ਰੇਲ ਗੱਡੀਆਂ ਚਾਲੂ ਹੋਣ ''ਤੇ ਲਿਆਂਦੀ ਜਾਵੇਗੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਰੁਕੀ ਸੰਗਤ : ਸੋਮ ਪ੍ਰਕਾਸ਼
Friday, Mar 27, 2020 - 10:43 PM (IST)
ਫਗਵਾੜਾ,(ਹਰਜੋਤ)-ਪੰਜਾਬ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਗਈ ਸੰਗਤ ਜੋ 'ਕੋਰੋਨਾ ਵਾਇਰਸ' ਕਾਰਣ ਉੱਥੇ ਰੁਕੀ ਪਈ ਹੈ, ਉਨ੍ਹਾਂ ਨੂੰ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਜਲਦੀ ਹੀ ਢੁੱਕਵਾਂ ਸਮਾਂ ਆਉਣ 'ਤੇ ਇਨ੍ਹਾਂ ਨੂੰ ਵਾਪਸ ਲਿਆਂਦਾ ਜਾਵੇਗਾ। ਇਹ ਪ੍ਰਗਟਾਵਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਇਥੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਵੀਡੀਓ ਕਾਨਫ਼ਰਾਂਸਿੰਗ ਰਾਹੀਂ ਇਹ ਮਾਮਲਾ ਕੇਂਦਰੀ ਰੇਲ ਮੰਤਰੀ ਅਤੇ ਹਰਸਿਮਰਤ ਕੌਰ ਬਾਦਲ ਰਾਹੀਂ ਗੰਭੀਰਤਾ ਨਾਲ ਵਿਚਾਰਿਆ ਗਿਆ ਹੈ। ਸੋਮ ਪ੍ਰਕਾਸ਼ ਨੇ ਦੱਸਿਆ ਕਿ ਰੇਲ ਮੰਤਰੀ ਨੇ ਕਿਹਾ ਕਿ ਨਾਂਦੇੜ ਸਾਹਿਬ 'ਚ ਰੁਕੀਆਂ ਸੰਗਤਾਂ ਪ੍ਰਤੀ ਉਨ੍ਹਾਂ ਨੂੰ ਪੂਰੀ ਹਮਦਰਦੀ ਹੈ ਪਰ ਉਨ੍ਹਾਂ ਨੂੰ ਲਿਆਉਣਾ ਅਜੇ ਵਾਜਬ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਵੀ ਰੇਲ ਗੱਡੀਆਂ ਚਾਲੂ ਹੋਈਆਂ ਉਸੇ ਦਿਨ ਇਸ ਸੰਗਤ ਨੂੰ ਪਹਿਲ ਦੇ ਆਧਾਰ 'ਤੇ ਲਿਆਂਦਾ ਜਾਵੇਗਾ।
ਉਨ੍ਹਾਂ ਕਿਹਾ ਕਿ ਰੇਲ ਮੰਤਰੀ ਨੇ ਦੱਸਿਆ ਕਿ ਮਹਾਰਾਸ਼ਟਰ ਸਰਕਾਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੂੰ ਇਸ ਸੰਗਤ ਦਾ ਖਾਣ-ਪੀਣ ਤੇ ਰਹਿਣ ਦਾ ਪ੍ਰਬੰਧ ਚੰਗੇ ਢੰਗ ਨਾਲ ਕਰਨ ਲਈ ਕਿਹਾ ਗਿਆ ਹੈ ਤੇ ਸਿਹਤ ਸਹੂਲਤਾਂ ਵੀ ਪੂਰੀ ਤਰ੍ਹਾਂ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਸੰਗਤਾਂ ਦਰਸ਼ਨਾਂ ਲਈ ਹਜ਼ੂਰ ਸਾਹਿਬ ਗਈਆਂ ਸਨ ਪਰ ਅਚਾਨਕ ਹਾਲਾਤ ਖਰਾਬ ਹੋਣੋਂ ਰੋਕਣ ਲਈ ਕਰਫ਼ਿਊ ਦੇ ਹਾਲਾਤ ਬਣ ਗਏ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਸੀ।