ਹੋਰ ਪੰਥਪ੍ਰਸਤ ਅਕਾਲੀ ਆਗੂ ਵੀ ਹੁਣ ਬਾਦਲ ਪਰਿਵਾਰ ਦਾ ਸਾਥ ਛੱਡਣ : ਟਕਸਾਲੀ ਦਲ
Saturday, Jan 04, 2020 - 04:43 PM (IST)
ਚੰਡੀਗੜ੍ਹ (ਭੁੱਲਰ) : ਪਰਮਿੰਦਰ ਸਿੰਘ ਢੀਂਡਸਾ ਵੱਲੋਂ ਵਿਧਾਨ ਸਭਾ ਦਲ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਫੈਸਲੇ ਦਾ ਟਕਸਾਲੀ ਆਗੂਆਂ ਨੇ ਵੀ ਸੁਆਗਤ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ, ਬੀਰਦਵਿੰਦਰ ਸਿੰਘ, ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ, ਸ਼੍ਰੋਮਣੀ ਯੂਥ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬਾਦਲ ਨੇ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਪੰਜਾਬ ਵਿਧਾਨ ਸਭਾ 'ਚੋਂ ਅਕਾਲੀ ਦਲ ਬਾਦਲ ਤਰਫੋਂ ਪਾਰਟੀ ਵਿਧਾਇਕ ਦਲ ਦੇ ਨੇਤਾ ਵਜੋਂ ਅਸਤੀਫਾ ਦੇਣ ਦੀ ਕਾਰਵਾਈ ਦਾ ਜ਼ੋਰਦਾਰ ਸਵਾਗਤ ਕਰਦਿਆਂ ਬਾਦਲ ਦਲ 'ਚ ਬੈਠੇ ਬਾਕੀ ਅਕਾਲੀ ਨੇਤਾਵਾਂ ਨੂੰ ਵੀ ਸੱਦਾ ਦਿੱਤਾ ਹੈ ਅਤੇ ਉਨ੍ਹਾਂ ਕਿਹਾ ਹੈ ਕਿ ਉਹ ਬਿਨਾਂ ਕਿਸੇ ਦੁਵਿਧਾ ਦੇ ਭ੍ਰਿਸ਼ਟ ਅਤੇ ਪੰਥਕ ਸੋਚ ਦੇ ਉਲਟ ਚੱਲਣ ਵਾਲੇ ਬਾਦਲ ਪਰਿਵਾਰ ਦਾ ਸਾਥ ਛੱਡ ਕੇ ਪੰਥ ਪ੍ਰਸਤੀ ਦਾ ਸਬੂਤ ਦੇ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣ।
ਪ੍ਰੈੱਸ ਨੂੰ ਸਾਂਝਾ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ, ਜਥੇਦਾਰ ਮਨਮੋਹਨ ਸਿੰਘ ਸਠਿਆਲਾ ਅਤੇ ਜਥੇਦਾਰ ਮੱਖਣ ਸਿੰਘ ਨੰਗਲ ਨੇ ਕਿਹਾ ਹੈ ਕਿ ਢੀਂਡਸਾ ਪਰਿਵਾਰ ਨੇ ਹਮੇਸ਼ਾ ਅਕਾਲੀ ਸਫਾ 'ਚ ਮਾਲਵਾ ਖੇਤਰ ਦੀ ਅਗਵਾਈ ਕੀਤੀ ਹੈ ਪਰ ਬਾਦਲ ਪਰਿਵਾਰ ਨੇ ਹਮੇਸ਼ਾ ਲੁਕਵੇਂ ਢੰਗ ਨਾਲ ਢੀਂਡਸਾ ਨੂੰ ਹਰਾਉਣ ਲਈ ਉਨ੍ਹਾਂ ਖਿਲਾਫ ਹਰ ਨਾਪਾਕ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਇਕਸਾਫ ਕੀਤਾ ਆਉਂਦੇ ਦਿਨਾਂ 'ਚ ਬਹੁਤ ਸਾਰੇ ਟਕਸਾਲੀ ਅਕਾਲੀ ਆਗੂ ਬਾਦਲ ਪਰਿਵਾਰ ਦਾ ਸਾਥ ਛੱਡ ਕੇ ਪੰਥਕ ਹੋਣ ਦਾ ਸਬੂਤ ਦੇਣਗੇ।
ਦੱਸਣਯੋਗ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਰਮਿੰਦਰ ਢੀਂਡਸਾ ਵਲੋਂ ਵਿਧਾਨ ਸਭਾ 'ਚ ਵਿਧਾਇਕ ਦਲ ਦੇ ਆਗੂ ਦੇ ਅਹੁਦੇ ਤੋਂ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਸੀ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ.ਦਲਜੀਤ ਚੀਮਾ ਨੇ ਦਿੱਤੀ ਸੀ। ਪਰਮਿੰਦਰ ਢੀਂਡਸਾ ਵਲੋਂ ਸ਼ੁੱਕਰਵਾਰ ਨੂੰ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਸੀ, ਜਿਸ ਨੂੰ ਉਸੇ ਦਿਨ ਹੀ ਪਾਰਟੀ ਪ੍ਰਧਾਨ ਵੋਂ ਮਨਜ਼ੂਰ ਕਰ ਲਿਆ ਗਿਆ ਸੀ।