ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਦੇ ਫੈਸਲੇ ਨੂੰ ਤਿੰਨ ਤਖ਼ਤਾਂ ਦੇ ਪੰਜ ਪਿਆਰਿਆਂ ਨੇ ਕੀਤਾ ਰੱਦ
Thursday, May 22, 2025 - 05:39 PM (IST)

ਅੰਮ੍ਰਿਤਸਰ- ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਲੈ ਕੇ ਸੁਣਾਏ ਗਏ ਫੈਸਲੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਗੈਰ-ਸਿਧਾਂਤਕ ਅਤੇ ਗੈਰਵਾਜਬ ਆਖਦਿਆਂ ਰੱਦ ਕਰ ਦਿੱਤਾ ਗਿਆ ਹੈ। ਇਸ ਮਾਮਲੇ 'ਚ ਅੱਜ ਅਕਾਲ ਤਖ਼ਤ ਦੇ ਪੰਜ ਪਿਆਰਿਆਂ ਜਿਨ੍ਹਾਂ ਵਿਚ ਭਾਈ ਕੁਲਵੰਤ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਰਸਪਾਲ ਸਿੰਘ ਅਤੇ ਭਾਈ ਸੰਦੀਪ ਸਿੰਘ ਸ਼ਾਮਿਲ ਹਨ, ਨੇ ਮੀਟਿੰਗ ਕਰਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਗਏ ਫੈਸਲੇ ਨੂੰ ਪੰਥਕ ਏਕਤਾ ਨੂੰ ਢਾਹ ਲਾਉਣ ਵਾਲਾ ਅਤੇ ਸਿੱਖ ਕੌਮ ਦਾ ਅਕਸ ਖਰਾਬ ਕਰਨ ਵਾਲਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਫੈਸਲੇ ਨੂੰ ਗੈਰਸਿਧਾਂਤਕ ਦੱਸਦਿਆਂ ਰੱਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਘਰ ਆ ਕੇ ਨੌਜਵਾਨ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
ਪੰਜ ਪਿਆਰਿਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਲਈ ਸਰਬ ਉੱਚ ਹੈ। ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਫੈਸਲੇ ਕੌਮ ਨੂੰ ਪ੍ਰਵਾਨ ਹੋਏ ਹਨ ਪਰ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਦਾ ਫੈਸਲਾ ਪੰਥਕ ਏਕਤਾ ਨੂੰ ਢਾਹ ਲਾਉਣ ਵਾਲਾ ਹੈ, ਜਿਸ ਨਾਲ ਸਿੱਖਾਂ ਦੇ ਅਕਸ ਨੂੰ ਢਾਹ ਲੱਗੀ ਹੈ।
ਇਹ ਵੀ ਪੜ੍ਹੋ- ਪੰਜਾਬ: ਅੱਧੀ ਰਾਤ ਲਿਆਇਆ ਪ੍ਰੇਮਿਕਾ, ਸਵੇਰੇ ਛੱਡਣ ਗਏ ਨੂੰ ਕਰ 'ਤਾ ਕਤਲ
ਇਸੇ ਤਰ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਪੰਜ ਪਿਆਰੇ ਸਾਹਿਬਾਨ ਨੇ ਵੀ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਸਿੱਖ ਰਹਿਤ ਮਰਿਆਦਾ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸਥਾਨਕ ਸੰਗਤ ਦੇ ਫੈਸਲਿਆਂ ਦੀ ਅਪੀਲ ਸ੍ਰੀ ਅਕਾਲ ਤਖ਼ਤ ਦੇ ਪਾਸ ਹੀ ਕੀਤੀ ਜਾ ਸਕਦੀ ਹੈ ਨਾ ਕਿ ਇਸ ਸਬੰਧੀ ਕੋਈ ਵੱਖਰਾ ਹੁਕਮਨਾਮਾ ਜਾਰੀ ਕੀਤਾ ਜਾ ਸਕਦਾ ਹੈ। ਜੇਕਰ ਸਥਾਨਕ ਸੰਗਤ ਨੂੰ ਕਿਸੇ ਵੀ ਫੈਸਲੇ ’ਤੇ ਕੋਈ ਇਤਰਾਜ਼ ਹੋਵੇ ਤਾਂ ਇਸ ਦੀ ਮੁੜ ਵਿਚਾਰ ਲਈ ਅਕਾਲ ਤਖ਼ਤ ਵਿਖੇ ਹੀ ਅਪੀਲ ਕੀਤੀ ਜਾ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8