸਾਹਿਬ ਅਤੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਸਨ।

ਤਖਤ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਬੰਧੀ ਇਤਿਹਸਾਕ ਗੁਰਦੁਆਰਾ ਲਿਖਣਸਾਰ ਸਾਹਿਬ ਵਿਖੇ ਤਿੰਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਤਖਤ ਸਾਹਿਬ ਦੇ ਰਾਗੀ ਜਥੇ ਵਲੋਂ ਰਹੱਸਮਈ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਨੇ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਤੇ ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੱਤਾ,ਜਦੋਂਕਿ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਮੁਤਾਬਕ ਸੰਗਤਾਂ ਲਈ ਵਿਸ਼ੇਸ਼ ਤੌਰ 'ਤੇ ਲੰਗਰਾਂ ਅਤੇ ਰਿਹਾਇਸ਼ ਦੇ ਪ੍ਰਬੰਧ ਕੀਤੇ ਗਏ ਸਨ।

 

Shyna

This news is Content Editor Shyna