ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤੜਕਸਾਰ ਵਾਪਰੀ ਬੇਅਦਬੀ ਦੀ ਘਟਨਾ

09/13/2021 7:26:06 PM

ਸ੍ਰੀ ਕੇਸਗੜ੍ਹ ਸਾਹਿਬ (ਚੋਵੇਸ਼ ਲਟਾਵਾ)- ਸਿੱਖਾਂ ਦੇ ਤੀਜੇ ਤਖ਼ਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਬੇਅਦਬੀ ਦੀ ਘਟਨਾ ਹੋਣ ਦੀ ਖ਼ਬਰ ਮਿਲੀ ਹੈ। ਬੇਅਦਬੀ ਦੀ ਘਟਨਾ ਉਸ ਸਮੇਂ ਹੋਈ ਜਦੋਂ ਸਵੇਰੇ ਤੜਕਸਾਰ 4 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਂਦਾ ਹੈ। ਇਕ ਵਿਅਕਤੀ ਜੋ ਤਕਰੀਬਨ ਇਕ ਘੰਟੇ ਤੋਂ ਦਰਬਾਰ ਸਾਹਿਬ ਦੇ ਅੰਦਰ ਸੀ, ਵੱਲੋਂ ਪ੍ਰਕਾਸ਼ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਤੇ ਗ੍ਰੰਥੀ ਸਹਿਬਾਨਾਂ ਉੱਤੇ ਆਪਣੇ ਮੂੰਹ ਵਿੱਚ ਲਿਪਟੀ ਹੋਈ ਬੀੜੀ ਸਿਗਰਟ ਦਾ ਧੂੰਆਂ ਗ੍ਰੰਥੀ ਸਿੰਘਾਂ ਵੱਲ ਨੂੰ ਸੁੱਟਿਆ ਗਿਆ।  ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਈ ਹੈ ਅਤੇ ਮੌਕੇ 'ਤੇ ਗ੍ਰੰਥੀ ਸਿੰਘਾਂ ਅਤੇ ਕਰਮਚਾਰੀਆਂ ਵੱਲੋਂ ਇਸ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਮੌਕੇ 'ਤੇ ਦਬੋਚ ਲਿਆ ਗਿਆ। 

ਦਸਣਯੋਗ ਹੈ ਕਿ ਜਦੋਂ ਕਰਮਚਾਰੀਆਂ ਨੇ ਇਸ ਬਾਰੇ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਹੈੱਡ ਗ੍ਰੰਥੀ ਨਾਲ ਗੱਲਬਾਤ ਕੀਤੀ ਗਈ ਅਤੇ ਉਸ ਵਿਅਕਤੀ ਨੂੰ ਮੌਕੇ 'ਤੇ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਸਬੰਧੀ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਤੁਰੰਤ ਜ਼ਿਲ੍ਹਾ ਰੂਪਨਗਰ ਦੇ ਐੱਸ. ਐੱਸ. ਪੀ. ਵਿਵੇਕ ਸੋਨੀ ਮੌਕੇ 'ਤੇ ਪਹੁੰਚੇ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲੇ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹੈ, ਨੂੰ ਗ੍ਰਿਫ਼ਤਾਰ ਕਰਕੇ ਧਾਰਾ 295-ਏ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ। 

PunjabKesari

ਇਸ ਮੌਕੇ ਐੱਸ. ਐੱਸ. ਪੀ. ਨੇ ਦੱਸਿਆ ਕਿ ਅਗਲੇਰੀ ਕਾਰਵਾਈ ਹਿੱਤ ਇਸ ਵਿਅਕਤੀ ਤੋਂ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ। ਇਸ ਬੇਅਦਬੀ ਦੀ ਘਟਨਾ ਦੇ ਸਬੰਧ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ  ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ, ਜਿਸ ਕਾਰਨ ਪੁਲਸ ਨੂੰ ਸਖ਼ਤ ਤੋਂ ਸਖ਼ਤ ਅਤੇ ਕਾਨੂੰਨੀ ਕਾਰਵਾਈ ਹਿੱਤ ਬੇਅਦਬੀ ਕਰਨ ਵਾਲੇ ਨੂੰ ਸਜ਼ਾਏ ਮੌਤ ਦੇਣੀ ਚਾਹੀਦੀ ਹੈ। 

ਦੂਜੇ ਪਾਸੇ ਸਵੇਰੇ ਤੜਕਸਾਰ ਹੋਈ ਇਹ ਮੰਦਭਾਗੀ ਘਟਨਾ ਦੇ ਸੰਬੰਧ ਵਿਚ ਸਿੱਖਾਂ ਦੇ ਜਿੱਥੇ ਹਿਰਦੇ ਵਲੂੰਧਰੇ ਗਏ ਹਨ, ਉਥੇ ਹੀ ਦੂਜੇ ਪਾਸੇ ਸਿੱਖ ਭਾਈਚਾਰੇ ਵੱਲੋਂ ਅਫ਼ਸੋਸ ਜਤਾਇਆ ਜਾ ਰਿਹਾ ਹੈ ਕਿ ਸਾਨੂੰ ਇਕਜੁੱਟ ਹੋ ਕੇ ਇਸ ਪ੍ਰਤੀ ਗੰਭੀਰ ਹੋਣਾ ਚਾਹੀਦਾ ਹੈ ਕਿਉਂਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੀ ਦਸਮ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਪ੍ਰਗਟ ਕੀਤਾ ਸੀ। ਉਸ ਅਸਥਾਨ 'ਤੇ ਬੇਅਦਬੀ ਹੋਣਾ ਬਹੁਤ ਮੰਦਭਾਗੀ ਗੱਲ ਹੈ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News