ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 12 ਨੁਕਾਤੀ ਮੁੱਦਿਆਂ ’ਤੇ ਹੋਈ ਗੱਲਬਾਤ - ਸੁਖਦੇਵ ਸਿੰਘ ਢੀਂਡਸਾ

Tuesday, Feb 01, 2022 - 03:11 PM (IST)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 12 ਨੁਕਾਤੀ ਮੁੱਦਿਆਂ ’ਤੇ ਹੋਈ ਗੱਲਬਾਤ - ਸੁਖਦੇਵ ਸਿੰਘ ਢੀਂਡਸਾ

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਅਤੇ ਪੰਥਕ ਮੁੱਦਿਆਂ ਤੋਂ ਇਲਾਵਾ ਕਿਸਾਨਾਂ  ਅਤੇ ਮਜਦੂਰਾਂ ਦੇ ਮਸਲਿਆਂ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਢੀਂਡਸਾ ਨੇ ਅਕਾਲੀ ਦਲ ਸੰਯੁਕਤ ਦੇ ਭਾਜਪਾ ਨਾਲ ਗਠਜੋੜ ਹੋਣ ਮੌਕੇ ਪਾਰਟੀ ਵੱਲੋਂ ਪੇਸ਼ ਕੀਤੇ 12 ਨੁਕਾਤੀ ਮੁੱਦਿਆਂ ਬਾਰੇ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ,  ਜਿਨ੍ਹਾਂ ’ਚ ਵਿਸ਼ੇਸ਼ ਤੌਰ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ, ਸਿੱਖਾਂ ਦੀ ਕਾਲੀ ਸੂਚੀ ਰੱਦ ਕਰਨ, ਪੰਜਾਬ ਨੂੰ ਵਿਸ਼ੇਸ਼ ਆਰਥਿਕ ਪੈਕੇਜ ਦੇਣ, ਕਿਸਾਨਾਂ ਤੇ ਮਜਦੂਰਾਂ ਦੀ ਕਰਜਾ ਮੁਆਫੀ, ਜੰਮੂ ਕਸ਼ਮੀਰ ਦੇ ਪੈਟਰਨ ’ਤੇ ਉਦਯੋਗਾਂ ਨੂੰ ਵਿਸ਼ੇਸ਼ ਰਿਆਇਤਾਂ ਦੇਣ, ਪੰਜਾਬ ਲਈ ਵੱਡੇ ਪ੍ਰੋਜੈਕਟ, ਪਾਕਿਸਤਾਨ ਨਾਲ ਵਪਾਰ ਖੋਲ੍ਹਣ ਸਮੇਤ ਕਈ ਹੋਰ ਅਹਿਮ ਮਸਲੇ ਸ਼ਾਮਲ ਹਨ। ਢੀਂਡਸਾ ਨੇ ਇਸ ਮੁਲਾਕਾਤ ਬਾਰੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੀਆਂ ਮੰਗਾਂ ਨੂੰ ਪੂਰੀ ਸੰਜੀਦਗੀ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਸੰਬੰਧੀ ਹਾਂ-ਪੱਖੀ ਸੰਕੇਤ ਦਿੱਤਾ।

ਢੀਂਡਸਾ ਨੇ ਪ੍ਰਧਾਨ ਮੰਤਰੀ ਵੱਲੋਂ ਕੀਤੇ ਟਵੀਟ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਖੁਦ ਲਿਖਿਆ ਹੈ ਕਿ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨਾਲ ਮੀਟਿੰਗ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਪ੍ਰਧਾਨ ਮੰਤਰੀ ਨੇ ਇਹ ਗੱਲ ਵੀ ਆਖੀ ਕਿ ਪੰਜਾਬ ਦੇ ਵੱਖ-ਵੱਖ ਮੁੱਦਿਆਂ ਬਾਰੇ ਢੀਂਡਸਾ ਦੇ ਵਿਚਾਰ ਸੁਣ ਕੇ ਬਹੁਤ ਵਧੀਆ ਲੱਗਿਆ ਹੈ।

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੇਪਰ ਭਰੇ

ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ  ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਵਿਚਾਰਾਂ ਵਿੱਚੋਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਪ੍ਰਤੀ ਉਨ੍ਹਾਂ ਦਾ ਜਜਬਾ ਝਲਕਦਾ ਹੈ। ਢੀਂਡਸਾ ਨੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੇ ਵੱਖ-ਵੱਖ ਮੁੱਦਿਆਂ ਪ੍ਰਤੀ ਦਿਖਾਈ ਸੰਜੀਦਗੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਗੱਲਬਾਤ ’ਚੋਂ ਉਨ੍ਹਾਂ ਨੂੰ ਪੰਜਾਬ ਖਾਸ ਕਰਕੇ ਸਿੱਖਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਤੇ ਪੰਜਾਬ ਪ੍ਰਤੀ ਉਨ੍ਹਾਂ ਦਾ ਪਿਆਰ ਮਹਿਸੂਸ ਹੋਇਆ ਹੈ। ਉਨ੍ਹਾਂ ਟਵੀਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਵੀ ਕੀਤਾ।

ਇਹ ਵੀ ਪੜ੍ਹੋ : ਭਾਜਪਾ ਗਠਜੋੜ ਦੇ ਉਮੀਦਵਾਰ ਮਨਜੀਤ ਮੰਨਾ ਨੇ ਬਾਬਾ ਬਕਾਲਾ ਤੋਂ ਭਰੇ ਨਾਮਜ਼ਦਗੀ ਪੱਤਰ 

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


 


author

Anuradha

Content Editor

Related News