ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪ੍ਰਸ਼ਾਦ ਲਈ ਵਰਤੇ ਜਾਣਗੇ ਵਾਤਾਵਰਣ ਪੱਖੀ ਲਿਫ਼ਾਫ਼ੇ

01/05/2019 9:20:18 AM

ਤਲਵੰਡੀ ਸਾਬੋ (ਮੁਨੀਸ਼)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਸ਼ੁੱਕਰਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਨੂੰ ਪਿੰਨੀ ਪ੍ਰਸ਼ਾਦ ਦੇਣ ਲਈ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਥਾਂ ਵਾਤਾਵਰਣ ਪੱਖੀ ਲਿਫ਼ਾਫ਼ੇ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦੀਆਂ ਨਿੱਜੀ ਫਾਈਲਾਂ ਦਾ ਸਾਰਾ ਰਿਕਾਰਡ ਕੰਪਿਊਟਰਾਈਜ਼ਡ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ।

ਇਕੱਤਰਤਾ ਤੋਂ ਬਾਅਦ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਵਾਤਾਵਰਣ ਦੀ ਸ਼ੁੱਧਤਾ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਤਹਿਤ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਿੰਨੀ ਪ੍ਰਸ਼ਾਦ ਵਰਤਾਉਣ ਲਈ ਵਰਤੋਂ ਵਿਚ ਲਿਆਂਦੇ ਜਾਣ ਵਾਲੇ ਲਿਫ਼ਾਫ਼ੇ ਪਲਾਸਟਿਕ ਦੀ ਥਾਂ ਵਾਤਾਵਰਣ ਪੱਖੀ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਵੀ ਪਲਾਸਟਿਕ ਦੇ ਲਿਫ਼ਾਫ਼ੇ ਵੀ ਬੰਦ ਕੀਤੇ ਜਾ ਚੁੱਕੇ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਭਵਿੱਖ ਵਿਚ ਇਸ ਦਾ ਹੋਰ ਵਿਸਤਾਰ ਕੀਤਾ ਜਾਵੇਗਾ। ਇਸੇ ਦੀ ਰੋਸ਼ਨੀ ਵਿਚ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਦਫ਼ਤਰੀ ਗੱਡੀਆਂ ਸਮੇਤ ਆਪਣੀਆਂ ਨਿੱਜੀ ਗੱਡੀਆਂ ਦਫ਼ਤਰ ਕੰਪਲੈਕਸ ਤੋਂ ਬਾਹਰ ਰੱਖਣ ਦਾ ਫੈਸਲਾ ਕੀਤਾ ਹੈ, ਜਿਸ ਦੀ ਇਕੱਤਰਤਾ ਦੌਰਾਨ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਸੰਗਤ ਨੂੰ ਵੀ ਅਪੀਲ ਹੈ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਆਪਣੇ ਵਾਹਨ ਲਿਆਉਣ ਦੀ ਬਜਾਏ  ਮਿੱਥੀ ਪਾਰਕਿੰਗ ਵਿਚ ਹੀ ਲਾਉਣ।

ਉਨ੍ਹਾਂ ਹੋਰ ਫੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਉਲੀਕਣ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਪਾਕਿਸਤਾਨ ਜਾਣਗੇ, ਤਾਂ ਜੋ ਉਥੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਸਬੰਧੀ ਅੰਤਿਮ ਫੈਸਲਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਸਿੱਖ ਜਗਤ ਵਲੋਂ ਕੌਮਾਂਤਰੀ ਪੱਧਰ 'ਤੇ ਮਨਾਇਆ ਜਾਣਾ ਹੈ ਅਤੇ ਸ਼੍ਰੋਮਣੀ ਕਮੇਟੀ ਵਲੋਂ ਇਸ ਸਬੰਧੀ ਸਮਾਗਮਾਂ ਦੀ ਆਰੰਭਤਾ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਇਤਿਹਾਸਕ ਗੁਰਪੁਰਬ ਨੂੰ ਸਮਰਪਿਤ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਤਿਆਰ ਕੀਤੇ ਗਏ ਹਨ ਅਤੇ ਹੁਣ ਇਹ ਸਿੱਕੇ ਸੰਗਤਾਂ  7 ਜਨਵਰੀ ਤੋਂ ਪ੍ਰਾਪਤ ਕਰ ਸਕਣਗੀਆਂ। ਉਨ੍ਹਾਂ ਦੱਸਿਆ ਕਿ ਇਹ ਯਾਦਗਾਰੀ ਸਿੱਕੇ ਸ੍ਰੀ ਅੰਮ੍ਰਿਤਸਰ ਸਥਿਤ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਤੋਂ ਮਿਲਣਗੇ ਅਤੇ ਇਨ੍ਹਾਂ ਦਾ ਰੇਟ ਰੋਜ਼ਾਨਾ ਦੇ ਅਖ਼ਬਾਰੀ ਰੇਟ ਅਨੁਸਾਰ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਅਨੁਸਾਰ ਬੀਤੇ ਸਮੇਂ ਵਿਚ ਫ਼ਾਰਗ ਕੀਤੇ ਮੁਲਾਜ਼ਮਾਂ ਸਬੰਧੀ ਇਕ ਸਬ-ਕਮੇਟੀ ਬਣਾਈ ਗਈ ਹੈ, ਜੋ 15 ਦਿਨਾਂ ਅੰਦਰ ਆਪਣੀ ਰਿਪੋਰਟ ਦੇਵੇਗੀ। ਉਨ੍ਹਾਂ ਦੱਸਿਆ ਕਿ ਭਗਤ ਪੂਰਨ ਸਿੰਘ ਜੀ ਵਲੋਂ ਆਰੰਭੇ ਗਏ ਲੋਕ ਭਲਾਈ ਕਾਰਜ ਕਰਨ ਵਾਲੀ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਸ੍ਰੀ ਅੰਮ੍ਰਿਤਸਰ ਨੂੰ 15 ਲੱਖ ਰੁਪਏ ਦੀ ਸਹਾਇਤਾ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।

ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਬਿੱਕਰ ਸਿੰਘ ਚੰਨੂ, ਗੁਰਬਚਨ ਸਿੰਘ, ਮਨਜੀਤ ਸਿੰਘ, ਬਾਬਾ ਗੁਰਮੀਤ ਸਿੰਘ, ਅਮਰੀਕ ਸਿੰਘ, ਖੁਸ਼ਵਿੰਦਰ ਸਿੰਘ ਭਾਟੀਆ, ਭੁਪਿੰਦਰ ਸਿੰਘ ਭਲਵਾਨ, ਕੁਲਵਿੰਦਰ ਸਿੰਘ ਰਮਦਾਸ, ਦਰਸ਼ਨ ਸਿੰਘ ਲੌਂਗੋਵਾਲ ਪੀ. ਏ., ਕਰਨ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ, ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ ਉਪ ਦਫਤਰ ਸਮੇਤ ਹੋਰ ਹਾਜ਼ਰ ਸਨ।


cherry

Content Editor

Related News